ਪਰਵਾਸੀ ਮਜ਼ਦੂਰਾਂ ਦੇ ਭੋਜਨ ਤੇ ਰਹਿਣ ਦਾ ਪ੍ਰਬੰਧ ਕੀਤਾ: ਕੈਪਟਨ

ਚੰਡੀਗੜ੍ਹ (ਸਮਾਜਵੀਕਲੀ)ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਭਰੋਸਾ ਦਿੱਤਾ ਕਿ ਕੋਵਿਡ-19 ਕਾਰਨ ਲੌਕਡਾਊਨ ਦੇ ਮੱਦੇਨਜ਼ਰ ਸੂਬੇ ਵਿਚ ਪਰਵਾਸੀ ਮਜ਼ਦੂਰਾਂ ਦਾ ਕੋਈ ਮਸਲਾ ਨਹੀਂ ਹੈ ਕਿਉਂਕਿ ਉਦਯੋਗਪਤੀਆਂ ਨੂੰ ਇਸ ਨਾਜ਼ੁਕ ਸਮੇਂ ਸਾਰੇ ਮਜ਼ਦੂਰਾਂ ਨੂੰ ਰੱਖਣ ਲਈ ਆਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਰਵਾਸੀ ਮਜ਼ਦੂਰਾਂ ਦੇ ਰਹਿਣ-ਸਹਿਣ ਅਤੇ ਭੋਜਨ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਕਾਂਗਰਸ ਪ੍ਰਧਾਨ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਪਰਵਾਸੀ ਮਜ਼ਦੂਰਾਂ ਦਾ ਮੁੱਦਾ ਉਠਾਇਆ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਰਵਾਸੀ ਮਜ਼ਦੂਰਾਂ ਦੇ ਉੱਤਰ ਪ੍ਰਦੇਸ਼ ਅਤੇ ਬਿਹਾਰ ਵਾਪਸ ਜਾਣ ਨਾਲ ਪੈਦਾ ਹੋਏ ਮਸਲੇ ਨੂੰ ਸੁਲਝਾਉਣ ਲਈ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਮੇਂ ਸਿਰ ਦਖ਼ਲ ਦੇਣ ਨਾਲ ਮਸਲਾ ਨਿਪਟਾ ਲਿਆ ਗਿਆ ਅਤੇ ਉਨ੍ਹਾਂ ਦੇ ਭੋਜਨ ਅਤੇ ਰਹਿਣ-ਸਹਿਣ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਹੁਣ ਤੱਕ ਕਰੋਨਾਵਾਇਰਸ ’ਤੇ ਕਾਬੂ ਪਾਉਣ ਵਿਚ ਸਫ਼ਲ ਰਿਹਾ ਹੈ ਤੇ ਸੂਬਾ ਸਰਕਾਰ ਮਈ ਜਾਂ ਜੂਨ ਮਹੀਨੇ ਤੱਕ ਇਸ ਮਹਾਮਾਰੀ ਦੇ ਵੱਡੇ ਅਨੁਪਾਤ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦਾ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨਿਰੰਤਰ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਸੰਪਰਕ ਵਿਚ ਹੈ ਅਤੇ ਆਈ.ਸੀ.ਐੱਮ.ਆਰ. ਅਤੇ ਮੰਤਰਾਲੇ ਵੱਲੋਂ ਜਾਰੀ ਪ੍ਰੋਟੋਕੋਲ ਦੀ ਪਾਲਣਾ ਕਰ ਰਿਹਾ ਹੈ। ਮੁੱਖ ਮੰਤਰੀ ਨੇ ਪੰਜਾਬ ਪੁਲੀਸ ਦੀ ਭੂਮਿਕਾ ਦੀ ਸ਼ਲਾਘਾ ਕੀਤੀ, ਜਿਨ੍ਹਾਂ ਵੱਲੋਂ ਗ਼ਰੀਬਾਂ ਤੇ ਲੋੜਵੰਦਾਂ ਨੂੰ ਜ਼ਰੂਰੀ ਵਸਤਾਂ ਦੀ ਵੰਡ ਵੀ ਕੀਤੀ ਜਾ ਰਹੀ ਹੈ।

Previous articleਕਰੋਨਾ ਕਾਰਨ ਡੇਅਰੀ ਤੇ ਪੋਲਟਰੀ ਦਾ ਕਾਰੋਬਾਰ ਠੱਪ
Next articleਬੱਚਿਆਂ ਦੀ ਮਨੋਦਸ਼ਾ ‘ਤੇ ਮਾੜੇ ਅਸਰ ਪਾ ਸਕਦਾ ਹੈ ਕਰੋਨਾ