ਕਰੋਨਾਵਾਇਰਸ: ਭਾਰਤ ਵਿੱਚ ਤੀਜੀ ਮੌਤ

ਪੰਜਾਬ ’ਚ ਸ਼ਾਪਿੰਗ ਮਾਲ ਤੇ ਕਿਸਾਨ ਮੰਡੀਆਂ ਬੰਦ
* 31 ਮਾਰਚ ਤੱਕ ਪਾਬੰਦੀਆਂ ਲਾਗੂ ਰਹਿਣਗੀਆਂ
* ਧਾਰਮਿਕ ਸਮਾਗਮ ਮੁਲਤਵੀ ਕਰਨ ਲਈ ਕਿਹਾ
* ਮੈਰਿਜ ਪੈਲੇਸਾਂ ਵਿੱਚ 50 ਤੋਂ ਵੱਧ ਵਿਅਕਤੀ ਇਕੱਠੇ ਨਾ ਕਰਨ ਦੇ ਨਿਰਦੇਸ਼

ਚੰਡੀਗੜ੍ਹ– ਪੰਜਾਬ ਸਰਕਾਰ ਵੱਲੋਂ ਗਠਿਤ ਮੰਤਰੀਆਂ ਦੇ ਸਮੂਹ ਨੇ ਕਰੋਨਾਵਾਇਰਸ ‘ਕੋਵਿਡ-19’ ਦੇ ਫੈਲਾਅ ਨੂੰ ਰੋਕਣ ਲਈ ਭਾਰਤ ਸਰਕਾਰ ਵੱਲੋਂ ਜਾਰੀ ਐਡਵਾਈਜ਼ਰੀ ਦੇ ਮੱਦੇਨਜ਼ਰ ਜਨਤਕ ਇਕੱਠਾਂ ਨੂੰ ਰੋਕਣ ਲਈ ਕਈ ਹੋਰ ਸਖਤ ਕਦਮ ਚੁੱਕੇ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ ਸਾਰੇ ਸ਼ਾਪਿੰਗ ਕੰਪਲੈਕਸਾਂ, ਮਾਲ, ਅਜਾਇਬ ਘਰਾਂ, ਹਫ਼ਤਾਵਾਰੀ ਕਿਸਾਨ ਮੰਡੀਆਂ ਨੂੰ ਬੰਦ ਕਰਨ ਦੇ ਨਾਲ ਨਾਲ ਸਾਰੀਆਂ ਧਾਰਮਿਕ ਸੰਸਥਾਵਾਂ ਅਤੇ ਡੇਰਾ ਮੁਖੀਆਂ ਨੂੰ ਆਪਣੇ ਧਾਰਮਿਕ ਸਮਾਗਮ 31 ਮਾਰਚ ਤੱਕ ਮੁਲਤਵੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ।
ਭਾਰਤ ਸਰਕਾਰ ਵੱਲੋਂ ਜਾਰੀ ਐਡਵਾਈਜ਼ਰੀ ਦੇ ਆਧਾਰ ’ਤੇ, ਮੰਤਰੀ ਸਮੂਹ ਨੇ ਮੈਰਿਜ ਪੈਲੇਸਾਂ ਵਿਖੇ ਕਰਵਾਏ ਜਾ ਰਹੇ ਵਿਆਹ ਸਮਾਗਮਾਂ ਦੌਰਾਨ ਇਕੱਠ ਕਰਨ ’ਤੇ ਰੋਕ ਲਗਾਉਣ ਦਾ ਵੀ ਫੈਸਲਾ ਕੀਤਾ ਹੈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਮੈਰਿਜ ਪੈਲੇਸਾਂ ਵਿੱਚ ਕਿਸੇ ਵੀ ਸਮਾਰੋਹ ਦੌਰਾਨ 50 ਵਿਅਕਤੀਆਂ ਤੋਂ ਵੱਧ ਇਕੱਠ ਨਾ ਕੀਤਾ ਜਾਵੇ। ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਨੂੰ ਆਪਣੇ ਅਧਿਕਾਰ ਖੇਤਰ ਵਿਚਲੇ ਸਾਰੇ ਰੈਸਟੋਰੈਂਟਾਂ, ਹੋਟਲਾਂ, ਢਾਬਿਆਂ ਅਤੇ ਫੂਡ ਕੋਰਟਾਂ ਵਿੱਚ ਹੈਂਡ ਵਾਸ਼ਿੰਗ ਪ੍ਰੋਟੋਕੋਲ ਲਾਗੂ ਕਰਨ ਅਤੇ ਜਿਸ ਜਗ੍ਹਾਂ ਨੂੰ ਵੱਧ ਲੋਕ ਛੂਹਦੇ ਹਨ, ਉਨ੍ਹਾਂ ਥਾਵਾਂ ਦੀ ਢੁਕਵੀਂ ਸਫਾਈ ਤੋਂ ਇਲਾਵਾ ਵਿਅਕਤੀਆਂ ਅਤੇ ਟੇਬਲਾਂ ਵਿਚਕਾਰ 1 ਮੀਟਰ ਦੀ ਦੂਰੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਹਨ। ਮੰਤਰੀਆਂ ਦੇ ਗਰੁੱਪ ਵੱਲੋਂ ਲਏ ਇਸ ਫੈਸਲੇ ਵਿੱਚ ਸੂਬੇ ਦੇ ਸਾਰੇ ਸ਼ਾਪਿੰਗ ਕੰਪਲੈਕਸ, ਮਾਲ ਅਤੇ ਸਿਨੇਮੇ 31 ਮਾਰਚ ਤੱਕ ਬੰਦ ਰਹਿਣਗੇ ਪਰ ਮਾਲਾਂ ਵਿਚਲੀਆਂ ਕੈਮਿਸਟਾਂ ਅਤੇ ਕਰਿਆਨੇ ਦੀਆਂ ਦੁਕਾਨਾਂ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਗਈ ਹੈ। ਇਸੇ ਤਰ੍ਹਾਂ ਲੋਕਾਂ ਨੂੰ ਇੱਕ ਥਾਂ ’ਤੇ ਇਕੱਠੇ ਹੋਣ ਤੋਂ ਰੋਕਣ ਲਈ ਸੂਬੇ ਦੀਆਂ ਸਾਰੀਆਂ ਸਥਾਨਕ ਹਫ਼ਤਾਵਾਰੀ ਕਿਸਾਨ ਮੰਡੀਆਂ ਬੰਦ ਕਰ ਦਿੱਤੀਆਂ ਗਈਆਂ ਹਨ।ਲੋਕਾਂ ਦੀ ਸਹੂਲਤ ਲਈ ਰੇਹੜੀ ਵਾਲਿਆਂ ਨੂੰ ਗਲੀ/ਮੁਹੱਲਿਆਂ ਵਿਚ ਸਬਜ਼ੀ ਵੇਚਣ ਦੀ ਆਗਿਆ ਦੇ ਦਿੱਤੀ ਹੈ। ਸਕੂਲ ਸਿੱਖਿਆ ਵਿਭਾਗ ਅਤੇ ਨਿੱਜੀ ਵਿਦਿਅਕ ਸੰਸਥਾਵਾਂ ਦੇ ਪ੍ਰਬੰਧਕੀ ਅਦਾਰਿਆਂ ਨੂੰ ਵੀ ਪ੍ਰੀਖਿਆਵਾਂ ਮੁਲਤਵੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਜੇ ਪ੍ਰੀਖਿਆਵਾਂ ਕਰਵਾਉਣ ਦੀ ਸਖਤ ਜ਼ਰੂਰਤ ਹੈ ਤਾਂ ਉਹ ਸੰਸਥਾਵਾਂ ਅਤੇ ਸਕੂਲ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕਰਨਗੇ ਅਤੇ ਇਹ ਵੀ ਯਕੀਨੀ ਬਣਾਉਣਗੇ ਕਿ ਦੋ ਵਿਦਿਆਰਥੀਆਂ ਵਿਚਕਾਰ ਇਕ ਮੀਟਰ ਦੀ ਦੂਰੀ ਰੱਖੀ ਜਾਵੇ। ਮੰਤਰੀ ਸਮੂਹ ਨੇ ਸੂਬੇ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਨਿਰਧਾਰਤ ਦਵਾਈਆਂ ਦੀ ਉਪਲੱਬਧਤਾ ਅਤੇ ਮਹੱਤਵਪੂਰਨ ਸਥਾਨਾਂ ’ਤੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੀ ਤਾਇਨਾਤੀ ਦਾ ਵੀ ਜਾਇਜ਼ਾ ਲਿਆ।ਮੀਟਿੰਗ ਵਿੱਚ ਮੰਤਰੀ ਸਮੂਹ ਦੇ ਮੈਂਬਰ ਓਮ ਪ੍ਰਕਾਸ਼ ਸੋਨੀ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸ੍ਰੀਮਤੀ ਰਜ਼ੀਆ ਸੁਲਤਾਨਾ, ਬਲਬੀਰ ਸਿੰਘ ਸਿੱਧੂ, ਵਿਜੈ ਇੰਦਰ ਸਿੰਗਲਾ ਅਤੇ ਭਾਰਤ ਭੂਸ਼ਣ ਆਸ਼ੂ ਸ਼ਾਮਲ ਸਨ।

Previous articleNirbhaya case: Court dimisses plea seeking quashing of death penalty
Next articleOver 25,000 who entered India in 2015-19 can avail citizenship