ਗਰਮਖਿਆਲੀਆਂ ਅਤੇ ਪੁਲੀਸ ਵਿਚਾਲੇ ਖਿੱਚ-ਧੂਹ

ਅੰਮ੍ਰਿਤਸਰ (ਸਮਾਜਵੀਕਲੀ): ਸਾਕਾ ਨੀਲਾ ਤਾਰਾ ਦੀ 36ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਵੱਲੋਂ ਵੱਖਰੇ ਰਾਜ ਦੀ ਮੰਗ ਖਾਲਿਸਤਾਨ ਅਤੇ ਇਸ ਸਬੰਧੀ ਨਾਅਰਿਆਂ ਨੂੰ ਜਾਇਜ਼ ਠਹਿਰਾਇਆ ਹੈ। ਉਨ੍ਹਾਂ ਆਖਿਆ ਕਿ ਕੌਮੀ ਟੀਚਿਆਂ ਦੀ ਪ੍ਰਾਪਤੀ ਲਈ ਨੀਤੀ ਤੇ ਨੀਯਤ ਠੀਕ ਹੋਣੀ ਚਾਹੀਦੀ ਹੈ ਅਤੇ ਇਸ ਵਾਸਤੇ ਸਮੁੱਚੀ ਕੌਮ ਸਿਰ ਜੋੜ ਕੇ ਬੈਠੇ।

ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸ੍ਰੀ ਅਕਾਲ ਤਖ਼ਤ ’ਤੇ ਮਨਾਏ ਗਏ ਘੱਲੂਘਾਰਾ ਦਿਵਸ ਮੌਕੇ ਕੁਝ ਗਰਮ ਖਿਆਲੀਆਂ ਵੱਲੋਂ ਖਾਲਿਸਤਾਨ ਪੱਖੀ ਨਾਅਰੇ ਲਾਏ ਗਏ। ਇਸ ਦੌਰਾਨ ਸਿੱਖ ਕਾਰਕੁਨਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਦਾਖ਼ਲ ਹੋਣ ਤੋਂ ਰੋਕਣ ’ਤੇ ਪੁਲੀਸ ਅਤੇ ਸਿੱਖਾਂ ਵਿਚਾਲੇ ਤਿੱਖੀ ਬਹਿਸ ਅਤੇ ਖਿੱਚ-ਧੂਹ ਵੀ ਹੋਈ। ਸ੍ਰੀ ਹਰਿਮੰਦਰ ਸਾਹਿਬ ਸਮੂਹ ਦੇ ਸਮੁੱਚੇ ਆਲੇ-ਦੁਆਲੇ ਦੀ ਬੈਰੀਕੇਡ ਲਾ ਕੇ ਨਾਕਾਬੰਦੀ ਕੀਤੀ ਗਈ ਸੀ ਅਤੇ ਕਿਸੇ ਨੂੰ ਵੀ ਇਸ ਖੇਤਰ ਵਿਚ ਜਾਣ ਦੀ ਆਗਿਆ ਨਹੀਂ ਦਿੱਤੀ ਗਈ।

ਮੀਡੀਆ ਨੂੰ ਵੀ ਸ੍ਰੀ ਅਕਾਲ ਤਖ਼ਤ ’ਤੇ ਜਾਣ ਦੀ ਆਗਿਆ ਨਹੀਂ ਦਿੱਤੀ ਗਈ। ਘੱਲੂਘਾਰਾ ਦਿਵਸ ਸਬੰਧੀ ਸ੍ਰੀ ਅਕਾਲ ਤਖ਼ਤ ’ਤੇ ਰੱਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਅਰਦਾਸ ਮਗਰੋਂ ਸ੍ਰ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਹੁਕਮਨਾਮਾ ਲਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਸ਼ਹੀਦਾਂ ਨੂੰ ਯਾਦ ਕਰਦਿਆਂ ਆਖਿਆ ਕਿ ਜੂਨ 1984 ਵਿਚ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤਾ ਗਿਆ ਫ਼ੌਜੀ ਹਮਲਾ ਸਿੱਖ ਮਾਨਸਿਕਤਾ ’ਤੇ ਹਮਲਾ ਸੀ ਜਿਸ ਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ ਹੈ ਅਤੇ ਇਹ ਦਿਹਾੜਾ ਹਮੇਸ਼ਾ ਮਨਾਇਆ ਜਾਂਦਾ ਰਹੇਗਾ।

