ਕਿਸਾਨੀ ਹਿਤਾਂ ਲਈ ਕਾਨੂੰਨ ਸੋਧਾਂਗੇ: ਕੈਪਟਨ

ਚੰਡੀਗੜ੍ਹ (ਸਮਾਜ ਵੀਕਲੀ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੇਂ ਖੇਤੀ ਬਿਲਾਂ ਨੂੰ ਰਾਸ਼ਟਰਪਤੀ ਵੱਲੋਂ ਸਹਿਮਤੀ ਦਿੱਤੇ ਜਾਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਹਿਤਾਂ ਦੀ ਰਾਖੀ ਲਈ ਸੂਬਾਈ ਕਾਨੂੰਨਾਂ ਵਿਚ ਸੰਭਵ ਸੋਧ ਕਰਨ ਸਮੇਤ ਸਾਰੇ ਪਹਿਲੂਆਂ ਦੀ ਘੋਖ ਕਰ   ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਗਲਾ ਰਸਤਾ ਅਖ਼ਤਿਆਰ ਕਰਨ ਦੇ ਕਿਸੇ ਵੀ ਫੈਸਲੇ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਅਤੇ ਹੋਰ ਭਾਈਵਾਲਾਂ ਨੂੰ ਭਰੋਸੇ ਵਿਚ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਫ਼ਸਲ ਦੀ ਕੀਮਤ ਨਾਲ ਸਮਝੌਤਾ ਕੀਤੇ ਬਿਨਾਂ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ।

ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਟਕੜ ਕਲਾਂ ’ਚ ਖੇਤੀ ਬਿਲਾਂ ਖ਼ਿਲਾਫ਼ ਰੋਸ ਮੁਜ਼ਾਹਰਾ ਕਰਨਗੇ। ਮੁਜ਼ਾਹਰੇ ਵਿੱਚ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਹੋਰ ਆਗੂ ਵੀ ਸ਼ਾਮਲ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਹਿਲਾਂ ਹੀ ਕਾਨੂੰਨੀ ਅਤੇ ਖੇਤੀ ਮਾਹਿਰਾਂ ਸਮੇਤ ਉਨ੍ਹਾਂ ਸਾਰੇ ਲੋਕਾਂ ਨਾਲ ਵਿਚਾਰ ਚਰਚਾ ਕਰ ਰਹੀ ਹੈ, ਜੋ ਕੇਂਦਰ ਸਰਕਾਰ ਦੇ ਇਨ੍ਹਾਂ  ਕਿਸਾਨ ਮਾਰੂ ਕਾਨੂੰਨਾਂ ਨਾਲ ਅਸਰਅੰਦਾਜ਼ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦਾ ਰਾਹ ਰੋਕਣ ਲਈ ਹੋਰ ਬਦਲ ਵੀ ਵਿਚਾਰ ਰਹੀ ਹੈ।

ਮੁੱਖ ਮੰਤਰੀ ਨੇ ਰਾਸ਼ਟਰਪਤੀ ਵਲੋਂ ਤਿੰਨ ਗੈਰਸੰਵਿਧਾਨਕ ਅਤੇ ਕਿਸਾਨ ਵਿਰੋਧੀ ਖੇਤੀ ਬਿਲਾਂ ਨੂੰ ਸਹਿਮਤੀ ਦੇਣ ਦੇ ਫੈਸਲੇ ਨੂੰ ਨਿਰਾਸ਼ਾਜਨਕ ਕਰਾਰ ਦਿੰਦਿਆਂ ਕਿਹਾ ਕਿ ਰਾਸ਼ਟਰਪਤੀ ਨੇ ਇਸ ਸਬੰਧ ਵਿਚ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ, ਜਿਨ੍ਹਾਂ ਸੰਸਦ ਵਿੱਚ ਆਪਣੀਆਂ ਚਿੰਤਾਵਾਂ ਜ਼ਾਹਰ ਕੀਤੀਆਂ ਸਨ, ਦਾ ਪੱਖ ਸੁਣੇ ਬਿਨਾਂ ਇਹ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਖੇਤੀ ਬਿਲਾਂ ਨੂੰ ਰਾਸ਼ਟਰਪਤੀ ਦੀ ਸਹਿਮਤੀ ਮਿਲਣ ਨਾਲ ਕਿਸਾਨਾਂ ਨੂੰ ਬਹੁਤ ਧੱਕਾ ਲੱਗਾ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਅਕਾਲੀ ਦਲ ਨੇ ਐੱਨਡੀਏ ਨਾਲੋਂ ਤੋੜ-ਵਿਛੋੜਾ ਕਰ ਲਿਆ ਹੈ ਤਾਂ ਸੁਖਬੀਰ ਬਾਦਲ ਨੂੰ ਕਿਸਾਨਾਂ ਦੀ ਫ਼ਿਕਰ ਨਹੀਂ ਬਲਕਿ ਉਹ ਅਗਲੀਆਂ ਸੂਬਾਈ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਇਸ ਮੁੱਦੇ ਦਾ ਸ਼ੋਸ਼ਣ ਕਰ ਰਿਹਾ ਹੈ।

