ਖਾਲਸਾਈ ਜਾਹੋ-ਜਲਾਲ ਨਾਲ ਛੇ ਰੋਜ਼ਾ ਹੋਲਾ ਮਹੱਲਾ ਸ਼ੁਰੂ

ਸ੍ਰੀ ਆਨੰਦਪੁਰ ਸਾਹਿਬ– ਖਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਜੋੜ ਮੇਲੇ ਦਾ ਪਹਿਲਾ ਪੜਾਅ ਅੱਜ ਕੀਰਤਪੁਰ ਸਾਹਿਬ ਗੁਰਦੁਆਰਾ ਪਾਤਾਲਪੁਰੀ ਸਾਹਿਬ ਵਿਖੇ ਆਰੰਭ ਹੋ ਗਿਆ। ਇਸ ਮੌਕੇ ਤਖਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅਰਦਾਸ ਕੀਤੀ ਗਈ। ਆਨੰਦਪੁਰ ਸਾਹਿਬ ਵਿਚ 5 ਪੁਰਾਤਨ ਨਗਾਰੇ ਵਜਾ ਕੇ 6 ਦਿਨਾਂ ਤੱਕ (5 ਤੋਂ 7 ਮਾਰਚ ਤੱਕ ਕੀਰਤਪੁਰ ਸਾਹਿਬ ਅਤੇ 8 ਤੋਂ 10 ਮਾਰਚ ਤੱਕ ਸ੍ਰੀ ਆਨੰਦਪੁਰ ਸਾਹਿਬ) ਚੱਲਣ ਵਾਲਾ ਹੋਲਾ ਮਹੱਲਾ ਸ਼ੁਰੂ ਹੋਇਆ। ਆਰੰਭਤਾ ਦੀ ਅਰਦਾਸ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਕੀਤੀ।
ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਸਣੇ ਵੱਡੀ ਗਿਣਤੀ ’ਚ ਸੰਤਾਂ-ਮਹਾਂਪੁਰਸ਼ਾਂ ਅਤੇ ਸੰਗਤਾਂ ਨੇ ਹਾਜ਼ਰੀ ਭਰੀ। ਇਸ ਦੌਰਾਨ ਕਿਲਾ ਆਨੰਦਗੜ੍ਹ ਸਾਹਿਬ ਵਿਚ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਢਾਡੀ ਤੇ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਰਸ ਨਾਲ ਨਿਹਾਲ ਕੀਤਾ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਨਗਾਰੇ ਵਜਾ ਕੇ ਹੋਲੇ ਮਹੱਲੇ ਦੀ ਸ਼ੁਰੂਆਤ ਕਰਨ ਦਾ ਮਹੱਤਵ ਵੀ ਦੱਸਿਆ। ਗਿਆਨੀ ਰਘਬੀਰ ਸਿੰਘ ਨੇ ਹੋਲਾ ਮਹੱਲਾ ਮੇਲੇ ਦੇ ਇਤਿਹਾਸ ’ਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਦਸਮ ਪਾਤਸ਼ਾਹ ਸਾਹਿਬ ਗੁਰੂ ਗੋਬਿੰਦ ਸਿੰਘ ਨੇ ਸਿੱਖ ਕੌਮ ਨੂੰ ਵੱਖਰੀ ਪਛਾਣ ਦੇਣ ਅਤੇ ਜਬਰ ਜ਼ੁਲਮ ਖ਼ਿਲਾਫ਼ ਲੜਨ ਲਈ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ ਅਤੇ ਸਿੰਘਾਂ ਨੂੰ ਯੁੱਧ ਕਲਾ ਵਿਚ ਨਿਪੁੰਨ ਕਰਨ ਲਈ ਘੋੜਸਵਾਰੀ, ਨੇਜ਼ੇਬਾਜ਼ੀ ਆਦਿ ਦੇ ਮੁਕਾਬਲੇ ਸ਼ੁਰੂ ਕਰਵਾਏ। ਇਸ ਮੌਕੇ ਤਪ ਅਸਥਾਨ ਵੱਲੋਂ ਬਾਬਾ ਤੀਰਥ ਸਿੰਘ, ਕਿਲਾ ਆਨੰਦਗੜ੍ਹ ਸਾਹਿਬ ਵੱਲੋਂ ਬਾਬਾ ਸੁੱਚਾ ਸਿੰਘ, ਬਾਬਾ ਸਤਨਾਮ ਸਿੰਘ, ਬਾਬਾ ਜਰਨੈਲ ਸਿੰਘ ਆਦਿ ਨੇ ਹੋਲੇ ਮਹੱਲੇ ਦੇ ਸਮੁੱਚੇ ਸਮਾਗਮਾਂ ਦੀ ਨਿਰਵਿਘਨਤਾ ਲਈ ਜਿੱਥੇ ਅਰਦਾਸ ਕੀਤੀ ਉੱਥੇ ਹੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਦੇ ਸਿਰ ਦਸਤਾਰਾਂ ਵੀ ਸਜਾਈਆਂ ਤੇ ਪਲਾਸਟਿਕ ਰਹਿਤ ਹੋਲਾ ਮਹੱਲਾ ਮਨਾਉਣ ਦੀ ਵਚਨਬੱਧਤਾ ਦੁਹਰਾਈ ਗਈ। ਇਸ ਵੇਲੇ ਵੱਡੀ ਗਿਣਤੀ ਸ਼ਰਧਾਲੂਆਂ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਤੇ ਗੁਰੂ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਆਪਣੇ ਘੋੜਿਆਂ ’ਤੇ ਸਵਾਰ ਹੋ ਕੇ ਖਾਲਸਾ ਪੰਥ ਦੇ ਜਨਮ ਸਥਾਨ ਪੁੱਜਣੇ ਸ਼ੁਰੂ ਹੋ ਚੁੱਕੇ ਹਨ।

Previous articleਪੰਜਾਬ ਪੁਲੀਸ ਮੁਖੀ ਦੇ ਅਹੁਦੇ ਨੂੰ ਲੈ ਕੇ ਹਾਈ ਕੋਰਟ ’ਚ ਤਿੱਖੀ ਬਹਿਸ
Next articleਈਡੀ ਵੱਲੋਂ ਜੈੱਟ ਏਅਰਵੇਜ਼ ਦੇ ਬਾਨੀ ਖ਼ਿਲਾਫ਼ ਕੇਸ ਦਰਜ