ਉਨ੍ਹ੍ਹਾਂ ਆਖਿਆ ਕਿ ਸਿੱਖ ਕੌਮ ਨੇ ਉਸ ਵੇਲੇ ਕੁਝ ਟੀਚੇ ਮਿੱਥੇ ਸਨ। ਇਨ੍ਹਾਂ ਟੀਚਿਆਂ ਬਾਰੇ ਹੁਣ ਤੱਕ ਕੀ ਕੀਤਾ ਗਿਆ ਅਤੇ ਭਵਿੱਖ ਵਿਚ ਕੀ ਕਰਨਾ ਹੈ, ਇਸ ਲਈ ਸਮੁੱਚੀ ਕੌਮ ਨੂੰ ਸਿਰ ਜੋੜ ਕੇ ਬੈਠਣ ਦੀ ਲੋੜ ਹੈ। ਟੀਚਿਆਂ ਦੀ ਪ੍ਰਾਪਤੀ ਲਈ ਚੰਗੀ ਨੀਤੀ ਅਤੇ ਚੰਗੀ ਨੀਯਤ ਦੀ ਵੀ ਲੋੜ ਹੈ। ਉਨ੍ਹਾਂ ਸਮੁੱਚੀ ਕੌਮ ਨੂੰ ਆਪਸੀ ਫੁੱਟ ਨੂੰ ਦੂਰ ਰਖਦਿਆਂ ਇਕਜੁੱਟ ਹੋਣ ਅਤੇ ਰਲ-ਮਿਲ ਕੇ ਬੈਠਣ ਦੀ ਅਪੀਲ ਕੀਤੀ।

ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਮਿਲ ਕੇ ਸ਼ਹੀਦਾਂ ਦੇ ਪਰਿਵਾਰਾਂ ਦੇ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸ੍ਰੀ ਲੌਂਗੋਵਾਲ ਨੇ ਸਾਕਾ ਨੀਲਾ ਤਾਰਾ ਨੂੰ ਸਮੇਂ ਦੀ ਹਕੂਮਤ ਦਾ ਵਹਿਸ਼ੀ ਕਾਰਾ ਕਰਾਰ ਦਿੱਤਾ। ਜਿਵੇਂ ਹੀ ਇਹ ਸਮਾਗਮ ਖ਼ਤਮ ਹੋਇਆ ਤਾਂ ਕੁਝ ਗਰਮਖਿਆਲੀ ਆਗੂਆਂ ਵੱਲੋਂ ਸ਼ਹੀਦੀ ਯਾਦਗਾਰ ਨੇੜੇ ਖਾਲਿਸਤਾਨ ਪੱਖੀ ਨਾਅਰੇ ਲਾਏ ਗਏ ਅਤੇ ਖਾਲਿਸਤਾਨੀ ਝੰਡੇ ਵੀ ਲਹਿਰਾਏ ਗਏ।

ਕਰੋਨਾ ਮਹਾਮਾਰੀ ਕਾਰਨ ਸੰਗਤ ਨੂੰ ਪਹਿਲਾਂ ਹੀ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ ਗਈ ਸੀ। ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਥਾਂ ’ਤੇ ਉਨ੍ਹਾਂ ਦਾ ਬੇਟਾ ਇਮਾਨ ਸਿੰਘ, ਹਰਬੀਰ ਸਿੰਘ ਸੰਧੂ, ਬਲਵੰਤ ਸਿੰਘ ਗੋਪਾਲਾ ਤੇ ਹੋਰ ਸਮਰਥਕ ਇਥੇ ਪੁੱਜੇ ਹੋਏ ਸਨ। ਜਿਵੇਂ ਹੀ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਦਾਖ਼ਲ ਹੋਣ ਦਾ ਯਤਨ ਕੀਤਾ ਤਾਂ ਉਥੇ ਤਾਇਨਾਤ ਪੁਲੀਸ ਨੇ ਉਨ੍ਹਾਂ ਨੂੰ ਰੋਕ ਦਿੱਤਾ।

