ਦਿੱਲੀ ਹਿੰਸਾ: 2020 ’ਚ ਚੇਤੇ ਕਰਵਾਇਆ 1984

ਬਠਿੰਡਾ– ਅੱਜ ਇਥੇ 14 ਜਨਤਕ ਜਥੇਬੰਦੀਆਂ ਦੇ ਸੱਦੇ ’ਤੇ ਸ਼ਹਿਰ ’ਚ ਨਾਗਰਿਕਤਾ ਹੱਕਾਂ ’ਤੇ ਕੇਂਦਰ ਸਰਕਾਰ ਦੇ ਕਥਿਤ ਹਮਲੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨ, ਮਜ਼ਦੂਰ, ਨੌਜਵਾਨ ਤੇ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਭਾਜਪਾ ਤੇ ਆਰਐੱਸਐੱਸ ਨੇ ਦਿੱਲੀ ‘ਚ ਮੁਸਲਮਾਨਾਂ ਅਤੇ ਉਨ੍ਹਾਂ ਦੇ ਘਰਾਂ-ਦੁਕਾਨਾਂ ਨੂੰ ਨਿਸ਼ਾਨਾ ਬਣਾਇਆ। ਇਸ ਨਾਲ ਇਕ ਵਾਰ ਫੇਰ 1984 ਵਾਲੀ ਸਿੱਖ ਨਸਲਕੁਸ਼ੀ ਦੀ ਯਾਦ ਤਾਜ਼ਾ ਹੋ ਗਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ), ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਨੌਜਵਾਨ ਭਾਰਤ ਸਭਾ ਅਤੇ ਪੀਐੱਸਯੂ (ਸ਼ਹੀਦ ਰੰਧਾਵਾ) ਦੇ ਮੈਂਬਰਾਂ ਵੱਲੋਂ ਮੁਸਲਿਮ ਭਾਈਚਾਰੇ ਦੇ ਨਾਲ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ‘ਚ ਮੁਜ਼ਾਹਰਾ ਕੀਤਾ ਗਿਆ ਤੇ ਡਿਪਟੀ ਕਮਿਸ਼ਨਰ ਦਫ਼ਤਰ ਦਫ਼ਤਰ ਕਚਹਿਰੀ ਚੌਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਸਾੜ ਕੇ ਨਾਅਰੇਬਾਜ਼ੀ ਕੀਤੀ। ਇਸ ਤੋਂ ਪਹਿਲਾਂ ਅਨਾਜ ਮੰਡੀ ਵਿੱਚ ਬੀਕੇਯੂ (ਏਕਤਾ ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ, ਨੌਜਵਾਨ ਭਾਰਤ ਸਭਾ ਦੇ ਸੂਬਾ ਆਗੂ ਅਸ਼ਵਨੀ ਘੁੱਦਾ ਅਤੇ ਮੁਸਲਮਾਨ ਭਾਈਚਾਰੇ ਦੇ ਸਾਂਝੇ ਬੁਲਾਰੇ ਮੁਹੰਮਦ ਆਸਿਫ਼ ਪੰਮਾ ਨੇ ਨੇ ਆਖਿਆ ਕਿ ਮੋਦੀ ਹਕੂਮਤ ਵੱਲੋਂ ਸੀਏਏ, ਐੱਨਆਰਸੀ ਤੇ ਐੱਨਪੀਆਰ ਰਾਹੀਂ ਲੋਕਾਂ ਦੀ ਨਾਗਰਿਕਤਾ ’ਤੇ ਸਵਾਲੀਆ ਨਿਸ਼ਾਨ ਲਗਾ ਦਿੱਤੇ ਹਨ। ਇਨ੍ਹਾਂ ਦਾ ਵਿਰੋਧ ਕਰਨ ਵਾਲੇ ਹਕੂਮਤ ਦੀਆਂ ਅੱਖਾਂ ਵਿੱਚ ਰੜਕ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਕੇਂਦਰ ਦੇ ਫਾਸੀਵਾਦੀ ਫ਼ੈਸਲਿਆਂ ਖ਼ਿਲਾਫ਼ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ 8 ਮਾਰਚ ਨੂੰ ਕੌਮਾਂਤਰੀ ਔਰਤ ਦਿਹਾੜੇ ਦੇ ਮੌਕੇ ਮਾਲੇਰਕੋਟਲਾ ਵਿਖੇ ਔਰਤਾਂ ਦਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰ ਕੇ ਸੰਘਰਸ਼ ਨੂੰ ਅੱਗੇ ਵਧਾਇਆ ਜਾਵੇਗਾ।

Previous articleਪੋਲੋ ਕੱਪ: ਬਹਾਦਰਗੜ੍ਹ ਦੀ ਕਿਲ੍ਹਾ ਮੁਬਾਰਕ ’ਤੇ ਜਿੱਤ
Next articleਵਿੰਗ ਕਮਾਂਡਰ ਜੀਐੱਸ ਚੀਮਾ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