ਲੇਖਕ ਤੇ ਕੁਮੈਂਟੇਟਰ ਦੀ ਜੇਲ੍ਹ ’ਚ ਮੌਤ ਖ਼ਿਲਾਫ਼ ਪ੍ਰਦਰਸ਼ਨ

ਢਾਕਾ (ਸਮਾਜ ਵੀਕਲੀ) : ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਭੀੜ ਭੜੱਕੇ ਵਾਲੇ ਚੌਕ ਵਿੱਚ ਪ੍ਰਦਰਸ਼ਨਕਾਰੀਆਂ ਨੇ ਲੇਖਕ ਤੇ ਕੁਮੈਂਟੇਟਰ ਮੁਸ਼ਤਾਕ ਅਹਿਮਦ (53) ਦੀ ਜੇਲ੍ਹ ਵਿੱਚ ਹੋਈ ਮੌਤ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਅਹਿਮਦ, ਜਿਸ ਦੀ ਲੰਘੇ ਦਿਨ ਜੇਲ੍ਹ ਵਿੱਚ ਮੌਤ ਹੋ ਗਈ ਸੀ, ਨੂੰ ਡਿਜੀਟਲ ਸੁਰੱਖਿਆ ਕਾਨੂੰਨ ਦੀ ਉਲੰਘਣਾ ਦੇ ਦੋਸ਼ ਵਿੱਚ ਪਿਛਲੇ ਸਾਲ ਮਈ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਆਲੋਚਕਾਂ ਨੇ ਅਹਿਮਦ ਦੀ ਗ੍ਰਿਫ਼ਤਾਰੀ ਨੂੰ ਪ੍ਰਗਟਾਵੇ ਦੀ ਅਜ਼ਾਦੀ ’ਤੇ ਹਮਲਾ ਕਰਾਰ ਦਿੱਤਾ ਸੀ। ਮੁਸ਼ਤਾਕ ਨੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਕਰੋਨਾ ਮਹਾਮਾਰੀ ਨਾਲ ਨਜਿੱਠਣ ਦੇ ਢੰਗ ਤਰੀਕੇ ਦੀ ਸੋਸ਼ਲ ਮੀਡੀਆ ’ਤੇ ਨੁਕਤਾਚੀਨੀ ਕੀਤੀ ਸੀ। ਮੁਸ਼ਤਾਕ ਨੂੰ ਘੱਟੋ ਘੱਟ ਛੇ ਵਾਰ ਜ਼ਮਾਨਤ ਦੇਣ ਤੋਂ ਇਨਕਾਰ ਕੀਤਾ ਗਿਆ ਸੀ। ਅਹਿਮਦ ਦੀ ਮੌਤ ਦੇ ਕਾਰਨਾਂ ਬਾਰੇ ਕੁਝ ਵੀ ਸਪਸ਼ਟ ਨਹੀਂ ਹੈ। ਗ੍ਰਹਿ ਮੰਤਰੀ ਅਸਦੂਜ਼ਮਾਨ ਨੇ ਕਿਹਾ ਕਿ ਜਾਂਚ ਜਾਰੀ ਹੈ।