ਜੰਮੂ ਕਸ਼ਮੀਰ ’ਚ ਚੋਣਾਂ ਲਈ ਤਿਆਰ ਹਾਂ: ਰਾਜਨਾਥ

ਸੂਬੇ ਵਿੱਚ ਰਾਸ਼ਟਰਪਤੀ ਰਾਜ ਨੂੰ ਹਾਲਾਤ ਅਨੁਸਾਰ ਸਹੀ ਦੱਸਿਆ

ਜੰਮੂ ਕਸ਼ਮੀਰ ਵਿੱਚ ਕੇਂਦਰ ਵੱਲੋਂ ਲਗਾਏ ਗਏ ਰਾਸ਼ਟਰਪਤੀ ਰਾਜ ਨੂੰ ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਵੱਲੋਂ ਗ਼ੈਰ ਸੰਵਿਧਾਨਕ ਕਰਾਰ ਦਿੱਤੇ ਜਾਣ ਦਰਮਿਆਨ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਲੋਕ ਸਭਾ ਵਿਚ ਦੱਸਿਆ ਕਿ ਕੋਈ ਵੀ ਪਾਰਟੀ ਰਾਜ ਵਿਚ ਸਰਕਾਰ ਕਾਇਮ ਕਰਨ ਦੀ ਸਥਿਤੀ ਵਿਚ ਨਹੀਂ ਹੈ ਤੇ ਕੇਂਦਰ ਵਿਧਾਨ ਸਭਾ ਚੋਣਾਂ ਕਰਵਾਉਣ ਲਈ ‘ਤਿਆਰ’ ਹੈ। ਉਨ੍ਹਾਂ ਜੰਮੂ ਕਸ਼ਮੀਰ ਵਿੱਚ ਲੋਕਤੰਤਰੀ ਪ੍ਰਕਿਰਿਆ ਨੂੰ ਬਹਾਲ ਰੱਖਣ ਲਈ ਪ੍ਰਤੀਬੱਧਤਾ ਜ਼ਾਹਰ ਕੀਤੀ ਹੈ। ਇਸੇ ਦੌਰਾਨ ਅੱਜ ਲੋਕ ਸਭਾ ਮੈਂਬਰਾਂ ਨੇ ਸਪੀਕਰ ਸੁਮਿੱਤਰਾ ਮਹਾਜਨ ਤੋਂ ਮੰਗ ਕੀਤੀ ਕਿ ਇਸ ਮੁੱਦੇ ’ਤੇ ਬਹਿਸ ਕਰਵਾਈ ਜਾਵੇ। ਕਾਂਗਰਸ, ਤ੍ਰਿਣਾਮੂਲ ਕਾਂਗਰਸ ਤੇ ਐੱਨਸੀਪੀ ਵੱਲੋਂ ਜੰਮੂ ਕਸ਼ਮੀਰ ਦੀ ਵਿਧਾਨ ਸਭਾ ਭੰਗ ਕੀਤੇ ਜਾਣ ਤੇ ਸੂਬੇ ਵਿੱਚ ਰਾਸ਼ਟਰਪਤੀ ਰਾਜ ਲਾਉਣ ਸਬੰਧੀ ਚੁੱਕੇ ਸਵਾਲਾਂ ਦਾ ਜਵਾਬ ਦਿੰਦਿਆਂ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਕੋਈ ਵੀ ਪਾਰਟੀ ਸਰਕਾਰ ਬਣਾਉਣ ਦੀ ਸਥਿਤੀ ਵਿੱਚ ਨਹੀਂ ਸੀ। ਇਸ ਲਈ ਰਾਜਪਾਲ ਨੇ ਵਿਧਾਨ ਸਭਾ ਭੰਗ ਕਰਨ ਦਾ ਫ਼ੈਸਲਾ ਲਿਆ ਸੀ। ਉਨ੍ਹਾਂ ਨਾਲ ਹੀ ਵਿਰੋਧੀ ਪਾਰਟੀਆਂ ਦੇ ਉਨ੍ਹਾਂ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਜਿਨ੍ਹਾਂ ’ਚ ਕਿਹਾ ਗਿਆ ਸੀ ਭਾਜਪਾ ਸੂਬੇ ਵਿੱਚ ਸਰਕਾਰ ਬਣਾਉਣ ਲਈ ਕਿਸੇ ਖੇਤਰੀ ਪਾਰਟੀ ਦਾ ਸਹਾਰਾ ਲੈ ਰਹੀ ਸੀ। ਉਨ੍ਹਾਂ ਕਿਹਾ, ‘ਸਰਕਾਰ ਦਾ ਕੰਮ ਚੋਣ ਕਰਵਾਉਣ ਨਹੀਂ ਹੈ, ਪਰ ਉਹ ਚੋਣ ਲੜਨ ਲਈ ਤਿਆਰ ਹਨ। ਚੋਣਾਂ ਕਰਵਾਉਣਾ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਹੈ ਅਤੇ ਅਸੀਂ ਲੋਕੰਤਤਰੀ ਪ੍ਰਕਿਰਿਆ ਬਹਾਲ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।’ ਗ੍ਰਹਿ ਮੰਤਰੀ ਨੇ ਭਰੋਸਾ ਦਿਵਾਇਆ ਕਿ ਸੂਬੇ ਵਿੱਚ ਚੋਣਾਂ ਪ੍ਰਤੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਉਹ ਚੋਣ ਕਮਿਸ਼ਨ ਨੂੰ ਪੂਰੀ ਸੁਰੱਖਿਆ ਮੁਹੱਈਆ ਕੀਤੀ ਜਾਵੇਗੀ। ਜੰਮੂ ਕਸ਼ਮੀਰ ਵਿੱਚ ਜੂਨ ਮਹੀਨੇ ਲਗਾਏ ਗਏ ਗਵਰਨਰੀ ਰਾਜ ਬਾਰੇ ਸ੍ਰੀ ਸਿੰਘ ਨੇ ਕਿਹਾ ਕਿ ਉਸ ਸਮੇਂ ਕੋਈ ਵੀ ਪਾਰਟੀ ਜਾਂ ਪਾਰਟੀਆਂ ਦਾ ਗੱਠਜੋੜ ਸਰਕਾਰ ਬਣਾਉਣ ਦੀ ਸਥਿਤੀ ਵਿੱਚ ਨਹੀਂ ਸੀ। ਇਸ ਲਈ ਸੂਬੇ ਵਿੱਚ ਗਵਰਨਰ ਰਾਜ ਲਾਗੂ ਕੀਤਾ ਗਿਆ ਸੀ।

Previous articleਕੇਂਦਰ ਵਲੋਂ ਕਿਸਾਨਾਂ ਨੂੰ ਖ਼ੁਸ਼ ਕਰਨ ਦੀ ਤਿਆਰੀ
Next articleਉਮਰ ਅਬਦੁੱਲ੍ਹਾ ਵੱਲੋਂ ਰਾਜਨਾਥ ਦੇ ਬਿਆਨ ਦਾ ਸਵਾਗਤ