ਸਿੱਟੇ ਵਜੋਂ ਦੋਵਾਂ ਧਿਰਾਂ ਵਿਚਾਲੇ ਤਿੱਖੀ ਤਕਰਾਰ ਵੀ ਹੋਈ ਅਤੇ ਮਗਰੋਂ ਖਿੱਚ-ਧੂਹ ਦੀ ਨੌਬਤ ਵੀ ਆਈ। ਸਮਾਗਮ ਦੌਰਾਨ ਸਰਬੱਤ ਖਾਲਸਾ ਵੱਲੋਂ ਥਾਪੇ ਮੁਤਵਾਜੀ ਜਥੇਦਾਰ ਧਿਆਨ ਸਿੰਘ ਮੰਡ ਵੀ ਪੁੱਜੇ ਹੋਏ ਸਨ ਪਰ ਉਨ੍ਹਾਂ ਇਸ ਵਾਰ ਸ੍ਰੀ ਅਕਾਲ ਤਖ਼ਤ ’ਤੇ ਕੋਈ ਸੰਦੇਸ਼ ਨਹੀਂ ਪੜ੍ਹਿਆ। ਸਮਾਗਮ ਦੀ ਸਮਾਪਤੀ ਮਗਰੋਂ ਉਹ ਬਾਹਰ ਆ ਗਏ ਅਤੇ ਆਪਣਾ ਸੰਦੇਸ਼ ਪੜ੍ਹਿਆ ਅਤੇ ਜਾਰੀ ਕੀਤਾ। ਉਨ੍ਹਾਂ ਨਾਲ ਜਰਨੈਲ ਸਿੰਘ ਸਖੀਰਾ, ਸਤਨਾਮ ਸਿੰਘ ਮਨਾਵਾ ਤੇ ਹੋਰ ਸਮਰਥਕ ਹਾਜ਼ਰ ਸਨ।

ਮੁੱਖ ਸਮਾਗਮ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸੰਤ ਭਿੰਡਰਾਂਵਾਲੇ ਦੇ ਪੁੱਤਰ ਭਾਈ ਈਸ਼ਰ ਸਿੰਘ, ਭਾਈ ਰਾਜਿੰਦਰ ਸਿੰਘ ਮਹਿਤਾ, ਗੁਰਬਖਸ਼ ਸਿੰਘ ਖਾਲਸਾ, ਹਰਜਿੰਦਰ ਸਿੰਘ ਧਾਮੀ, ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸ੍ਰੀ ਅਕਾਲ ਤਖ਼ਤ ਦੇ ਹੈਡ ਗ੍ਰੰਥੀ ਭਾਈ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ, ਅਧਿਕਾਰੀਆਂ ਤੋਂ ਇਲਾਵਾ ਦਲ ਖਾਲਸਾ ਦੇ ਕੰਵਰਪਾਲ ਸਿੰਘ ਬਿੱਟੂ, ਬਲਦੇਵ ਸਿੰਘ ਸਿਰਸਾ, ਯੂਨਾਈਟਿਡ ਅਕਾਲੀ ਦਲ ਦੇ ਗੁਰਦੀਪ ਸਿੰਘ ਬਠਿੰਡਾ, ਭਾਈ ਮੋਹਕਮ ਸਿੰਘ, ਫੈਡਰੇਸ਼ਨ ਆਗੂ ਅਮਰਬੀਰ ਸਿੰਘ ਢੋਟ ਤੇ ਹੋਰ ਹਾਜ਼ਰ ਸਨ।

Previous articleB’luru temples, mosque sanitise premises before reopening
Next articleਜਿਣਸਾਂ ਦਾ ਘੱਟੋ-ਘੱਟ ਸਮਰਥਨ ਮੁੱਲ ਜਾਰੀ ਰਹੇਗਾ: ਤੋਮਰ