ਪੰਜਾਬ ’ਚ ‘ਲੋਕਾਂ ਦੀ ਸਰਕਾਰ’ ਨਾ ਹੋਣ ਦਾ ਅਹਿਸਾਸ ਦੂਰ ਹੋਣਾ ਚਾਹੀਦੈ: ਜਾਖੜ

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਪਾਰਟੀ ਵਰਕਰਾਂ ਦੇ ਗਿਲੇ ਸ਼ਿਕਵਿਆਂ ਤੋਂ ਇੱਕ ਗੱਲ ਜ਼ਾਹਿਰ ਹੁੰਦੀ ਹੈ ਕਿ ਸੂਬੇ ਵਿੱਚ ‘ਲੋਕਾਂ ਦੀ ਸਰਕਾਰ’ ਹੋਣ ਦਾ ਅਹਿਸਾਸ ਨਹੀਂ ਹੋ ਰਿਹਾ ਹੈ। ਅੱਜ ਇੱਥੇ ‘ਪੰਜਾਬੀ ਟ੍ਰਿਬਿਊਨ’ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜਲੰਧਰ ’ਚ ਵਰਕਰਾਂ ਦੀ ਮੀਟਿੰਗ ਦੌਰਾਨ ਜੋ ਤੱਥ ਸਾਹਮਣੇ ਆਏ ਹਨ, ਉਸ ਤੋਂ ਇਹੀ ਜਾਪਦਾ ਹੈ ਕਿ ਲੋਕਾਂ ਦੇ ਮਸਲੇ ਹੱਲ ਨਹੀਂ ਹੋ ਰਹੇ ਅਤੇ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਉਨ੍ਹਾਂ ਕਿਹਾ ਕਿ ਜਮਹੂਰੀਅਤ ਵਿੱਚ ਲੋਕਾਂ ਨੂੰ ‘ਆਪਣੀ ਚੁਣੀ ਹੋਈ ਸਰਕਾਰ’ ਹੋਣ ਦਾ ਅਹਿਸਾਸ ਹੋਣਾ ਬੇਹੱਦ ਜ਼ਰੂਰੀ ਹੈ। ਕਾਂਗਰਸ ਆਗੂ ਨੇ ਕਿਹਾ ਕਿ ਭ੍ਰਿਸ਼ਟਾਚਾਰ, ਨਸ਼ਿਆਂ ਦੀ ਸਮਗਲਿੰਗ ਅਤੇ ਗੈਂਗਸਟਰਾਂ ਦੇ ਮਾਮਲੇ ’ਤੇ ‘ਜ਼ੀਰੋ ਟੌਲਰੈਂਸ’ ਦੀ ਨੀਤੀ ਹੋਣੀ ਚਾਹੀਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦਾ ਕੋਈ ਵੀ ਨੇਤਾ ਗੈਂਗਸਟਰਾਂ ਨੂੰ ਸਰਪ੍ਰਸਤੀ ਨਹੀਂ ਦਿੰਦਾ। ਉਨ੍ਹਾਂ ਕਿਹਾ,‘‘ਇਹ ਸੱਭਿਆਚਾਰ ਅਕਾਲੀ ਦਲ ਦਾ ਹੈ ਅਤੇ ਕਾਂਗਰਸ ਦੇ ਨੇਤਾ ਹਮੇਸ਼ਾ ਸਮਾਜ ਵਿਰੋਧੀ ਅਨਸਰਾਂ ਤੋਂ ਦੂਰ ਹੀ ਰਹੇ ਹਨ।’’ ਉਨ੍ਹਾਂ ਕਿਹਾ ਕਿ ਜਲੰਧਰ ਤੋਂ ਬਾਅਦ ਹੁਣ ਹੋਰਨਾਂ ਸ਼ਹਿਰਾਂ ਵਿੱਚ ਵੀ ਲੋਕਾਂ ਦੇ ਗਿਲੇ ਸ਼ਿਕਵੇ ਸੁਣੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਫਸਰਸ਼ਾਹੀ ਦਾ ਬੋਲਬਾਲਾ ਹੋਣ ਕਰਕੇ ਪ੍ਰਸ਼ਾਸਨ ਲੋਕਾਂ ਦੀ ਪਹੁੰਚ ਤੋਂ ਬਾਹਰ ਹੈ। ਸ੍ਰੀ ਜਾਖੜ ਨੇ ਕਿਹਾ ਕਿ ਜਲੰਧਰ ਵਿੱਚ ਲੋਕਾਂ ਨੇ ਆਪਣਾ ਦਰਦ ਕਾਂਗਰਸ ਆਗੂਆਂ ਸਾਹਮਣੇ ਰੱਖਿਆ ਹੈ ਤਾਂ ਜੋ ਇਸ ਦਰਦ ਨੂੰ ਢੁਕਵੀਂ ਥਾਂ ’ਤੇ ਪਹੁੰਚਾਇਆ ਜਾਵੇ। ਚੇਤੇ ਰਹੇ ਕਿ ਜਲੰਧਰ ’ਚ ਪ੍ਰਦੇਸ਼ ਕਾਂਗਰਸ ਪ੍ਰਧਾਨ ਵੱਲੋਂ ਕੀਤੀ ਮੀਟਿੰਗ ਦੌਰਾਨ ਕਾਂਗਰਸ ਵਰਕਰਾਂ ਨੇ ਸਰਕਾਰ ਵੱਲੋਂ ਟਰਾਂਸਪੋਰਟ, ਕੇਬਲ, ਰੇਤ ਅਤੇ ਹੋਰ ਮਾਫ਼ੀਆ ਖਿਲਾਫ਼ ਕਾਰਵਾਈ ਨਾ ਕਰਨ ’ਤੇ ਖੁੱਲ੍ਹ ਕੇ ਗੁੱਸਾ ਕੱਢਿਆ ਸੀ। ਬੇਅਦਬੀ ਮਾਮਲੇ ’ਤੇ ਕਾਰਵਾਈ ਨਾ ਹੋਣ ਦੇ ਦੋਸ਼ਾਂ ਦੇ ਜਵਾਬ ਵਿੱਚ ਸੁਨੀਲ ਜਾਖੜ ਨੇ ਕਿਹਾ ਕਿ ਕਿਸੇ ਵੀ ਮਾਮਲੇ ਵਿੱਚ ਕਾਰਵਾਈ ਮੁਕੰਮਲ ਤਫ਼ਤੀਸ਼ ਅਤੇ ਨਿਆਂ ਪ੍ਰਣਾਲੀ ਦੇ ਵਿਧੀ ਵਿਧਾਨ ਮੁਤਾਬਕ ਹੀ ਹੋਣੀ ਚਾਹੀਦੀ ਹੈ। ਇਸ ਲਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਖਿਲਾਫ਼ ਵੀ ਕਾਨੂੰਨੀ ਤੇ ਨਿਆਂ ਪ੍ਰਣਾਲੀ ਤਹਿਤ ਜ਼ਰੂਰ ਕਾਰਵਾਈ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਕਾਬੂ ਹੇਠ ਹੈ। ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਚਾਰ ਬਾਗੀ ਵਿਧਾਇਕਾਂ ਵੱਲੋਂ ਅਖ਼ਤਿਆਰ ਕੀਤੇ ਗਏ ਰੁਖ਼ ਬਾਰੇ ਸ੍ਰੀ ਜਾਖੜ ਨੇ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਵਿਧਾਇਕਾਂ ਦੇ ਗਿਲੇ ਦੂਰ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਬੰਧਤ ਅਫ਼ਸਰਾਂ ਖਿਲਾਫ਼ ਕਾਰਵਾਈ ਕੀਤੀ ਗਈ ਹੈ ਅਤੇ ਵਿਕਾਸ ਕਾਰਜਾਂ ਲਈ ਸਰਕਾਰ ਵੱਲੋਂ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ।