ਜ਼ਿਮਨੀ ਚੋਣਾਂ: ‘ਆਪ’ ਨੇ ਚਾਰ ਨਵੇਂ ਚਿਹਰੇ ਚੋਣ ਮੈਦਾਨ ’ਚ ਉਤਾਰੇ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੀਆਂ 21 ਅਕਤੂਬਰ ਨੂੰ ਹੋ ਰਹੀਆਂ ਜ਼ਿਮਨੀ ਚੋਣਾਂ ਲਈ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਨਵੇਂ ਚਿਹਰੇ ਚੋਣ ਪਿੜ ਵਿਚ ਉਤਾਰੇ ਹਨ ਤੇ ਇਹ ਦਰਸਾਉਣ ਦਾ ਯਤਨ ਕੀਤਾ ਹੈ ਕਿ ਹੁਣ ਪਾਰਟੀ ਵਿਚ ਦਲ-ਬਦਲੂਆਂ ਦੀ ਥਾਂ ਵਲੰਟੀਅਰਾਂ ਉੱਪਰ ਹੀ ਟੇਕ ਰੱਖੀ ਜਾਵੇਗੀ। ਪਾਰਟੀ ਦੀ ਕੋਰ ਕਮੇਟੀ ਦੀ ਅੱਜ ਇੱਥੇ ਹੋਈ ਮੀਟਿੰਗ ਤੋਂ ਬਾਅਦ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਉਮੀਦਵਾਰਾਂ ਦਾ ਐਲਾਨ ਕੀਤਾ। ਹਲਕਾ ਦਾਖਾ ਤੋਂ ਅਮਨਦੀਪ ਸਿੰਘ ਮੋਹੀ, ਫਗਵਾੜਾ ਤੋਂ ਸੰਤੋਸ਼ ਕੁਮਾਰ ਗੋਗੀ, ਜਲਾਲਾਬਾਦ ਤੋਂ ਮਹਿੰਦਰ ਸਿੰਘ ਕਚੂਰਾ ਅਤੇ ਮੁਕੇਰੀਆਂ ਤੋਂ ਗੁਰਧਿਆਨ ਸਿੰਘ ਮੁਲਤਾਨੀ ਨੂੰ ਉਮੀਦਵਾਰ ਐਲਾਨਿਆ ਹੈ। ਮੋਹੀ ਲੁਧਿਆਣਾ ਦੀ ਜ਼ਿਲ੍ਹਾ ਯੂਥ ਇਕਾਈ ਦੇ ਪ੍ਰਧਾਨ ਅਤੇ ਦਾਖਾ ਹਲਕੇ ਦੇ ਪ੍ਰਧਾਨ ਵਜੋਂ ਕੰਮ ਕਰਦੇ ਆ ਰਹੇ ਹਨ। ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਾਲ 2017 ਦੌਰਾਨ ਜਲਾਲਾਬਾਦ ਤੋਂ ਲੜੀ ਚੋਣ ਦੌਰਾਨ ਮਹਿੰਦਰ ਸਿੰਘ ਕਚੂਰਾ ਉਨ੍ਹਾਂ ਦੀ ਚੋਣ ਮੁਹਿੰਮ ਦੇ ਮੈਨੇਜਰ ਸਨ ਜਦਕਿ ਮੁਲਤਾਨੀ ਹਲਕਾ ਮੁਕੇਰੀਆਂ ਦੇ ਇੰਚਾਰਜ ਹਨ। ਕਮੇਟੀ ਦੀ ਮੀਟਿੰਗ ਮੌਕੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਤੇ ਉਪ ਨੇਤਾ ਸਰਵਜੀਤ ਕੌਰ ਮਾਣੂਕੇ, ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਅਮਨ ਅਰੋੜਾ ਆਦਿ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚਾਰਾਂ ਉਮੀਦਵਾਰਾਂ ਬਾਰੇ ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਤੋਂ ਵੀ ਪ੍ਰਵਾਨਗੀ ਲੈ ਲਈ ਗਈ ਹੈ। ਜਾਣਕਾਰੀ ਮੁਤਾਬਕ ਭਗਵੰਤ ਮਾਨ ਨੇ ਅੱਜ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਹੀ ਫੋਨ ’ਤੇ ਗੱਲਬਾਤ ਕਰ ਕੇ ਪਾਰਟੀ ਦੇ ਕੌਮੀ ਪ੍ਰਧਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਉਮੀਦਵਾਰਾਂ ਬਾਰੇ ਪ੍ਰਵਾਨਗੀ ਲਈ ਹੈ। ਇਸ ਤੋਂ ਸੰਕੇਤ ਮਿਲੇ ਹਨ ਕਿ ਹਾਈ ਕਮਾਨ ਨੇ ਇਨ੍ਹਾਂ ਚੋਣਾਂ ਵਿਚ ਮਾਨ ਤੇ ਪੰਜਾਬ ਦੀ ਲੀਡਰਸ਼ਿਪ ਨੂੰ ਪੂਰੀ ਖ਼ੁਦਮੁਖਤਿਆਰੀ ਦੇ ਦਿੱਤੀ ਹੈ। ਉਨ੍ਹਾਂ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਪਾਰਟੀ ਵਿਚੋਂ ਮੁਅੱਤਲ ਕੀਤੇ ਵਿਧਾਇਕਾਂ ਸੁਖਪਾਲ ਖਹਿਰਾ ਤੇ ਕੰਵਰ ਸੰਧੂ ਨੂੰ ਛੱਡ ਬਾਕੀ ਬਾਗ਼ੀ ਵਿਧਾਇਕਾਂ ਨੂੰ ਨਾਲ ਜੋੜਨ ਲਈ ਨਿਰੰਤਰ ਉਨ੍ਹਾਂ ਨਾਲ ਗੱਲਬਾਤ ਚੱਲ ਰਹੀ ਹੈ।

Previous articleਲਾਂਘਾ ਖੁੱਲ੍ਹਣ ਮੌਕੇ ਸਰਬ ਪਾਰਟੀ ਵਫ਼ਦ ਦੀ ਅਗਵਾਈ ਕਰਨਗੇ ਕੈਪਟਨ
Next articleਸਿੱਖ ਕਤਲੇਆਮ: ਦੋ ਜਣਿਆਂ ਨੇ ਟਾਈਟਲਰ ਖ਼ਿਲਾਫ਼ ਗਵਾਹੀ ਦਿੱਤੀ