ਪ੍ਰੋ. ਭੁੱਲਰ ਮਾਮਲਾ: ਸਿੱਖ ਜਥੇਬੰਦੀਆਂ ’ਚ ਆਮ ਆਦਮੀ ਪਾਰਟੀ ਖ਼ਿਲਾਫ਼ ਰੋਹ

ਅੰਮ੍ਰਿਤਸਰ, (ਸਮਾਜ ਵੀਕਲੀ):  ਸਿੱਖ ਬੰਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ ਤੇ ‘ਆਪ’ ਸਿੱਖ ਜਥੇਬੰਦੀਆਂ ਦੇ ਨਿਸ਼ਾਨੇ ’ਤੇ ਹੈ। ਅੱਜ ਇੱਥੇ ਸਿੱਖ ਨੁਮਾਇੰਦਿਆਂ ਅਤੇ ਪ੍ਰੋ. ਭੁੱਲਰ ਦੀ ਪਤਨੀ ਨਵਨੀਤ ਕੌਰ ਭੁੱਲਰ ਦੀ ਹਾਜ਼ਰੀ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪ੍ਰੋ. ਭੁੱਲਰ ਦੀ ਰਿਹਾਈ ਨੂੰ ਪ੍ਰਵਾਨਗੀ ਦੇਣ ਲਈ 26 ਜਨਵਰੀ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ। ਇਸ ਤੋਂ ਬਾਅਦ ‘ਆਪ’ ਉਮੀਦਵਾਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਹ ਮਾਮਲਾ ਸ੍ਰੀ ਅਕਾਲ ਤਖ਼ਤ ’ਤੇ ਵੀ ਪੁੱਜਾ ਹੈ। ਸਿੱਖ ਜਥੇਬੰਦੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ‘ਆਪ’ ਉਮੀਦਵਾਰਾਂ ਦੇ ਬਾਈਕਾਟ ਦਾ ਵੀ ਐਲਾਨ ਕਰ ਚੁੱਕੀਆਂ ਹਨ।

ਇੱਥੇ ਨਵਨੀਤ ਕੌਰ ਭੁੱਲਰ, ਸਰਵਣ ਸਿੰਘ ਅਗਵਾਨ, ਅਕਾਲ ਫੈੱਡਰੇਸ਼ਨ ਦੇ ਨਰੈਣ ਸਿੰਘ ਚੌੜਾ, ਰਣਜੀਤ ਸਿੰਘ ਬੱਗਾ ਤੇ ਹੋਰਨਾਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੋਸ਼ ਲਾਇਆ ਕਿ ਕਾਨੂੰਨੀ ਅੜਿੱਕੇ ਖ਼ਤਮ ਹੋਣ ਦੇ ਬਾਵਜੂਦ ਦਿੱਲੀ ਦੀ ਸਰਕਾਰ ਵੱਲੋਂ ਪ੍ਰੋ. ਭੁੱਲਰ ਦੀ ਰਿਹਾਈ ਲਈ ਪ੍ਰਵਾਨਗੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਵੀ ਕੀਤਾ ਗਿਆ ਸੀ ਜਿਸ ਵਿੱਚ ਪ੍ਰੋ. ਭੁੱਲਰ ਦਾ ਨਾਂ ਵੀ ਸ਼ਾਮਲ ਸੀ। ਇਸ ਦੇ ਬਾਵਜੂਦ ਕੇਜਰੀਵਾਲ ਸਰਕਾਰ ਦਾ ਰਵੱਈਆ ਉਸ ਦੀ    ਰਿਹਾਈ ਵਿਚ ਅੜਿੱਕਾ ਬਣਿਆ ਹੋਇਆ ਹੈ। ਸਿੱਖ ਨੁਮਾਇੰਦਿਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ 26 ਜਨਵਰੀ ਤੱਕ ਕੇਜਰੀਵਾਲ ਸਰਕਾਰ ਨੇ ਉਸ ਦੀ ਰਿਹਾਈ ਦੀ ਫਾਈਲ ’ਤੇ ਪ੍ਰਵਾਨਗੀ ਦੀ ਮੋਹਰ ਨਾ ਲਾਈ ਤਾਂ ‘ਆਪ’ ਉਮੀਦਵਾਰਾਂ ਦਾ ਪੰਜਾਬ ਵਿਚ ਸਿੱਖ ਜਥੇਬੰਦੀਆਂ ਵੱਲੋਂ ਘਿਰਾਓ ਕੀਤਾ ਜਾਵੇਗਾ।

ਇਸੇ ਦੌਰਾਨ ਸਿੱਖ ਯੂਥ ਆਫ਼ ਪੰਜਾਬ ਸਣੇ ਸਿੱਖ ਯੂਥ ਫੈੱਡਰੇਸ਼ਨ ਭਿੰਡਰਾਂਵਾਲਾ, ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਆਦਿ ਦੇ ਆਗੂਆਂ ਨੇ ਮੀਟਿੰਗ ਕਰ ਕੇ ਫ਼ੈਸਲਾ ਕੀਤਾ ਹੈ ਕਿ 26 ਜਨਵਰੀ ਗਣਤੰਤਰ ਦਿਵਸ ਨੂੰ ਕਾਲੇ ਦਿਵਸ ਵਜੋਂ ਮਨਾਇਆ ਜਾਵੇਗਾ। ਇਸ ਦਿਨ ਅੰਮ੍ਰਿਤਸਰ ਵਿੱਚ ਰੋਸ ਮਾਰਚ ਕੱਢਿਆ ਜਾਵੇਗਾ।

ਕੇਂਦਰ ਆਪਣੇ ਪੱਧਰ ’ਤੇ ਵੀ ਕਰ ਸਕਦੈ ਰਿਹਾਈ: ਚੌੜਾ

ਸਿੱਖ ਆਗੂ ਨਰਾਇਣ ਸਿੰਘ ਚੌੜਾ ਨੇ ਕਿਹਾ ਕਿ ਇਸ ਮਾਮਲੇ ਵਿਚ ਭਾਜਪਾ ਦੀ ਕੇਂਦਰ ਸਰਕਾਰ ਸੰਵਿਧਾਨ ਦੀ ਵਰਤੋਂ ਕਰਦਿਆਂ ਆਪਣੇ ਤੌਰ ’ਤੇ ਵੀ ਪ੍ਰੋ. ਭੁੱਲਰ ਦੀ ਰਿਹਾਈ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇ ਭਾਜਪਾ ਨੇ ਵੀ ਰਿਹਾਈ ਲਈ ਕੁਝ ਨਾ ਕੀਤਾ ਤਾਂ ਭਾਜਪਾ ਉਮੀਦਵਾਰਾਂ ਦਾ ਵੀ ਵਿਰੋਧ ਕੀਤਾ ਜਾਵੇਗਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly