ਕਾਂਗਰਸ ਖ਼ੁਦ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮੰਨਣ ਤੋਂ ਇਨਕਾਰੀ: ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ, ਚੰਡੀਗੜ੍ਹ ਸਬੰਧੀ ਜਾਰੀ ਕੀਤੇ ਨੋਟੀਫ਼ਿਕੇਸ਼ਨ ਨੂੰ ਤੁਰੰਤ ਰੱਦ ਕਰ ਕੇ ਚੰਡੀਗੜ੍ਹ ਪੰਜਾਬ ਦੇ ਹਵਾਲੇ ਕਰੇ।
ਉਹ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਤਾਜ਼ਾ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਅਤੇ ਹਰਿਆਣਾ ਵਿਚਾਲੇ 60-40 ਅਨੁਪਾਤ ਦੇ ਫੈਸਲੇ ਦੀ ਉਲੰਘਣਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਇਸ ਸਬੰਧੀ ਜਲਦੀ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਕੇ ਚੰਡੀਗੜ੍ਹ ਉਪਰ ਪੰਜਾਬ ਦਾ ਹੱਕ ਜਤਾਉਂਦਿਆਂ ਜਾਰੀ ਕੀਤਾ ਤਾਜ਼ਾ ਨੋਟੀਫ਼ਿਕੇਸ਼ਨ ਰੱਦ ਕਰਾਉਣ ਦੀ ਮੰਗ ਕਰੇਗਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਚ ਪੰਜਾਬੀ ਮਾਂ ਬੋਲੀ ਦਾ ਸਨਮਾਨ ਬਹਾਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਬਾਰੇ ਹਰਸਿਮਰਤ ਕੌਰ ਬਾਦਲ ਅੱਜ ਕੇਂਦਰੀ ਗ੍ਰਹਿ ਮੰਤਰੀ ਨੂੰ ਵੀ ਮਿਲ ਰਹੇ ਹਨ। ਸ੍ਰੀ ਬਾਦਲ ਨੇ ਆਖਿਆ ਕਿ ਕਾਂਗਰਸ ਸਰਕਾਰ ਵੱਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਸਬੰਧੀ ਹਾਈ ਕੋਰਟ ਵਿੱਚ ਹਲਫੀਆ ਬਿਆਨ ਦੇ ਕੇ ਦੱਸਿਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਗਠਿਤ ਕੀਤੀ ‘ਸਿੱਟ’ ਹੀ ਇਸ ਬਾਰੇ ਅੰਤਿਮ ਫੈਸਲਾ ਕਰੇਗੀ। ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਆਪਣੇ ਕਮਿਸ਼ਨ ਦੀ ਰਿਪੋਰਟ ਹੀ ਨਹੀਂ ਮੰਨ ਰਹੀ, ਉਹ ਰਿਪੋਰਟ ਸ਼੍ਰੋਮਣੀ ਅਕਾਲੀ ਦਲ ਕਿਵੇਂ ਮੰਨ ਲਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ਕਿਉਂਕਿ ਸ੍ਰੀ ਸਿੱਧੂ ਪੰਜਾਬ ਵਿੱਚ ਅਫੀਮ ਦੀ ਖੇਤੀ ਦੀ ਵਕਾਲਤ ਕਰਕੇ ਖੁੱਲ੍ਹੇਆਮ ਬਿਆਨਬਾਜ਼ੀ ਕਰ ਰਿਹਾ ਹੈ। ਉਨ੍ਹਾਂ ਆਖਿਆ ਕਿ ਅਕਾਲੀ ਦਲ ਦੀ ਪਟਿਆਲਾ ਰੈਲੀ ਇਤਿਹਾਸਕ ਹੋਵੇਗੀ।

Previous articleਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ
Next articleਸਰਹੱਦ ’ਤੇ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਚਾਰ ਗੁਣਾ ਵਾਧਾ