ਲੌਂਗੋਵਾਲ ਨੇ ਪ੍ਰਸ਼ਾਦ ਵਰਤਾਉਣ ਦੀ ਪ੍ਰਵਾਨਗੀ ਲਈ ਮੋਦੀ ਨੂੰ ਪੱਤਰ ਲਿਖਿਆ

ਚੰਡੀਗੜ੍ਹ (ਸਮਾਜਵੀਕਲੀ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਗੁਰੂ ਘਰਾਂ ਵਿੱਚ ਪ੍ਰਸ਼ਾਦ ਅਤੇ ਲੰਗਰ ਵਰਤਾਉਣ ਦੀ ਪ੍ਰਵਾਨਗੀ ਦਿੱਤੀ ਜਾਵੇ ਅਤੇ ਇਨ੍ਹਾਂ ਨੂੰ ਕੋਵਿਡ ਪ੍ਰੋਟੋਕੋਲ ਦੇ ਦਾਇਰੇ ’ਚੋਂ ਬਾਹਰ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਦ ਅਤੇ ਲੰਗਰ ਵਰਤਾਉਣਾ ਸਿੱਖ ਮਰਿਯਾਦਾ ਦਾ ਹਿੱਸਾ ਹੈ।

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਵਿਖੇ ਹੋਈ ਇਕੱਤਰਤਾ ਮਗਰੋਂ ਸ੍ਰੀ ਲੌਂਗੋਵਾਲ ਨੇ ਕਿਹਾ ਕਿ ਉਹ ਕੇਂਦਰ ਦੇ ਹੁੰਗਾਰੇ ਦੀ ਉਡੀਕ ਕਰਨਗੇ। ਉਨ੍ਹਾਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਖਾਲਿਸਤਾਨ ਦੇ ਮੁੱਦੇ ’ਤੇ ਕੀਤੀ ਹਮਾਇਤ ਦੇ ਮਾਮਲੇ ਵਿੱਚ ਚੁੱਪੀ ਸਾਧ ਲਈ ਅਤੇ ਕੋਈ ਟਿੱਪਣੀ ਕਰਨ ਤੋਂ ਪਾਸਾ ਵੱਟਿਆ। ਇਸ ਮੌਕੇ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਵਿੱਦਿਅਕ ਅਦਾਰਿਆਂ ਅਤੇ ਸੰਸਥਾ ਨਾਲ ਸਬੰਧਤ ਹੋਰ ਸ਼ਾਖਾਵਾਂ ਦੇ 30 ਸਤੰਬਰ 2020 ਤੱਕ ਦੇ ਹੋਣ ਵਾਲੇ ਖ਼ਰਚਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ ਨਾ ਹੋ ਸਕਣ ਕਾਰਨ 1 ਜੁਲਾਈ ਤੋਂ 30 ਸਤੰਬਰ ਤੱਕ ਦੇ ਖ਼ਰਚਿਆਂ ਨੂੰ ਪ੍ਰਵਾਨਗੀ ਦਿੱਤੀ ਗਈ।

ਇਸ ਮੌਕੇ ਸ੍ਰੀ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਸਬੰਧੀ 15 ਨਵੰਬਰ ਨੂੰ ਅਕਾਲ ਤਖ਼ਤ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮੁੱਖ ਸਮਾਗਮ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਦੇ ਇਤਿਹਾਸਕ ਪਿਛੋਕੜ, ਵਿਕਾਸ, ਯੋਗਦਾਨ ਅਤੇ ਪ੍ਰਾਪਤੀਆਂ ਬਾਰੇ ਦਸਤਾਵੇਜ਼ੀ ਫ਼ਿਲਮ ਤੇ ਪੁਸਤਕਾਂ ਛਾਪਣ ਤੋਂ ਇਲਾਵਾ ਸੈਮੀਨਾਰ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਕੌਮਾਂਤਰੀ ਪੱਧਰ ’ਤੇ ਮਨਾਉਣ ਦਾ ਫ਼ੈਸਲਾ ਵੀ ਕੀਤਾ ਗਿਆ ਹੈ।

ਇਸੇ ਤਰ੍ਹਾਂ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਦਾ 400 ਸਾਲਾਂ ਪ੍ਰਕਾਸ਼ ਪੁਰਬ ਵੀ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ, ਜਿਸ ਸਬੰਧੀ ਮੁੱਖ ਸਮਾਗਮ ਅੰਮ੍ਰਿਤਸਰ ਵਿੱਚ 1 ਮਈ 2021 ਨੂੰ ਹੋਵੇਗਾ। ਸ਼ਤਾਬਦੀਆਂ ਲਈ ਉੱਚ ਤਾਕਤੀ ਸਬ-ਕਮੇਟੀਆਂ ਜਲਦੀ ਬਣਾਈਆਂ ਜਾਣਗੀਆਂ। ਇਸ ਮੌਕੇ ਫ਼ੈਸਲਾ ਹੋਇਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਿਆਂ ’ਚ ਇੱਕ-ਇੱਕ ਏਕੜ ’ਚ ਵਿਰਾਸਤੀ ਦਰੱਖ਼ਤ ਲਾਏ ਜਾਣਗੇ।