ਅਕਾਲੀ ਦਲ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਮੰਗਲਵਾਰ ਨੂੰ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫਤਰ ‘ਚ ਹੋਈ ਕੋਰ ਕਮੇਟੀ ਦੀ ਮੀਟਿੰਗ ‘ਚ ਲਿਆ ਗਿਆ।
ਮੀਟਿੰਗ ‘ਚ ਬਲਵਿੰਦਰ ਸਿੰਘ ਭੂੰਦੜ, ਹਰੀ ਸਿੰਘ ਜ਼ੀਰਾ, ਚਰਨਜੀਤ ਸਿੰਘ ਅਟਵਾਲ, ਨਿਰਮਲ ਸਿੰਘ ਕਾਹਲੋਂ, ਬਿਕਰਮ ਸਿੰਘ ਮਜੀਠੀਆ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ ਇੰਦਰ ਸਿੰਘ ਗਰੇਵਾਲ, ਡਾਕਟਰ ਦਲਜੀਤ ਸਿੰਘ ਚੀਮਾ, ਬੀਬੀ ਉਪਿੰਦਰਜੀਤ ਕੌਰ, ਬਲਦੇਵ ਸਿੰਘ ਮਾਨ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਗੁਲਜ਼ਾਰ ਸਿੰਘ ਰਣੀਕੇ ਅਤੇ ਸੁਰਜੀਤ ਸਿੰਘ ਰੱਖੜਾ ਮੌਜੂਦ ਸਨ।

22 ਸਤੰਬਰ ਤਕ ਅਰਜ਼ੀਆਂ ਜਮ੍ਹਾਂ ਕਰਵਾਉਣ ਚੋਣ ਲੜਨ ਦੇ ਚਾਹਵਾਨ ਉਮੀਦਵਾਰ
ਕੋਰ ਕਮੇਟੀ ਵੱਲੋਂ ਲਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਮੁੱਖ ਬੁਲਾਰੇ ਹਰਚਰਨ ਸਿੰਘ ਬੈਂਸ ਨੇ ਦੱਸਿਆ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਦੀ ਇੰਟਰਵਿਊ ਸਬੰਧੀ 22 ਸਤੰਬਰ ਨੂੰ ਕੁਰੂਕਸ਼ੇਤਰ ਵਿਖੇ ਵਰਕਰਾਂ ਦੀ ਮੀਟਿੰਗ ਸੱਦਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ‘ਚ ਸਕਰੀਨਿੰਗ ਕਮੇਟੀ ਬਣਾਈ ਗਈ ਹੈ। ਚੋਣ ਲੜਨ ਦੇ ਚਾਹਵਾਨਾਂ ਨੂੰ 22 ਸਤੰਬਰ ਤਕ ਅਰਜ਼ੀਆਂ ਜਮ੍ਹਾਂ ਕਰਵਾਉਣ ਲਈ ਕਹਿ ਦਿੱਤਾ ਗਿਆ ਹੈ।

ਭੂੰਦੜ ਕਰਨਗੇ ਭਾਜਪਾ ਨਾਲ ਸੀਟਾਂ ਦੀ ਵੰਡ ਬਾਰੇ ਚਰਚਾ
ਬੈਂਸ ਨੇ ਇਹ ਵੀ ਦੱਸਿਆ ਕਿ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਾਲੀ ਕਮੇਟੀ ਹਰਿਆਣਾ ਵਿਧਾਨ ਸਭਾ ਚੋਣਾਂ ਵਾਸਤੇ ਭਾਜਪਾ ਨਾਲ ਸੀਟਾਂ ਦੀ ਵੰਡ ਬਾਰੇ ਵਿਚਾਰ ਚਰਚਾ ਕਰੇਗੀ। ਹਰਿਆਣਾ ਚੋਣ ਪ੍ਰਚਾਰ ਵਾਸਤੇ ਬਣਾਈ ਇਸ ਕਮੇਟੀ ਦੇ ਬਾਕੀ ਮੈਂਬਰਾਂ ਵਿਚ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸੁਰਜੀਤ ਸਿੰਘ ਰੱਖੜਾ ਸ਼ਾਮਲ ਹਨ। ਇਹ ਕਮੇਟੀ ਪਾਰਟੀ ਦੀ ਚੋਣ ਪ੍ਰਚਾਰ ਲਈ ਰਣਨੀਤੀ ਵੀ ਤਿਆਰ ਕਰੇਗੀ।

Previous articleਅਸਮਾਨੀ ਬਿਜਲੀ ਨੇ ਲਈ 17 ਲੋਕਾਂ ਦੀ ਜਾਨ, ਨਿਤੀਸ਼ ਸਰਕਾਰ ਨੇ ਕੀਤਾ 4-4 ਲੱਖ ਦੇ ਮੁਆਵਜ਼ੇ ਦਾ ਐਲਾਨ
Next articleਅੰਤਰਰਾਸ਼ਟਰੀ ਨਗਰ ਕੀਰਤਨ ਹੈਦਰਾਬਾਦ ਤੋਂ ਬਿਦਰ ਲਈ ਹੋਇਆ ਰਵਾਨਾ