ਪੀ.ਡੀ.ਐਸ. ਵੰਡ ‘ਚ ਕਿਸੇ ਤਰ੍ਹਾਂ ਦੀ ਹੇਰਾ-ਫੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਭਾਰਤ ਭੂਸ਼ਣ ਆਸ਼ੂ

ਗੜਬੜੀ ਕਰਨ ਵਾਲੇ ਡਿਪੂ ਹੋਲਡਰ ਅਤੇ ਇੰਸਪੈਕਟਰ ਬਖਸ਼ੇ ਨਹੀਂ ਜਾਣਗੇ,  ਸਮਾਰਟ ਰਾਸ਼ਨ ਕਾਰਡ ਬਣਾਉਣ ਅਤੇ ਵੰਡ ਸਬੰਧੀ ਪ੍ਰੀਕ੍ਰਿਆ 30 ਸਤੰਬਰ ਤੱਕ ਕਰ ਲਈ ਜਾਵੇਗੀ ਮੁਕੰਮਲ

ਚੰਡੀਗੜ੍ਹ ਨਕੋੋੋਦਰ (ਹਰਜਿੰਦਰ ਛਾਬੜਾ)ਪਤਰਕਾਰ 9592282333

(ਸਮਾਜਵੀਕਲੀ) : ਖੁਰਾਕ ਸੁਰੱਖਿਆ ਸਬੰਧੀ ਮੁੱਖ ਮੰਤਰੀ ਪੰਜਾਬ ਵੱਲੋਂ ਗਠਿਤ ਮੰਤਰੀਆਂ ਦੇ ਸਲਾਹਕਾਰ ਗਰੁੱਪ ਦੀ ਮੀਟਿੰਗ ਅੱਜ ਇਥੇ ਅਨਾਜ ਭਵਨ ਸੈਕਟਰ 39 ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਕਰਦਿਆਂ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ  ਕੁਝ ਲੋਕਾਂ ਵੱਲੋਂ ਗਲਤ ਜਾਣਕਾਰੀ ਦੇ ਕੇ ਪੀ.ਡੀ.ਐਸ. (ਜਨਤਕ ਵੰਡ ਪ੍ਰਣਾਲੀ) ਯੋਜਨਾ ਦਾ ਲਾਭ ਲਿਆ ਜਾ ਰਿਹਾ ਹੈ , ਜੋ ਕਿ ਸਰਕਾਰ ਦੇ ਨਿਯਮਾਂ ਦੇ ਉਲਟ ਹੈ।

ਉਨ੍ਹਾਂ ਕਿਹਾ ਕਿ ਪੀ.ਡੀ. ਐਸ. ਵੰਡ ਵਿੱਚ ਕਿਸੇ ਤਰ੍ਹਾਂ ਦੀ ਹੇਰਾ-ਫੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਪ੍ਰਣਾਲੀ ਵਿੱਚ ਗੜਬੜੀ ਕਰਨ ਵਾਲੇ ਡਿਪੂ ਹੋਲਡਰ ਅਤੇ ਇੰਸਪੈਕਟਰ ਬਖਸ਼ੇ ਨਹੀਂ ਜਾਣਗੇ। ਇਸ ਦੇ ਨਾਲ ਹੀ ਗਲਤ ਜਾਣਕਾਰੀ ਦੇ ਕੇ ਪੀ.ਡੀ.ਐਸ. ਯੋਜਨਾ ਦਾ ਲਾਭ ਲੈਣ ਵਾਲੇ ਲੋਕਾਂ ਖਿਲਾਫ਼ ਵੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਿਪ ਵਾਲਾ ਰਾਸ਼ਨ ਕਾਰਡ ਬਣਾਕੇ ਦੇਣ ਦੀ ਯੋਜਨਾ ਅਧੀਨ ਰਾਜ ਵਿੱਚ ਯੋਗ ਲਾਭਪਾਤਰੀਆਂ ਦੇ ਸਮਾਰਟ ਰਾਸ਼ਨ ਕਾਰਡ (ਚਿਪ ਵਾਲਾ) ਬਣਾਉਣ ਸਬੰਧੀ ਟੈਂਡਰ ਪ੍ਰੀਕ੍ਰਿਆ ਮੁਕੰਮਲ ਹੋ ਗਈ ਹੈ ਅਤੇ ਇਹ ਸਮਾਰਟ ਕਾਰਡ ਬਣਾਉਣ ਅਤੇ ਇਨ੍ਹਾਂ ਦੀ ਵੰਡ ਸਬੰਧੀ ਪ੍ਰੀਕਿਰਿਆ 30 ਸਤੰਬਰ, 2020 ਤੱਕ ਮੁਕੰਮਲ ਕਰ ਲਈ ਜਾਵੇਗੀ। ਇਸ ਮੌਕੇ ਸਲਾਹਕਾਰ ਗਰੁੱਪ ਵੱਲੋਂ ਸਮਾਰਟ ਰਾਸ਼ਨ ਕਾਰਡ ਦੇ ਡਿਜ਼ਾਈਨ ਨੂੰ ਪ੍ਰਵਾਨਗੀ ਵੀ ਦਿੱਤੀ ਗਈ।

ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ, ਵਿਭਾਗ ਸ਼੍ਰੀਮਤੀ ਅਨਨਿੰਦਤਾ ਮਿੱਤਰਾ ਨੇ ਇਸ ਮੌਕੇ ਸਲਾਹਕਾਰ ਗਰੁਪ ਨੂੰ ਲਾਕਡਾਊਨ ਦੌਰਾਨ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੰਜਾਬ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ ਅਨਾਜ ਦੀ ਵੰਡ ਬਾਰੇ ਜਾਣੂੰ ਕਰਵਾਇਆ ਅਤੇ ਅਗਾਮੀ ਵੰਡ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਦਿੱਤੀ, ਜਿਸ ‘ਤੇ ਸਲਾਹਕਾਰ ਗਰੁੱਪ ਨੇ ਵਿਭਾਗ ਵੱਲੋਂ ਕੀਤੀ ਪੁਖਤਾ ਵੰਡ ਦੀ ਭਰਪੂਰ ਸ਼ਲਾਘਾ ਕੀਤੀ।

ਸਮਾਰਟ ਕਾਰਡ ਬਣਾਉਣ ਸਬੰਧੀ ਠੇਕਾ ਹਾਸਲ ਕਰਨ ਵਾਲੀ ਕੰਪਨੀ ਦੇ ਅਧਿਕਾਰੀਆਂ ਵੱਲੋਂ ਚਿਪ ਵਾਲੇ ਸਮਾਰਟ ਕਾਰਡ ਸਬੰਧੀ ਪੇਸ਼ਕਾਰੀ ਦਿੰਦਿਆਂ ਦੱਸਿਆ ਗਿਆ ਕਿ ਕੰਪਨੀ ਵੱਲੋਂ ਕਾਰਡਧਾਰਕਾਂ ਦੀ ਜਾਣਕਾਰੀ ਪੂਰੀ ਤਰ੍ਹਾਂ ਸੁਰੱਖਿਅਤ ਰੱਖੀ ਜਾਂਦੀ ਹੈ, ਜਿਸ ਨੂੰ ਕੋਈ ਚੋਰੀ ਨਹੀਂ ਕਰ ਸਕਦਾ। ਉਨ੍ਹਾਂ ਦੱਸਿਆ ਕਿ ਕੰਪਨੀ ਰੋਜ਼ਾਨਾ ਘੱਟੋ-ਘੱਟ 65 ਹਜ਼ਾਰ ਸਮਾਰਟ ਕਾਰਡ ਬਣਾ ਕੇ ਵਿਭਾਗ ਨੂੰ ਦੇਵੇਗੀ। ਕੰਪਨੀ ਦੇ ਨੁਮਾਇੰਦਿਆਂ ਨੇ ਇਸ ਮੌਕੇ ਸਲਾਹਕਾਰ ਗਰੁੱਪ ਦੀਆਂ ਸਮਾਰਟ ਕਾਰਡ ਸਬੰਧੀ ਸ਼ੰਕਾਵਾਂ ਨੂੰ ਵੀ ਦੂਰ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਕਾਰਡ ਬਣਾਉਣ ਸਬੰਧੀ ਡੇਟਾ ਪ੍ਰਾਪਤ ਹੋਣ ‘ਤੇ ਤੀਸਰੇ ਦਿਨ ਸਬੰਧਤ ਇਲਾਕੇ ਤੇ ਦਫ਼ਤਰ ਵਿੱਚ ਕਾਰਡ ਬਣ ਕੇ ਪਹੁੰਚ ਜਾਣਗੇ।