ਤਾਲਾਬੰਦੀ: ਦੁਕਾਨਦਾਰਾਂ ਤੇ ਮਜ਼ਦੂਰਾਂ ਦੇ ਹੱਕ ’ਚ ਡਟਣਗੇ ਕਿਸਾਨ

ਚੰਡੀਗੜ੍ਹ (ਸਮਾਜ ਵੀਕਲੀ) : ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿੱਚ ਸਵਾ ਸੌ ਤੋਂ ਵੱਧ ਥਾਵਾਂ, ਟੌਲ ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਅਤੇ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਸਾਹਮਣੇ ਜਾਰੀ ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕਰੋਨਾ ਦੇ ਨਾਂ ਹੇਠ ਲੋਕ ਸੰਘਰਸ਼ਾਂ ’ਤੇ ਲਾਈਆਂ ਜਾ ਰਹੀਆਂ ਪਾਬੰਦੀਆਂ ਦੀ ਨਿਖੇਧੀ ਕੀਤੀ ਹੈ।

ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕਰੋਨਾ ਦੇ ਨਾਂ ’ਤੇ ਲਾਈਆਂ ਗਈਆਂ ਪਾਬੰਦੀਆਂ ਖ਼ਿਲਾਫ਼ ਵਪਾਰੀਆਂ, ਛੋਟੇ ਦੁਕਾਨਦਾਰਾਂ ਅਤੇ ਮਜ਼ਦੂਰਾਂ ਦੇ ਸਮਰਥਨ ਦਾ ਐਲਾਨ ਕਰਦਿਆਂ 8 ਮਈ ਨੂੰ ਦੁਕਾਨਾਂ ਖੋਲ੍ਹਣ ਅਤੇ ਪਾਬੰਦੀਆਂ ਖ਼ਿਲਾਫ਼ ਰੋਸ ਪ੍ਰਗਟਾਉਣ ਦਾ ਸੱਦਾ ਦਿੱਤਾ ਹੈ। ਸੰਯੁਕਤ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਬੇਸ਼ੱਕ ਕਰੋਨਾ ਮਹਾਮਾਰੀ ਨਾਲ ਲੋਕ ਜੂਝ ਰਹੇ ਹਨ ਪਰ ਕਾਰੋਬਾਰ ’ਤੇ ਲਾਈਆਂ ਪਾਬੰਦੀਆਂ ਕਾਰਨ ਲੋਕ ਭੁੱਖਮਰੀ ਦਾ ਸ਼ਿਕਾਰ ਹੋਣਗੇ। ਉਨ੍ਹਾਂ ਕਿਹਾ ਕਿ ਰੇਹੜੀ-ਫੜ੍ਹੀ ਵਾਲੇ, ਛੋਟੇ ਦੁਕਾਨਦਾਰ ਅਤੇ ਮਜ਼ਦੂਰ ਹਰ ਰੋਜ਼ ਜੋ ਕਮਾਉਂਦੇ ਹਨ, ਉਹੀ ਖਾਂਦੇ ਹਨ ਪਰ ਪਾਬੰਦੀਆਂ ਕਾਰਨ ਸਭ ਦਾ ਰੁਜ਼ਗਾਰ ਪ੍ਰਭਾਵਿਤ ਹੋ ਰਿਹਾ ਹੈ।

ਆਗੂਆਂ ਨੇ ਕਿਹਾ ਕਿ ਇਹ ਤਰਕਹੀਣ ਗੱਲ ਹੈ ਕਿ ਦੁਕਾਨਾਂ ਦਾ ਸਮਾਂ ਘੱਟ ਕਰਨ ਨਾਲ ਕਰੋਨਾ ਨਹੀਂ ਫੈਲੇਗਾ, ਜਦੋਂਕਿ ਘੱਟ ਸਮੇਂ ਲਈ ਦੁਕਾਨਾਂ ਖੁੱਲ੍ਹਣ ਕਾਰਨ ਭੀੜ ਵਧੇਗੀ। ਉਨ੍ਹਾਂ ਕਿਹਾ ਕਿ ਸਰਕਾਰਾਂ ਆਮ ਲੋਕਾਂ ਲਈ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਨਾਕਾਮ ਰਹੀਆਂ ਹਨ, ਜਿਸ ਲਈ ਸਰਕਾਰਾਂ ਨੂੰ ਸਿਹਤ ਸਹੂਲਤਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਨਾ ਕਿ ਲੋਕਾਂ ਦੇ ਰੁਜ਼ਗਾਰ ਅਤੇ ਸੰਘਰਸ਼ਾਂ ’ਤੇ ਪਾਬੰਦੀਆਂ ਲਾਈਆਂ ਜਾਣ।

ਬੁਲਾਰਿਆਂ ਨੇ ਕਿਹਾ ਕਿ ਪਿਛਲੇ ਸਾਲ ਬਗੈਰ ਵਿਉਂਤਬੰਦੀ ਦੇ ਲਾਈ ਤਾਲਾਬੰਦੀ ਕਾਰਨ ਲੋਕਾਂ ਨੂੰ ਦਰਦਨਾਕ ਹਾਲਾਤਾਂ ਦਾ ਸਾਹਮਣਾ ਕਰਨਾ ਪਿਆ ਸੀ। ਸਰਕਾਰ ਬੀਤੇ ਸਮੇਂ ਤੋਂ ਸਬਕ ਨਾ ਸਿੱਖ ਕੇ ਹੁਣ ਫਿਰ ਤਾਲਾਬੰਦੀ ਲਾ ਰਹੀ ਹੈ। ਭਾਵੇਂ ਲੋਕਾਂ ਦੇ ਵਿਰੋਧ ਕਾਰਨ ਅਜੇ ਤੱਕ ਅੰਸ਼ਕ ਤਾਲਾਬੰਦੀ ਹੀ ਕੀਤੀ ਹੈ ਪਰ ਇਸ ਨੂੰ ਕਦੇ ਵੀ ਮੁਕੰਮਲ ਤਾਲਾਬੰਦੀ ਵਿੱਚ ਤਬਦੀਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਰਕਾਰ ਨੂੰ ਅਜਿਹਾ ਲੋਕ ਮਾਰੂ ਫ਼ੈਸਲਾ ਲਾਗੂ ਕਰਨ ਦੀ ਇਜਾਜ਼ਤ ਨਹੀਂ ਦੇਣਗੇ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ 8 ਮਈ ਨੂੰ ਵਪਾਰੀਆਂ, ਛੋਟੇ ਕਾਰੋਬਾਰੀਆਂ ਤੇ ਮਜ਼ਦੂਰਾਂ ਦੇ ਤਾਲਾਬੰਦੀ ਖ਼ਿਲਾਫ਼ ਸੰਘਰਸ਼ ਦਾ ਸਾਥ ਦੇਣਗੀਆਂ ਅਤੇ ਇਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ ਅਤੇ ਦੁਕਾਨਦਾਰ ਸੜਕਾਂ ’ਤੇ ਆਉਣਗੇ ਅਤੇ ਸੂਬੇ ਵਿੱਚ ਤਾਲਾਬੰਦੀ ਦਾ ਵਿਰੋਧ ਕਰਨਗੇ।

ਕਿਸਾਨ ਆਗੂ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ 10 ਮਈ ਅਤੇ 12 ਮਈ ਨੂੰ ਖਨੌਰੀ ਅਤੇ ਸ਼ੰਭੂ ਰਾਹੀਂ ਪੰਜਾਬ ਤੋਂ ਕਿਸਾਨਾਂ ਦੇ ਵੱਡੇ ਕਾਫ਼ਲੇ ਦਿੱਲੀ ਲਈ ਰਵਾਨਾ ਹੋਣਗੇ ਅਤੇ ਦਿੱਲੀ ਮੋਰਚਿਆਂ ਨੂੰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਾਢੀ ਦਾ ਸੀਜ਼ਨ ਖਤਮ ਹੋ ਗਿਆ ਹੈ ਅਤੇ ਹੁਣ ਕਿਸਾਨ ਜਥਿਆਂ ’ਚ ਦਿੱਲੀ ਰਵਾਨਾ ਹੋਣਗੇ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੁਗੰਧਾ ਮਿਸ਼ਰਾ ਖ਼ਿਲਾਫ਼ ਕੋਵਿਡ ਨਿਯਮਾਂ ਦੀ ਉਲੰਘਣਾ ਦਾ ਕੇਸ ਦਰਜ
Next articleਸਿੱਖਿਆ ਮੰਤਰੀ ਵੱਲੋਂ ਮੀਟਿੰਗ ਮੁਲਤਵੀ; ਅਧਿਆਪਕ ਨਾਰਾਜ਼