ਜਾਖੜ ਦਾ ਅਸਤੀਫ਼ਾ ਰੱਦ

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਿੱਤਾ ਅਸਤੀਫੇ ਅੱਜ ਕਾਂਗਰਸ ਹਾਈ ਕਮਾਨ ਨੇ ਰੱਦ ਕਰ ਦਿੱਤਾ ਹੈ। ਪਾਰਟੀ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਵੱਲੋਂ ਇਹ ਰਸਮੀ ਐਲਾਨ ਕੀਤਾ ਗਿਆ ਹੈ ਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਸ੍ਰੀ ਜਾਖੜ ਨੇ ਸੰਸਦੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਸੀ। ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਨੇ ਪਿਛਲੇ ਦਿਨਾਂ ਦੌਰਾਨ ਪੰਜਾਬ ਦੇ ਇਸ ਆਗੂ ਨੂੰ ਸੂਬੇ ਦੇ ਪ੍ਰਧਾਨ ਵਜੋਂ ਕੰਮ ਕਰਨ ਦੀ ਹਦਾਇਤ ਕੀਤੀ ਸੀ ਤੇ ਅੱਜ ਰਸਮੀ ਐਲਾਨ ਕਰ ਦਿੱਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨੇ ਸ਼ੁੱਕਰਵਾਰ ਨੂੰ ਸੋਨੀਆ ਗਾਂਧੀ ਨਾਲ ਦਿੱਲੀ ਵਿੱਚ ਮੁਲਾਕਾਤ ਵੀ ਕੀਤੀ ਸੀ। ਕਾਂਗਰਸ ਦੇ ਇਸ ਫ਼ੈਸਲੇ ਨਾਲ ਪੰਜਾਬ ਦੀ ਹਾਕਮ ਪਾਰਟੀ ਅੰਦਰ ਸਿਆਸੀ ਹਲਚਲ ਸ਼ੁਰੂ ਹੋਣ ਦੀ ਵੀ ਸੰਭਾਵਨਾ ਹੈ।
ਪ੍ਰਧਾਨਗੀ ਤੋਂ ਅਸਤੀਫੇ ਨੂੰ ਰੱਦ ਕਰਨ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਸ੍ਰੀ ਜਾਖੜ ਨੇ 17 ਸਤੰਬਰ ਨੂੰ ਵਿਧਾਇਕਾਂ ਦੀ ਮੀਟਿੰਗ ਵੀ ਬੁਲਾ ਲਈ ਹੈ। ਪਾਰਟੀ ਸੂਤਰਾਂ ਦਾ ਦੱਸਣਾ ਹੈ ਕਿ ਇਸ ਮੀਟਿੰਗ ਦੌਰਾਨ ਭਖਵੀਂ ਬਹਿਸ ਹੋਣ ਦੀ ਸੰਭਾਵਨਾ ਹੈ ਕਿਉਂਕਿ ਵਿਧਾਇਕਾਂ ਦਾ ਇੱਕ ਧੜਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਚੱਲ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੁਝ ਦਿਨ ਪਹਿਲਾਂ ਹੀ 5 ਵਿਧਾਇਕਾਂ ਨੂੰ ਆਪਣੇ ਨਾਲ ਸਲਾਹਕਾਰ ਨਿਯੁਕਤ ਕਰਕੇ ਵਿਧਾਇਕਾਂ ਦੇ ਗੁੱਸੇ ਨੂੰ ਸ਼ਾਂਤ ਕਰਨ ਦਾ ਯਤਨ ਤਾਂ ਕੀਤਾ ਹੈ ਪਰ ਜ਼ਿਆਦਾ ਕਾਮਯਾਬੀ ਨਹੀਂ ਮਿਲੀ। ਪਾਰਟੀ ਦੇ ਸੀਨੀਅਰ ਆਗੂ ਆਸ਼ਾ ਕੁਮਾਰੀ ਨੇ ਕਿਹਾ ਕਿ ਹੇਠਲੇ ਪੱਧਰ ’ਤੇ ਪਾਰਟੀ ਦੇ ਕਾਡਰ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ ਤੇ ਕਾਂਗਰਸ ਦੇ ਉਦਾਰ ਤੇ ਨਿਰਪੱਖ ਚਰਿੱਤਰ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਬੀਤੇ ਵਾਂਗ ਸ੍ਰੀ ਜਾਖੜ ਹੀ ਪਾਰਟੀ ਦੀ ਆਵਾਜ਼ ਹੋਣਗੇ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਜਾਖੜ ਦੀ ਅਗਵਾਈ ’ਚ ਪੰਜਾਬ ਕਾਂਗਰਸ ਨੇ ਭਾਜਪਾ ਪੱਖੀ ਲਹਿਰ ਦੇ ਬਾਵਜੂਦ ਬਹੁਤ ਵਧੀਆ ਕਾਰਗੁਜ਼ਾਰੀ ਦਿਖਾਈ ਸੀ ਅਤੇ ਸੂਬਾਈ ਕਾਂਗਰਸ ਨੂੰ ਪੰਜਾਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਉਨ੍ਹਾਂ ਦੀ ਅਗਵਾਈ ਦੀ ਲੋੜ ਹੈ।

Previous articleਕੇਂਦਰ ਦੇਵੇਗਾ 70 ਹਜ਼ਾਰ ਕਰੋੜ
Next articleਭੌਂ-ਮਾਫੀਆ ਨੇ ਦਰੱਖ਼ਤਾਂ ਦੀ ਬਲੀ ਲਈ