ਕੈਪਟਨ ਸਰਕਾਰ ਨੇ ਬਾਜਵਾ ਦੀ ਸੁਰੱਖਿਆ ਵਾਪਸ ਲਈ

ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਦੀ ਕਾਂਗਰਸ ਸਰਕਾਰ ਨੇ ਪਾਰਟੀ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਪੁਲੀਸ ਸੁਰੱਖਿਆ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਪਹਿਲਾਂ ਤੋਂ ਹੀ ਸਿੱਧੇ ਤੌਰ ’ਤੇ ਕੇਂਦਰੀ ਸੁਰੱਖਿਆ ਲੈ ਰਹੇ ਬਾਜਵਾ ਨੂੰ ਕਿਸੇ ਕਿਸਮ ਦਾ ਕੋਈ ਖ਼ਤਰਾ ਨਾ ਹੋਣ ਦੇ ਮੱਦੇਨਜ਼ਰ ਲਿਆ ਗਿਆ ਹੈ। ਸ੍ਰੀ ਬਾਜਵਾ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਖ਼ਿਲਾਫ਼ ਤਿੱਖੀਆਂ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤੋਂ ਕਾਂਗਰਸ ਦਾ ਅੰਦਰੂਨੀ ਸੰਕਟ ਡੂੰਘਾ ਹੁੰਦਾ ਦਿਖਾਈ ਦੇ ਰਿਹਾ ਹੈ।

ਦੱਸਣਯੋਗ ਹੈ ਕਿ ਕਾਂਗਰਸ ਦੇ ਦੋ ਰਾਜ ਸਭਾ ਮੈਂਬਰਾਂ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਸੂਬੇ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਮੰਗ ਪੱਤਰ ਦੇ ਕੇ ‘ਸ਼ਰਾਬ ਤਰਾਸਦੀ’ ਦੀ ਸੀਬੀਆਈ ਤੇ ਈਡੀ ਤੋਂ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਸੀ। ਰਾਜ ਸਭਾ ਮੈਂਬਰਾਂ ਦੀ ਇਸ ਕਾਰਵਾਈ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਸ੍ਰੀ ਬਾਜਵਾ ਦੀ ਸੁਰੱਖਿਆ ਅਚਨਚੇਤ ਵਾਪਸ ਲੈਣ ਨੂੰ ਉਕਤ ਗਤੀਵਿਧੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਕੈਪਟਨ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਦੀ ਪੁਲੀਸ ਵਲੋਂ ਬਾਜਵਾ ਨੂੰ ਦਿੱਤੀ ਸੁਰੱਖਿਆ ਦਾ ਕੋਈ ਮਕਸਦ ਨਹੀਂ ਰਿਹਾ ਗਿਆ ਸੀ ਕਿਉਂਕਿ ਉਨ੍ਹਾਂ (ਬਾਜਵਾ) ਨੇ ਸਿੱਧੇ ਤੌਰ ’ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਕੇਂਦਰੀ ਸੁਰੱਖਿਆ ਹਾਸਲ ਕਰ ਲਈ ਸੀ। ਅਜਿਹੀ ਸਥਿਤੀ ਵਿੱਚ ਦੋਹਰੀ ਸੁਰੱਖਿਆ ਵਿਵਸਥਾ ਨੂੰ ਕਾਰਗਰ ਨਹੀਂ ਮੰਨਿਆ ਜਾ ਸਕਦਾ, ਵਿਸ਼ੇਸ਼ ਕਰ ਕੇ ਉਦੋਂ, ਜਦੋਂ ਰਾਜ ਸਭਾ ਮੈਂਬਰ ਨੇ ਸੂਬੇ ਦੀ ਪੁਲੀਸ ’ਤੇ ਭਰੋਸਾ ਨਾ ਪ੍ਰਗਟਾਉਂਦਿਆਂ ਕੇਂਦਰੀ ਸੁਰੱਖਿਆ ਪ੍ਰਾਪਤ ਕਰਨਾ ਮੁਨਾਸਿਬ ਸਮਝਿਆ ਹੋਵੇ।

