‘ਇੱਕ ਮੁਲਕ ਇੱਕ ਮੰਡੀ’ ਖ਼ਿਲਾਫ਼ ਕਿਸਾਨ ਜਥੇਬੰਦੀਆਂ ਇੱਕਜੁਟ

ਚੰਡੀਗੜ੍ਹ (ਸਮਾਜਵੀਕਲੀ):   ਪੰਜਾਬ ਦੀਆਂ ਖੱਬੇ-ਪੱਖੀ ਅਤੇ ਹੋਰਨਾਂ ਕਿਸਾਨ ਯੂਨੀਅਨਾਂ ਨੇ ਕੇਂਦਰ ਸਰਕਾਰ ਵੱਲੋਂ ‘ਇੱਕ ਮੁਲਕ ਇੱਕ ਮੰਡੀ’ ਦੇ ਸੰਕਲਪ ਨੂੰ ਲਾਗੂ ਕਰਨ ਖ਼ਿਲਾਫ਼ ਸੰਘਰਸ਼ ਛੇੜਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਸਾਰੀਆਂ ਜਥੇਬੰਦੀਆਂ ’ਚ ਭਾਵੇਂ ਵਿਚਾਰਕ ਮੱਤਭੇਦ ਹਨ ਪਰ ਇਹ ਇਸ ਮੁੱਦੇ ’ਤੇ ਇੱਕਮਤ ਹਨ। ਸਾਰੀਆਂ ਜਥੇਬੰਦੀਆਂ ਆਪੋ ਆਪਣੇ ਪੱੱਧਰ ਉੱਤੇ ਸੰਘਰਸ਼ ਕਰਨਗੀਆਂ।ਕਿਸਾਨ ਸੰਘਰਸ਼ ਕਮੇਟੀ ਵੱਲੋਂ ਪਹਿਲਾਂ ਹੀ ਪਿਛਲੇ ਇੱਕ ਹਫ਼ਤੇ ਤੋਂ ਮਾਝਾ ਖਿੱਤੇ ਵਿੱਚ ਧਰਨੇ ਦਿੱਤੇ ਜਾ ਰਹੇ ਹਨ।

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਝੋਨੇ ਦੀ ਲਵਾਈ ਦਾ ਜ਼ੋਰ ਹੋਣ ਕਾਰਨ ਯੂਨੀਅਨ ਵੱਲੋਂ 20 ਜੁਲਾਈ ਨੂੰ ਸਮੁੱਚੇ ਪੰਜਾਬ ’ਚ ਕਿਸਾਨਾਂ ਨੂੰ ਟਰੈਕਟਰਾਂ ਸਮੇਤ ਮੈਦਾਨ ਵਿੱਚ ਨਿੱਤਰਨ ਦਾ ਸੱਦਾ ਦਿੱਤਾ ਹੋਇਆ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਦਾਗੇ ਗਏ ਬਿਆਨ ਨੇ ਨਰਿੰਦਰ ਮੋਦੀ ਅਤੇ ਸ੍ਰੀ ਤੋਮਰ ਦੇ ਲਿਪਾ-ਪੋਚੀ ਵਾਲੇ ਬਿਆਨਾਂ ਦੀ ਅਸਲੀਅਤ ਸਾਹਮਣੇ ਲਿਆ ਦਿੱਤੀ ਹੈ। ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਨੇ ਵੀ ਮੋਦੀ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ।

Previous articleਕੋਵਿਡ-19: ਕੇਸਾਂ ਦੀ ਗਿਣਤੀ 3.43 ਲੱਖ ਹੋਈ; ਮੌਤਾਂ ਦਾ ਅੰਕੜਾ ਦਸ ਹਜ਼ਾਰ ਨੇੜੇ ਢੁੱਕਿਆ
Next articleਕਰੋਨਾ ਨੇ ਲਈ ਜੰਗੀ ਨਾਇਕ ਲੈਫਟੀਨੈਂਟ ਜਨਰਲ ਵੋਹਰਾ ਦੀ ਜਾਨ