ਚੇਤੇ ਰਹੇ ਕਿ ਆਲ ਇੰਡੀਆ ਕਾਂਗਰਸ ਪਾਰਟੀ ਵੱਲੋਂ 2 ਅਕਤੂਬਰ ਨੂੰ ਸਮੁੱਚੇ ਦੇਸ਼ ਵਿਚ ਖੇਤੀ ਕਾਨੂੰਨਾਂ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਵੀ 2 ਅਕਤੂਬਰ ਨੂੰ ਪੰਜਾਬ ਵਿਚ ਰੋਸ ਪ੍ਰਦਰਸ਼ਨ ਦਾ ਪ੍ਰੋਗਰਾਮ ਉਲੀਕ ਰਹੀ ਹੈ ਜਿਸ ਤਹਿਤ ਟਰੈਕਟਰ ਮਾਰਚ ਵੀ ਕੀਤਾ ਜਾ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਐੱਨਡੀਏ ਨਾਲੋਂ ਤੋੜ ਵਿਛੋੜੇ ਮਗਰੋਂ ਕਾਂਗਰਸ ਹੁਣ ਰੋਸ ਵਿਖਾਵੇ ਕਰਕੇ ਕਿਸਾਨਾਂ ’ਚ ਆਪਣਾ ਪ੍ਰਭਾਵ ਛੱਡਣਾ ਚਾਹੁੰਦੀ ਹੈ। ਇਸੇ ਤਰ੍ਹਾਂ ਹਰੀਸ਼ ਰਾਵਤ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਬਣਨ ਮਗਰੋਂ ਪਹਿਲੀ ਫੇਰੀ ’ਤੇ ਪੰਜਾਬ ਆ ਰਹੇ ਹਨ ਅਤੇ ਭਲਕੇ 4 ਵਜੇ ਚੰਡੀਗੜ੍ਹ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ’ਚ ਸ਼ਿਰਕਤ ਕਰਨਗੇ।

ਪਤਾ ਲੱਗਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 29 ਸਤੰਬਰ ਨੂੰ ਕਿਸਾਨ ਧਿਰਾਂ ਨਾਲ ਵੀ ਗੱਲਬਾਤ ਕਰਨਗੇ। ਉਧਰ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਵੀ ਭਲਕੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਜਾ ਰਹੇ ਹਨ। ਬਾਜਵਾ ਨੇ ਦੱਸਿਆ ਕਿ ਉਹ ਕਿਸਾਨਾਂ ਦੇ ਭਲੇ ਲਈ ਅਰਦਾਸ ਕਰਨ ਜਾ ਰਹੇ ਹਨ। ਭਲਕੇ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵਿੱਚ ਨਵਜੋਤ ਸਿੱਧੂ ਸ਼ਾਮਿਲ ਹੋਣਗੇ ਜਾਂ ਨਹੀਂ, ਬਾਰੇ ਵੀ ਕਿਆਸ ਲਾਏ ਜਾ ਰਹੇ ਹਨ।

Previous articleਰਾਸ਼ਟਰਪਤੀ ਵੱਲੋਂ ਖੇਤੀ ਬਿੱਲਾਂ ਨੂੰ ਪ੍ਰਵਾਨਗੀ
Next articleਬਹਿਬਲ ਗੋਲੀ ਕਾਂਡ: ਆਈਜੀ ਕੰੁਵਰ ਵਿਜੈ ਪ੍ਰਤਾਪ ’ਤੇ ਪੱਖਪਾਤ ਦੇ ਦੋਸ਼