ਬੁਲਾਰੇ ਮੁਤਾਬਕ ਬਾਜਵਾ ਵਲੋਂ ਕੀਤੇ ਦਾਅਵੇ ਦੇ ਉਲਟ ਰਾਜ ਸਭਾ ਮੈਂਬਰ ਨੂੰ ਕੇਂਦਰੀ ਸੁਰੱਖਿਆ ਕਾਂਗਰਸ ਲੀਡਰਸ਼ਿਪ ਦੇ ਕਹਿਣ ’ਤੇ ਨਹੀਂ ਮਿਲੀ ਸੀ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੰਸਦ ਮੈਂਬਰ ਨੂੰ ਦਰਪੇਸ਼ ਕਿਸੇ ਕਿਸਮ ਦੇ ਖ਼ਤਰੇ ਦਾ ਪਤਾ ਲਗਾਉਣ ਲਈ ਰਾਜ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰਨ ਦੀ ਲੋੜ ਨਹੀਂ ਸਮਝੀ, ਜੋ ਕਿ ਆਮ ਤੌਰ ’ਤੇ ਕਿਸੇ ਵੀ ਵਿਅਕਤੀ ਨੂੰ ਕੇਂਦਰੀ ਸੁਰੱਖਿਆ ਦੇਣ ਤੋਂ ਪਹਿਲਾਂ ਲਾਜ਼ਮੀ ਤੌਰ ’ਤੇ ਕੀਤੀ ਜਾਣ ਵਾਲੀ ਪ੍ਰਕਿਰਿਆ ਹੁੰਦੀ ਹੈ।

ਸੂਬਾ ਸਰਕਾਰ ਦਾ ਕਹਿਣਾ ਹੈ ਕਿ ਅਸਲ ਵਿੱਚ ਬਾਜਵਾ ਪੰਜਾਬ ਪੁਲੀਸ ਵੱਲੋਂ ਵਾਧੂ ਸੁਰੱਖਿਆ ਪ੍ਰਾਪਤ ਕਰ ਰਹੇ ਸਨ, ਜੋ ਰਾਜ ਸਭਾ ਮੈਂਬਰ ਨੂੰ ਦਿੱਤੀ ਜਾਂਦੀ ਸੁਰੱਖਿਆ ਤੋਂ ਵੱਧ ਸੀ। ਇਸ ਦਾ ਕਾਰਨ ਇਹ ਸੀ ਕਿ ਸੂਬਾ ਸਰਕਾਰ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਰਹੇ ਹੋਣ ਕਰਕੇ ਉਨ੍ਹਾਂ ਤੋਂ ਇਹ ਵੱਡੀ ਸੁਰੱਖਿਆ ਵਾਪਸ ਨਹੀਂ ਲਈ ਸੀ।

ਗ੍ਰਹਿ ਮੰਤਰਾਲੇ ਵਲੋਂ 19 ਮਾਰਚ ਨੂੰ ਬਾਜਵਾ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ ਅਤੇ ਅੱਜ ਤੱਕ ਉਨ੍ਹਾਂ ਕੋਲ ਨਿੱਜੀ ਸੁਰੱਖਿਆ, ਘਰ ਦੀ ਸੁਰੱਖਿਆ ਅਤੇ ਐਸਕਾਰਟ ਲਈ ਸੀ.ਆਈ.ਐੱਸ.ਐੱਫ. ਦੇ 25 ਜਵਾਨਾਂ ਸਮੇਤ ਦੋ ਐਸਕਾਰਟ ਡਰਾਈਵਰ ਮੌਜੂਦ ਹਨ। 23 ਮਾਰਚ ਤੱਕ ਉਨ੍ਹਾਂ ਕੋਲ 14 ਪੰਜਾਬ ਪੁਲੀਸ ਦੇ ਕਰਮਚਾਰੀ ਵੀ ਤਾਇਨਾਤ ਸਨ ਪਰ ਉਨ੍ਹਾਂ ਵਿੱਚੋਂ ਕੁਝ ਨੂੰ ਕੋਵਿਡ ਡਿਊਟੀ ਦੇ ਮੱਦੇਨਜ਼ਰ ਵਾਪਸ ਬੁਲਾ ਲਿਆ ਗਿਆ। ਬੁਲਾਰੇ ਨੇ ਕਿਹਾ ਕਿ ਇਸ ਸਮੇਂ ਬਾਜਵਾ ਕੋਲ ਪੰਜਾਬ ਪੁਲੀਸ ਦੇ ਛੇ ਕਰਮਚਾਰੀ ਹਨ ਅਤੇ ਡਰਾਈਵਰ ਸਮੇਤ ਇਕ ਐਸਕਾਰਟ ਹੈ, ਜਿਸ ਨੂੰ ਹੁਣ ਵਾਪਸ ਲਿਆ ਜਾ ਰਿਹਾ ਹੈ।

Previous articleਮਹਿੰਦਾ ਰਾਜਪਕਸੇ ਅੱਜ ਲੈਣਗੇ ਪ੍ਰਧਾਨ ਮੰਤਰੀ ਵਜੋਂ ਹਲਫ਼
Next article‘ਕਰੋ ਜਾਂ ਮਰੋ’ ਨੂੰ ਨਵੇਂ ਅਰਥ ਦੇਣੇ ਹੋਣਗੇ: ਰਾਹੁਲ