ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ ਕਰਫ਼ਿਊ ਨਿਯਮਾਂ ਨੂੰ ਤੋੜਨ ‘ਤੇ ਸ਼ਖਤ ਕਾਰਵਾਈ ਲਈ ਤਾੜਿਆ

ਜਲੰਧਰ (ਸਮਾਜ ਵੀਕਲੀ) – ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਕਰਕੇ ਲਗਾਏ ਗਏ ਕਰਫ਼ਿਊ ਦੌਰਾਨ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਕੀਮਤ ‘ਤੇ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਉਂਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ.ਸ੍ਰੀ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆ ਨੂੰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ ਅਤੇ ਕਰਫ਼ਿਊ ਤੋਂ ਬਾਅਦ ਉਨਾਂ ਨੂੰ ਪਾਸਪੋਰਟ ਤੇ ਹਥਿਆਰ ਲਾਇਸੰਸ ਪ੍ਰਾਪਤ ਕਰਨ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਕਰਤਾਰਪੁਰ ਸ਼ਹਿਰ ਵਿਖੇ ਵੱਖ-ਵੱਖ ਖੇਤਰਾਂ ਵਿੱਚ ਫਲੈਗ ਮਾਰਚ ਦੀ ਅਗਵਾਈ ਕਰਦਿਆਂ ਉਨਾਂ ਕਿਹਾ ਕਿ ਕੁਝ ਪ੍ਰਤੀਸ਼ਤ ਲੋਕ ਕਰਫ਼ਿਊ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਅਤੇ ਬਿਨਾਂ ਯੋਗ ਪਾਸ ਦੇ ਇੱਧਰ-ਉਧਰ ਘੁੰਮ ਕੇ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ।

ਉਨਾਂ ਕਿਹਾ ਕਿ ਜ਼ਿਨਾਂ ਲੋਕਾਂ ਖਿਲਾਫ਼ ਆਈ.ਪੀ.ਸੀ. ਦੀ ਧਾਰਾ ਅਤੇ ਮਹਾਂਮਾਰੀ ਐਕਟ ਤੇ ਰਾਸ਼ਟਰੀ ਆਫ਼ਤ ਪ੍ਰਬੰਧਨ ਕਾਨੂੰਨ ਤਹਿਤ ਐਫ.ਆਈ.ਆਰ.ਦਰਜ਼ ਹੁੰਦੀ ਹੈ ਉਨਾਂ ਨੂੰ ਪਾਸਪੋਰਟ ਅਤੇ ਅਸਲਾ ਲਾਇਸੰਸ ਲੈਣ ਵਿਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ। ਉਨਾਂ ਕਿਹਾ ਕਿ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨਾ ਜ਼ੁਰਮ ਹੈ ਅਤੇ ਇਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨਾਂ ਕਿਹਾ ਕਿ ਕਰਫ਼ਿਊ ਨੂੰ ਸਹੀ ਢੰਗ ਨਾਲ ਲਾਗੂ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਕਿਉਂਕਿ ਇਸ ਨੂੰ ਸੂਬਾ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਲਗਾਇਆ ਗਿਆ ਹੈ।

ਉਨਾਂ ਕਿਹਾ ਕਿ ਕੋਰੋਨਾ ਵਾਇਰਸ ਖਿਲਾਫ਼ ਜੰਗ ਜਿੱਤਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਵਲੋਂ ਪਹਿਲਾਂ ਹੀ ਲੋਕਾਂ ਦੀ ਮਿਸ਼ਨਰੀ ਭਾਵਨਾ ਨਾਲ ਸੇਵਾ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਵਲੋਂ ਲਾਡੋਵਾਲੀ ਰੋਡ, ਗੁਰੂ ਨਾਨਕ ਪੁਰਾ, ਚੁਗਿੱਟੀ, ਗੁਰੂ ਗੋਬਿੰਦ ਸਿੰਘ ਐਵੀਨਿਊ, ਲੰਬਾ ਪਿੰਡ ਚੌਕ, ਪਠਾਨਕੋਟ ਬਾਈਪਾਸ, ਭਗਤ ਸਿੰਘ ਕਲੋਨੀ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਵੀ ਫਲੈਗ ਮਾਰਚ ਕੱਢਿਆ ਗਿਆ। ਉਨਾਂ ਕਿਹਾ ਕਿ ਲੋਕਾਂ ਨੂੰ ਅਪਣੇ ਘਰਾਂ ਵਿੱਚ ਰਹਿ ਕੇ ਕੋਰੋਨਾ ਵਾਇਰਸ ਤੋਂ ਬਚਾਉ ਲਈ ਜ਼ਿਲਾ ਪ੍ਰਸ਼ਾਸਨ ਨਾਲ ਸਹਿਯੋਗ ਕਰਨਾ ਚਾਹੀਦਾ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਵੀ ਉਨਾਂ ਦੇ ਨਾਲ ਮੌਜੂਦ ਸਨ।

ਹਰਜਿੰਦਰ ਛਾਬੜਾ- ਪੱਤਰਕਾਰ 9592282333
Previous articleਨੰਬਰਦਾਰ ਯੂਨੀਅਨ ਵਲੋਂ ਪੱਤਰਕਾਰ ਦਵਿੰਦਰ ਪਾਲ ਨਾਲ ਪੁਲਿਸ ਵੱਲੋਂ ਕੀਤੀ ਧੱਕੇਸ਼ਾਹੀ ਦੀ ਘੋਰ ਨਿੰਦਾ
Next articleCOVID-19: Pakistan’s tour to Netherlands postponed