ਦਿੱਲੀ ਹਿੰਸਾ ਦੇ ਪੀੜਤਾਂ ਦੀ ਮਦਦ ਲਈ ਸਿੱਖ ਭਾਈਚਾਰਾ ਅੱਗੇ ਆਵੇ: ਜਥੇਦਾਰ

* ਪ੍ਰਬੰਧਕਾਂ ਨੂੰ ਬਿਨਾਂ ਵਿਤਕਰੇ ਦੇ ਪੀੜਤਾਂ ਨੂੰ ਪਨਾਹ ਦੇਣ ਅਤੇ ਲੰਗਰ ਦਾ ਪ੍ਰਬੰਧ ਕਰਨ ਲਈ ਆਖਿਆ

* ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ’ਤੇ ਵਿਸ਼ੇਸ਼ ਧਿਆਨ ਦੇਣ ਲਈ ਕਿਹਾ

ਦਿੱਲੀ ਵਿਚ ਵਾਪਰ ਰਹੀਆਂ ਹਿੰਸਕ ਘਟਨਾਵਾਂ ਦਰਮਿਆਨ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ਦੇ ਗੁਰਦੁਆਰਿਆਂ ਦੇ ਪ੍ਰਬੰਧਕਾਂ ਨੂੰ ਆਖਿਆ ਹੈ ਕਿ ਉਹ ਇਸ ਦੁੱਖ ਦੀ ਘੜੀ ਵਿਚ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਉਣ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ਦੀਆਂ ਘਟਨਾਵਾਂ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਉਥੋਂ ਦੇ ਹਾਲਾਤ ਨਾਜ਼ੁਕ ਬਣੇ ਹੋਏ ਹਨ। ਅਜਿਹੀ ਸਥਿਤੀ ਵਿਚ ਸਿੱਖਾਂ ਨੂੰ ਪੀੜਤਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਆਖਿਆ,‘‘ਦਿੱਲੀ ਦੇ ਸਮੂਹ ਗੁਰਦੁਆਰਿਆਂ ਦੇ ਪ੍ਰਬੰਧਕ ਦੁੱਖ ਦੀ ਘੜੀ ਵਿਚ ਪੀੜਤਾਂ ਦੀ ਸਹਾਇਤਾ ਕਰਨ। ਇਹ ਸਹਾਇਤਾ ਬਿਨਾਂ ਕਿਸੇ ਭੇਦ-ਭਾਵ ਦੇ ਕੀਤੀ ਜਾਵੇ। ਭਾਵ ਪੀੜਤ ਹਿੰਦੂ ਹੋਵੇ ਜਾਂ ਮੁਸਲਮਾਨ, ਹਰ ਕਿਸੇ ਦੀ ਮਦਦ ਕੀਤੀ ਜਾਵੇ।’’ ਉਨ੍ਹਾਂ ਕਿਹਾ ਕਿ ਗੁਰਦੁਆਰਿਆਂ ਦੇ ਪ੍ਰਬੰਧਕ ਪੀੜਤਾਂ ਨੂੰ ਸ਼ਰਨ ਦੇਣ ਅਤੇ ਲੰਗਰ ਦਾ ਪ੍ਰਬੰਧ ਕਰਨ। ਇਸ ਤੋਂ ਇਲਾਵਾ ਬੱਚਿਆਂ ਅਤੇ ਔਰਤਾਂ ਦੀ ਸੁਰੱਖਿਆ ਦਾ ਵਿਸ਼ੇਸ਼ ਤੌਰ ’ਤੇ ਧਿਆਨ ਰੱਖਿਆ ਜਾਵੇ। ਪਾਕਿਸਤਾਨ ਦੇ ਦੌਰੇ ਤੋਂ ਮੰਗਲਵਾਰ ਨੂੰ ਪਰਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਹਿਲਾਂ ਵੀ ਇਨ੍ਹਾਂ ਹਿੰਸਕ ਘਟਨਾਵਾਂ ਦੀ ਨਿੰਦਾ ਕੀਤੀ ਸੀ।

ਕਪਿਲ ਮਿਸ਼ਰਾ ਦੀ ਗ੍ਰਿਫ਼ਤਾਰੀ ਮੰਗੀ

ਫੋਕਲੋਰ ਰਿਸਰਚ ਅਕੈਡਮੀ ਅੰਮ੍ਰਿਤਸਰ, ਜਮਹੂਰੀ ਅਧਿਕਾਰ ਸਭਾ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਦੇ ਆਗੂਆਂ ਨੇ ਦਿੱਲੀ ਵਿਚ ਵਾਪਰੀਆਂ ਹਿੰਸਕ ਘਟਨਾਵਾਂ ਨੂੰ ਸਾਜ਼ਿਸ਼ ਦੱਸਦਿਆਂ ਇਸ ਮਾਮਲੇ ਵਿਚ ਭਾਜਪਾ ਆਗੂ ਕਪਿਲ ਮਿਸ਼ਰਾ ਦੀ ਗ੍ਰਿਫ਼ਤਾਰੀ ਮੰਗੀ ਹੈ। ਜਥੇਬੰਦੀਆਂ ਨੇ ਦੋਸ਼ ਲਾਇਆ ਕਿ ਭਾਜਪਾ ਦੇ ਸਾਬਕਾ ਵਿਧਾਇਕ ਕਪਿਲ ਮਿਸ਼ਰਾ ਦੇ ਭੜਕਾਊ ਬਿਆਨਾਂ ਤੋਂ ਬਾਅਦ ਹਿੰਸਾ ਭੜਕੀ, ਜਿਸ ਵਿਚ ਇਕ ਫਿਰਕੇ ਦੇ ਲੋਕਾਂ ਨੂੰ ਮਾਰਿਆ ਗਿਆ, ਘਰਾਂ ਤੇ ਦੁਕਾਨਾਂ ਆਦਿ ਨੂੰ ਸਾੜਿਆ ਗਿਆ ਅਤੇ ਫਿਰਕੂ ਨਾਅਰੇਬਾਜ਼ੀ ਕੀਤੀ ਗਈ ਹੈ। ਜਥੇਬੰਦੀਆਂ ਨੇ ਮੰਗ ਕੀਤੀ ਕਿ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

Previous articleਸੋਨੀਆ ਨੇ ਸ਼ਾਹ ਦਾ ਅਸਤੀਫ਼ਾ ਮੰਗਿਆ
Next articleਬਰਾਤੀਆਂ ਨਾਲ ਭਰੀ ਬੱਸ ਦਰਿਆ ਵਿੱਚ ਡਿੱਗੀ; 24 ਹਲਾਕ