ਸੁਪਰੀਮ ਕੋਰਟ ਵੱਲੋਂ ਮਦਰਾਸ ਹਾਈ ਕੋਰਟ ਦੀਆਂ ਟਿੱਪਣੀਆਂ ਹਟਾਉਣ ਤੋਂ ਇਨਕਾਰ

 

  • ਮੀਡੀਆ ਨੂੰ ਅਦਾਲਤੀ ਕਾਰਵਾਈ ਦੀ ਰਿਪੋਰਟਿੰਗ ਕਰਨ ਤੋਂ ਰੋਕਣ ਵਾਲੀ ਅਪੀਲ ਵੀ ਰੱਦ

ਨਵੀਂ ਦਿੱਲੀ (ਸਮਾਜ ਵੀਕਲੀ): ਸੁਪਰੀਮ ਕੋਰਟ ਨੇ ਦੇਸ਼ ’ਚ ਕੋਵਿਡ-19 ਦੇ ਕੇਸ ਵਧਣ ਲਈ ਚੋਣ ਕਮਿਸ਼ਨ ਨੂੰ ਜ਼ਿੰਮੇਵਾਰ ਠਹਿਰਾਉਣ ਵਾਲੀ ਮਦਰਾਸ ਹਾਈ ਕੋਰਟ ਦੀਆਂ ਟਿੱਪਣੀਆਂ ਹਟਾਉਣ ਤੋਂ ਅੱਜ ਇਨਕਾਰ ਕਰ ਦਿੱਤਾ ਅਤੇ ਨਾਲ ਹੀ ਮੀਡੀਆ ਨੂੰ ਕਾਨੂੰਨੀ ਕਾਰਵਾਈ ਦੌਰਾਨ ਕੀਤੀਆਂ ਜਾਣ ਟਿੱਪਣੀਆਂ ਦੀ ਰਿਪੋਰਟਿੰਗ ਕਰਨ ਤੋਂ ਰੋਕਣ ਸਬੰਧੀ ਅਪੀਲ ਵੀ ਰੱਦ ਕਰ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਇਹ ਇੱਕ ਪਿਛਾਂਹਖਿੱਚੂ ਕਦਮ ਹੋਵੇਗਾ।

ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਐੱਮਆਰ ਸ਼ਾਹ ਦੇ ਬੈਂਚ ਨੇ ਹਾਲਾਂਕਿ ਮੰਨਿਆ ਕਿ ਹਾਈ ਕੋਰਟ ਦੀਆਂ ਟਿੱਪਣੀਆਂ ਸਖਤ ਸਨ ਪਰ ਉਨ੍ਹਾਂ ਟਿੱਪਣੀਆਂ ਹਟਾਉਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਨਿਆਂਇਕ ਹੁਕਮ ਦਾ ਹਿੱਸਾ ਨਹੀਂ ਹਨ। ਬੈਂਚ ਨੇ ਕਿਹਾ ਕਿ ਮੀਡੀਆ ਨੂੰ ਅਦਾਲਤ ਦੀ ਕਾਰਵਾਈ ਦੀ ਰਿਪੋਰਟਿੰਗ ਕਰਨ ਦਾ ਅਧਿਕਾਰ ਹੈ। ਉਨ੍ਹਾਂ ਕਿਹਾ, ‘ਬਿਨਾਂ ਸੋਚੇ ਸਮਝੇ ਕੀਤੀਆਂ ਗਈਆਂ ਟਿੱਪਣੀਆਂ ਦੀ ਗਲਤ ਵਿਆਖਿਆ ਕੀਤੇ ਜਾਣ ਦਾ ਖਦਸ਼ਾ ਹੁੰਦਾ ਹੈ।’

ਸੁਪਰੀਮ ਕੋਰਟ ਨੇ ਕੋਵਿਡ-19 ਦੌਰਾਨ ਸ਼ਲਾਘਾਯੋਗ ਕੰਮ ਕਰਨ ਲਈ ਹਾਈ ਕੋਰਟਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹ ਮਹਾਮਾਰੀ ਪ੍ਰਬੰਧਨ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਨਜ਼ਰ ਰੱਖ ਰਹੇ ਹਨ। ਬੈਂਚ ਨੇ ਕਿਹਾ ਕਿ ਮੀਡੀਆ ਨੂੰ ਸੁਣਵਾਈ ਦੌਰਾਨ ਕੀਤੀਆਂ ਗਈਆਂ ਟਿੱਪਣੀਆਂ ਦੀ ਰਿਪੋਰਟਿੰਗ ਕਰਨ ਤੋਂ ਰੋਕਿਆ ਨਹੀਂ ਜਾ ਸਕਦਾ। ਸੁਪਰੀਮ ਕੋਰਟ ਨੇ ਕਿਹਾ, ‘ਹਾਈ ਕੋਰਟਾਂ ਨੂੰ ਟਿੱਪਣੀਆਂ ਕਰਨ ਅਤੇ ਮੀਡੀਆ ਨੂੰ ਅਦਾਲਤੀ ਟਿੱਪਣੀਆਂ ਦੀ ਰਿਪੋਰਟਿੰਗ ਕਰਨ ਤੋਂ ਰੋਕਣਾ ਪਿਛਾਂਹਖਿੱਚੂ ਕਦਮ ਹੋਵੇਗਾ।’

ਬੈਂਚ ਨੇ ਕਿਹਾ ਕਿ ਅਦਾਲਤਾਂ ਨੂੰ ਮੀਡੀਆ ਦੀ ਬਦਲਦੀ ਤਕਨੀਕ ਨੂੰ ਲੈ ਕੇ ਚੌਕਸ ਰਹਿਣਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਨਹੀਂ ਹੈ ਕਿ ਉਸ ਨੂੰ ਅਦਾਲਤੀ ਕਾਰਵਾਈ ਦੀ ਰਿਪੋਰਟਿੰਗ ਕਰਨ ਤੋਂ ਰੋਕਿਆ ਜਾਵੇ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly