ਪਬਲੀਕੇਸ਼ਨ ਵਿਭਾਗ ਦਾ ਰਿਕਾਰਡ ਸੀਲ

ਅੰਮ੍ਰਿਤਸਰ (ਸਮਾਜਵੀਕਲੀ) : ਪਬਲੀਕੇਸ਼ਨ ਵਿਭਾਗ ਵਿਚੋਂ ਲਾਪਤਾ ਹੋਏ 267 ਸਰੂਪਾਂ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਅੱਜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ ’ਤੇ ਪਬਲੀਕੇਸ਼ਨ ਵਿਭਾਗ ਦਾ ਇਸ ਮਾਮਲੇ ਨਾਲ ਸਬੰਧਤ ਸਮੁੱਚਾ ਰਿਕਾਰਡ ਸੀਲ ਕਰ ਦਿੱਤਾ ਗਿਆ ਹੈ। ਜਥੇਦਾਰ ਵੱਲੋਂ ਇਹ ਜਾਂਚ ਕਿਸ ਕੋਲੋਂ ਕਰਾਈ ਜਾਣੀ ਹੈ, ਇਸ ਬਾਰੇ ਅਜੇ ਖੁਲਾਸਾ ਨਹੀਂ ਹੋਇਆ।

ਸ਼੍ਰੋਮਣੀ ਕਮੇਟੀ ਨੇ ਬੀਤੇ ਐਤਵਾਰ ਇਸ ਮਾਮਲੇ ਸਬੰਧੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਸੀ, ਜਿਸ ਵਿਚ ਮਾਮਲੇ ਦੀ ਜਾਂਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਖ਼ੁਦ ਕਰਾਉਣ ਦੀ ਅਪੀਲ ਕੀਤੀ ਗਈ ਸੀ। ਅੰਤ੍ਰਿੰਗ ਕਮੇਟੀ ਨੇ ਆਖਿਆ ਸੀ ਕਿ ਮਾਮਲੇ ਦੀ ਜਾਂਚ ਕਿਸੇ ਸਾਬਕਾ ਸਿੱਖ ਸੀਨੀਅਰ ਜੱਜ ਜਾਂ ਹੋਰ ਪ੍ਰਮੁੱਖ ਸ਼ਖ਼ਸੀਅਤ ਕੋਲੋਂ ਕਰਾਈ ਜਾਵੇ। ਇਸ ਸਬੰਧੀ ਮਤਾ ਅਤੇ ਪੱਤਰ ਸ੍ਰੀ ਅਕਾਲ ਤਖ਼ਤ ਨੂੰ ਸੌਂਪ ਦਿੱਤਾ ਗਿਆ ਸੀ।

ਸ਼੍ਰੋਮਣੀ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਦੇ ਆਧਾਰ ’ਤੇ ਅੱਜ ਜਥੇਦਾਰ ਹਰਪ੍ਰੀਤ ਸਿੰਘ ਦੇ ਆਦੇਸ਼ ’ਤੇ ਇਕ ਟੀਮ ਨੇ ਪਬਲੀਕੇਸ਼ਨ ਵਿਭਾਗ ਵਿਚ ਜਾ ਕੇ ਸਮੁੱਚਾ ਰਿਕਾਰਡ ਸੀਲ ਕਰ ਦਿੱਤਾ ਹੈ। ਰਿਕਾਰਡ ਸੀਲ ਕਰਨ ਗਈ ਟੀਮ ਵਿਚ ਜਥੇਦਾਰ ਦੇ ਨਿੱਜੀ ਸਕੱਤਰ ਜਸਪਾਲ ਸਿੰਘ, ਸ੍ਰੀ ਅਕਾਲ ਤਖ਼ਤ ਦੇ ਵਧੀਕ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਰਿਕਾਰਡ ਕੀਪਰ ਅਤੇ ਪਬਲੀਕੇਸ਼ਨ ਵਿਭਾਗ ਦੇ ਤਬਦੀਲ ਕੀਤੇ ਕੁਝ ਕਰਮਚਾਰੀ ਸ਼ਾਮਲ ਸਨ।

ਇਸ ਕਾਰਵਾਈ ਦੀ ਪੁਸ਼ਟੀ ਕਰਦਿਆਂ ਨਿੱਜੀ ਸਕੱਤਰ ਜਸਪਾਲ ਸਿੰਘ ਨੇ ਦੱਸਿਆ ਕਿ 2015 ਤੋਂ ਬਾਅਦ ਦੇ ਸਮੁੱਚੇ ਰਿਕਾਰਡ ਨੂੰ ਇਕ ਅਲਮਾਰੀ ਵਿਚ ਸੀਲ ਕਰ ਦਿੱਤਾ ਗਿਆ ਹੈ ਅਤੇ ਜਿਸ ਕਮਰੇ ਵਿਚ ਇਹ ਅਲਮਾਰੀ ਰੱਖੀ ਹੈ, ਉਹ ਕਮਰਾ ਵੀ ਤਾਲਾ ਲਾ ਕੇ ਬੰਦ ਕਰ ਦਿੱਤਾ ਗਿਆ ਹੈ। ਇਹ ਰਿਕਾਰਡ ਜਾਂਚ ਲਈ ਐਲਾਨੀ ਜਾਣ ਵਾਲੀ ਟੀਮ ਨੂੰ ਸੌਂਪਿਆ ਜਾਵੇਗਾ। ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਇਸ ਮਾਮਲੇ ਦੀ ਜਾਂਚ ਕਰਾਉਣ ਲਈ ਖੁੱਲ੍ਹ ਦਿੱਤੀ ਹੈ ਪਰ ਫ਼ਿਲਹਾਲ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਾਂਚ ਕਮੇਟੀ ਦਾ ਐਲਾਨ ਨਹੀਂ ਕੀਤਾ ਗਿਆ।

ਸੂਤਰਾਂ ਅਨੁਸਾਰ ਅੱਜ-ਕੱਲ੍ਹ ਤਕ ਜਾਂਚ ਟੀਮ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਸ਼੍ਰੋਮਣੀ ਕਮੇਟੀ ਦੇ ਇਤਿਹਾਸ ਵਿਚ ਸ਼ਾਇਦ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਕਿਸੇ ਅੰਦਰੂਨੀ ਮਾਮਲੇ ਦੀ ਜਾਂਚ ਕਿਸੇ ਬਾਹਰੀ ਵਿਅਕਤੀ ਕੋਲੋਂ ਕਰਵਾਈ ਜਾਵੇਗੀ। ਇੱਥੇ ਦੱਸਣਯੋਗ ਹੈ ਕਿ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਦੋਸ਼ ਲਾਇਆ ਸੀ ਕਿ ਪਬਲੀਕੇਸ਼ਨ ਵਿਭਾਗ ਦੇ ਰਿਕਾਰਡ ਵਿਚੋਂ 267 ਸਰੂਪ ਲਾਪਤਾ ਹਨ, ਜਿਨ੍ਹਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ।