ਕਰਤਾਰਪੁਰ ਲਾਂਘੇ ਦਾ ਉਦਘਾਟਨ ਅੱਜ

ਭਾਰਤ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਕਿ ਵੱਲੋਂ ਇਮਰਾਨ ਖਾਨ ਕਰਨਗੇ ਲਾਂਘੇ ਦਾ ਉਦਘਾਟਨ

* ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰ ਸਕਣਗੇ ਸਿੱਖ ਸ਼ਰਧਾਲੂ

* ਗੁਰਦੁਆਰਾ ਬੇਰ ਸਾਹਿਬ ਵੀ ਮੱਥਾ ਟੇਕਣਗੇ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਗੇ। ਇਸ ਸਬੰਧੀ ਕਰਵਾਏ ਜਾਣ ਵਾਲੇ ਉਦਘਾਟਨੀ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇ ਦਿੱਤੀਆਂ ਗਈਆਂ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦੀ ਇੰਟੈਗਰੇਟਿਡ ਚੈੱਕ ਪੋਸਟ (ਆਈਸੀਪੀ) ਦਾ ਉਦਘਾਟਨ ਕਰਨਗੇ ਜੋ ਭਾਰਤੀ ਪੰਜਾਬ ਵਿਚਲੇ ਡੇਰਾ ਬਾਬਾ ਨਾਨਕ ਨੂੰ ਪਾਕਿਸਤਾਨੀ ਪੰਜਾਬ ਦੇ ਨਾਰੋਵਾਲ ਜ਼ਿਲ੍ਹੇ ਵਿੱਚ ਕਰਤਾਰਪੁਰ ਦੇ ਗੁਰਦੁਆਰਾ ਦਰਬਾਰ ਸਾਹਿਬ ਨਾਲ ਜੋੜੇਗਾ। ਉੱਧਰ ਪਾਕਿਸਤਾਨ ਵਾਲੇ ਪਾਸੇ ਵੀ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਸਬੰਧੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਪਾਕਿਸਤਾਨ ਦੇ ਵਜ਼ੀਰੇ ਆਜ਼ਮ ਇਮਰਾਨ ਖਾਨ 9 ਨਵੰਬਰ ਨੂੰ ਹੀ ਲਾਂਘੇ ਦਾ ਉਦਘਾਟਨ ਕਰਨਗੇ।
ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਇਸ ਉਦਘਾਟਨੀ ਸਮਾਗਮ ਤੋਂ ਪਹਿਲਾਂ ਸ੍ਰੀ ਮੋਦੀ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਣਗੇ। ਇਸ ਤੋਂ ਬਾਅਦ ਉਹ ਡੇਰਾ ਬਾਬਾ ਨਾਨਕ ਵਿੱਚ ਕਰਵਾਏ ਜਾਣ ਵਾਲੇ ਜਨਤਕ ਸਮਾਗਮ ਵਿੱਚ ਵੀ ਹਿੱਸਾ ਲੈਣਗੇ। ਉੱਧਰ ਅੱਜ ਦਿਨ ਭਰ ਕੇਂਦਰ ਤੇ ਪੰਜਾਬ ਸਰਕਾਰ ਦੇ ਉੱਚ ਅਧਿਕਾਰੀ ਡੇਰਾ ਬਾਬਾ ਨਾਨਕ ਵਿਖੇ ਲਾਂਘੇ ਦੇ ਉਦਘਾਟਨੀ ਸਮਾਗਮ ਦੀਆਂ ਤਿਆਰੀਆਂ ’ਚ ਜੁਟੇ ਰਹੇ। ਇੱਥੋਂ ਤੱਕ ਕਿ ਸ਼ਿਕਾਰ ਮਾਛੀਆਂ ਤੋਂ ਕੋਰੀਡੋਰ ਸਥਾਨ ਦੀ ਡਰਿੱਲ ਰਿਹਰਸਲ ਕੀਤੀ ਗਈ। ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਇਸੇ ਰਸਤਿਓਂ ਗੁਜ਼ਰਨਗੇ। ਉਂਜ ਪ੍ਰਧਾਨ ਮੰਤਰੀ ਲਈ ਦੋ ਹੈਲੀਪੇਡ ਵੀ ਤਿਆਰ ਕੀਤੇ ਗਏ ਹਨ। ਇਸੇ ਤਰ੍ਹਾਂ ਅੱਜ ਡੇਰਾ ਬਾਬਾ ਨਾਨਕ ਵਿਖੇ ਵੱਡੀ ਗਿਣਤੀ ’ਚ ਸੰਗਤ ਪਹੁੰਚੀ ਹੋਈ ਹੈ। ਪੁਲੀਸ ਤੇ ਹੋਰ ਸੁਰੱਖਿਆ ਦਸਤਿਆਂ ਵੱਲੋਂ ਸੰਗਤ ਨੂੰ ਟੀ-ਪੁਆਇੰਟ ਤੋਂ ਕੌਮਾਂਤਰੀ ਸੀਮਾ ਤੱਕ ਦਰਸ਼ਨਾਂ ਲਈ ਭੇਜ ਕੇ ਅੱਜ ਇੱਕ ਤਰ੍ਹਾਂ ਨਾਲ ਰਿਹਰਸਲ ਵੀ ਕੀਤੀ ਗਈ।

Previous articleMaharashtra drama: All eyes on Sharad Pawar
Next articleਵਿਤਕਰੇ ਤੇ ਹਿੰਸਾ ਵਾਲਾ ਨਿਜ਼ਾਮ ਰੱਦ ਕਰਨ ਦੀ ਲੋੜ: ਮਨਮੋਹਨ ਸਿੰਘ