ਕੇਂਦਰ ਸਰਕਾਰ ਚੀਨ ਨੂੰ ਅਲਟੀਮੇਟਮ ਜਾਰੀ ਕਰੇ: ਅਮਰਿੰਦਰ

ਚੰਡੀਗੜ੍ਹ (ਸਮਾਜਵੀਕਲੀ) :  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਚੀਨ ਨੂੰ ਕਬਜ਼ੇ ਵਾਲੀ ਜ਼ਮੀਨ ਤੁਰੰਤ ਖਾਲੀ ਕਰਵਾਉਣ ਲਈ ਅਲਟੀਮੇਟਮ ਜਾਰੀ ਕਰੇ, ਜਿਸ ਵਿੱਚ ਸਪੱਸ਼ਟ ਚਿਤਾਵਨੀ ਦਿੱਤੀ ਜਾਵੇ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਨ੍ਹਾਂ ਲਈ ਗੰਭੀਰ ਨਤੀਜੇ ਨਿਕਲਣਗੇ।

ਚੰਡੀਗੜ੍ਹ ਦੇ ਹਵਾਈ ਅੱਡੇ ’ਤੇ ਪੱਤਰਕਾਰਾਂ ਨਾਲ ਗੈਰਰਸਮੀ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਅਜਿਹੀ ਕਾਰਵਾਈ ਨਾਲ ਭਾਰਤ ਨੂੰ ਕੁਝ ਸਿੱਟੇ ਭੁਗਤਣੇ ਪੈਣਗੇ ਪਰ ਖੇਤਰੀ ਅਖੰਡਤਾ ਉਪਰ ਅਜਿਹੀ ਘੁਸਪੈਠ ਅਤੇ ਹਮਲੇ ਜਾਰੀ ਰੱਖਣ ਨੂੰ ਹੋਰ ਸਹਿਣ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਨੇ ਇੱਥੇ ਤਿੰਨ ਸੈਨਿਕਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਿਨ੍ਹਾਂ ਦੀਆਂ ਦੇਹਾਂ ਨੂੰ ਗਲਵਾਨ ਵਾਦੀ ਤੋਂ ਲਿਆਂਦਾ ਗਿਆ।

ਸੰਗਰੂਰ ਤੋਂ ਸੈਨਿਕ ਗੁਰਬਿੰਦਰ ਸਿੰਘ, ਮਾਨਸਾ ਤੋਂ ਗੁਰਤੇਜ ਸਿੰਘ ਅਤੇ ਹਮੀਰਪੁਰ (ਹਿਮਾਚਲ ਪ੍ਰਦੇਸ਼) ਤੋਂ ਅੰਕੁਸ਼ ਦੀਆਂ ਦੇਹਾਂ ’ਤੇ ਫੁੱਲ ਮਾਲਾਵਾਂ ਭੇਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕਰਦਿਆਂ ਕਿਹਾ ਕਿ ਮੁਲਕ ਸਦਾ ਉਨ੍ਹਾਂ ਦਾ ਰਿਣੀ ਰਹੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਤਜਰਬੇ ਤੋਂ ਪਤਾ ਲਗਦਾ ਹੈ ਕਿ ਜਦੋਂ ਵੀ ਰੋਹ ਦਾ ਸਾਹਮਣਾ ਹੋਇਆ ਤਾਂ ਚੀਨ ਵਾਲੇ ਹਮੇਸ਼ਾ ਪਿੱਛੇ ਹਟ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀਆਂ ਗਿੱਦੜ ਭਬਕੀਆਂ ਦਾ ਜਵਾਬ ਦੇਣ ਦਾ ਸਮਾਂ ਹੈ ਅਤੇ ਹਰ ਭਾਰਤੀ ਵੀ ਇਹੀ ਚਾਹੁੰਦਾ ਹੈ ਕਿ ਚੀਨ ਨੂੰ ਮੂੰਹ ਤੋੜਵਾਂ ਜਵਾਬ ਦਿੱਤੇ ਜਾਵੇ।

ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਟਵੀਟ ਰਾਹੀਂ ਗਲਵਾਨ ਘਾਟੀ ਦੇ ਮੁੱਦੇ ’ਤੇ ਉਨ੍ਹਾਂ ਉਪਰ ਸਿਆਸਤ ਕਰਨ ਦੇ ਲਾਏ ਦੋਸ਼ ਦਾ ਜਵਾਬ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਕ ਸਾਬਕਾ ਫੌਜੀ ਹੋਣ ਦੇ ਨਾਤੇ ਉਨ੍ਹਾਂ ਨੂੰ ਮਸਲੇ ਬਾਰੇ ਆਪਣੀ ਰਾਏ ਰੱਖਣ ਦਾ ਪੂਰਾ ਅਧਿਕਾਰ ਹੈ।