ਹਰਪਾਲ ਚੀਮਾ ਵੱਲੋਂ ਜਾਖੜ ਦੇ ਪਾਵਰ ਪਲਾਂਟ ਦੌਰੇ ਡਰਾਮਾ ਕਰਾਰ

ਪੰਜਾਬ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਉਸ ਦੇ ਪਾਰਟੀ ਆਗੂਆਂ ਵੱਲੋਂ ਮਾਨਸਾ ਜ਼ਿਲ੍ਹੇ ਵਿੱਚ ਨਿੱਜੀ ਤਾਪ ਘਰ, ਤਲਵੰਡੀ ਸਾਬੋ ਪਾਵਰ ਪਲਾਂਟ ਦੇ ਦੌਰੇ ਨੂੰ ਡਰਾਮਾ ਕਰਾਰ ਦਿੰਦੇ ਹੋਏ ਕਿਹਾ ਕਿ ਅਜਿਹੇ ਦੌਰਿਆਂ ਨਾਲ ਨਾ ਤਾਂ ਲੋਕਾਂ ਦੇ ਮਸਲੇ ਹੱਲ ਹੋਣਗੇ ਤੇ ਨਾ ਹੀ ਲੋਕਾਂ ਨੂੰ ਗੁਮਰਾਹ ਕਰ ਕੇ ਸਹੀ ਕੀਮਤ ’ਤੇ ਬਿਜਲੀ ਦਿੱਤੀ ਜਾ ਸਕਦੀ ਹੈ। ਚੀਮਾ ਨੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਆਪਣੇ ਵਾਅਦਿਆਂ ਮੁਤਾਬਕ ਬਾਦਲਾਂ ਵੱਲੋਂ ਨਿੱਜੀ ਤਾਪ ਘਰਾਂ ਨਾਲ ਕੀਤੇ ਮਹਿੰਗੇ ਅਤੇ ਮਾਰੂ ਬਿਜਲੀ ਖਰੀਦ ਸਮਝੌਤਿਆਂ ਨੂੰ ਆਉਂਦੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਰੱਦ ਕਰਨ। ਚੀਮਾ ਨੇ ਕਿਹਾ ਕਿ ਜੇ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਦੀਆਂ ਗੱਲਾਂ ਨਹੀਂ ਮੰਨਦੇ ਤਾਂ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਮੁੱਖ ਮੰਤਰੀ ਬਦਲ ਦੇਣਾ ਚਾਹੀਦਾ ਹੈ ਕਿਉਂਕਿ ਹਰ ਪਾਰਟੀ ਦੇ ਸੂਬਾ ਪ੍ਰਧਾਨ ਕੋਲ ਮੁੱਖ ਮੰਤਰੀ ਬਦਲਣ ਦਾ ਹੱਕ ਹੁੰਦਾ ਹੈ।
ਸੁਨੀਲ ਜਾਖੜ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਰਾਏਪੁਰ ਵਿਚਲੇ ਦੌਰੇ ਮਗਰੋਂ ਚੀਮਾ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਵੇਲੇ ਬਾਦਲ ਸਰਕਾਰ ਦੇ ਹੁੰਦਿਆਂ ਇਨ੍ਹਾਂ ਬਿਜਲੀ ਸਮਝੌਤਿਆਂ ਸਬੰਧੀ ਸੁਨੀਲ ਜਾਖੜ ਸਭ ਤੋਂ ਵੱਧ ਬੋਲਦੇ ਰਹੇ ਹਨ ਪਰ ਕਾਂਗਰਸ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਬਤੌਰ ਕਾਂਗਰਸ ਦੇ ਸੂਬਾ ਪ੍ਰਧਾਨ ਉਹ ਲਗਾਤਾਰ ਤਿੰਨ ਸਾਲਾਂ ਤੋਂ ਇਸ ਮਾਮਲੇ ਸਬੰਧੀ ਚੁੱਪੀ ਧਾਰੀ ਬੈਠੇ ਹਨ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਅਤੇ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਦੇ ਨਿੱਜੀ ਥਰਮਲਾਂ ਨਾਲ ਕੀਤੇ ਸਮਝੌਤਿਆਂ ਨੂੰ ਰੱਦ ਕਰਨ ਦੇ ਅਨੇਕਾਂ ਵਾਰ ਵਾਅਦੇ ਕੀਤੇ ਸਨ। ਕਾਂਗਰਸ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਸੂਬੇ ਦਾ ਬੱਚਾ-ਬੱਚਾ ਜਾਣਦਾ ਹੈ ਪਰ ਸਰਕਾਰ ਵੱਲੋਂ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਸਸਤੀ ਬਿਜਲੀ ਦੇਣ ਦੇ ਸਾਰੇ ਵਾਅਦਿਆਂ ’ਤੇ ਸਰਕਾਰ ਨੇ ਯੂ-ਟਰਨ ਲੈ ਲਿਆ ਹੈ। ਅਕਾਲੀਆਂ ਵੱਲੋਂ ਨਿੱਜੀ ਥਰਮਲਾਂ ਨਾਲ ਕੀਤੇ ਸਮਝੌਤਿਆਂ ਨੂੰ ਰੱਦ ਕਰਨ ਦੇ ਵਾਅਦਿਆਂ ਦੀ ਥਾਂ ਲੋਕਾਂ ਨੂੰ ਲਗਾਤਾਰ ਮਹਿੰਗੀ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਸੁਖਬੀਰ ਬਾਦਲ ਦੇ ਮਾਫ਼ੀਏ ਵਿੱਚ ਹੀ ਸ਼ਾਮਲ ਹੋ ਗਈ ਹੈ।