ਇਕੱਲੇ ਡਿਪਟੀ ਕਮਿਸ਼ਨਰ ਨੇ ਦਿੱਤੀ ਸ਼ਹੀਦਾਂ ਨੂੰ ਸ਼ਰਧਾਂਜਲੀ

ਫ਼ਿਰੋਜ਼ਪੁਰ– ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਅੱਜ ਹੁਸੈਨੀਵਾਲਾ ਸਥਿਤ ਸ਼ਹੀਦੀ ਸਮਾਰਕ ਵਿਖੇ ਕੌਮੀ ਸ਼ਹੀਦਾਂ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਰਾਜ ਮਾਤਾ ਵਿੱਦਿਆਵਤੀ ਅਤੇ ਬੀਕੇ ਦੱਤ ਦੀਆਂ ਸਮਾਧਾਂ ’ਤੇ ਮੱਥਾ ਟੇਕਿਆ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾਵਾਇਰਸ ਦੇ ਮੱਦੇਨਜ਼ਰ ਇਸ ਵਾਰ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਨਹੀਂ ਕਰਵਾਇਆ ਗਿਆ ਹੈ, ਪਰ ਫਿਰ ਵੀ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖੀਏ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਉਦੋਂ ਹੀ ਹੁੰਦੀ ਹੈ ਜਦੋਂ ਨੌਜਵਾਨ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਆਪਣੇ ਆਪ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਮਾਜ ਦੀ ਤਰੱਕੀ ਤੇ ਭਲਾਈ ਲਈ ਕੰਮ ਕਰਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦਾਂ ਨੇ ਆਪਣਾ ਸਭ ਕੁੱਝ ਕੁਰਬਾਨ ਕਰਕੇ ਦੇਸ਼ ਦੀ ਆਜ਼ਾਦੀ ਵਿਚ ਵੱਡਮੁੱਲਾ ਯੋਗਦਾਨ ਪਾਇਆ ਹੈ ਅਤੇ ਉਨ੍ਹਾਂ ਦੀ ਬਦੌਲਤ ਹੀ ਅੱਜ ਅਸੀਂ ਆਜ਼ਾਦੀ ਦੀ ਫ਼ਿਜ਼ਾ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ ਅੱਜ ਦੇ ਸਮੇਂ ਸਾਡਾ ਫ਼ਰਜ਼ ਬਣਦਾ ਹੈ ਕਿ ਦੁਨੀਆਂ ਵਿੱਚ ਫੈਲੀ ਕਰੋਨਾਵਾਇਰਸ ਦੀ ਬਿਮਾਰੀ ਖ਼ਿਲਾਫ਼ ਸਹਿਯੋਗ ਦੇਈਏ ਤੇ ਸਰਕਾਰ ਵੱਲੋਂ ਜਾਰੀ ਨਿਯਮਾਂ ਤੇ ਸਾਵਧਾਨੀਆਂ ਦੀ ਪਾਲਣਾ ਕਰੀਏ ਤਾਂ ਜੋ ਇਸ ਬਿਮਾਰੀ ਤੋਂ ਬਚੇ ਰਹਿ ਸਕੀਏ।

Previous articleਹੋਲੇ ਮਹੱਲੇ ’ਤੇ ਡਿਊਟੀ ਦੇ ਕੇ ਆਏ 30 ਪੁਲੀਸ ਮੁਲਾਜ਼ਮਾਂ ਦੀ ਜਾਂਚ
Next articleਕਰਫਿਊ ਦੇ ਬਾਵਜੂਦ ਮਾਨਸਾ ’ਚ ਧਰਨਾ ਜਾਰੀ ਰੱਖਣ ਦਾ ਫ਼ੈਸਲਾ