ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਪ੍ਰਸ਼ਾਸਨ ਸਖ਼ਤ, 82 ਕੇਸ ਦਰਜ , ਕਈ ਗ੍ਰਿਫ਼ਤਾਰ

ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਤੋਂ ਬਾਅਦ ਅਫਸਰਾਂ ਨੇ ਦਫ਼ਤਰ ਛੱਡ ਕੇ ਖੇਤਾਂ ਦੇ ਰਾਹ ਫੜ ਲਏ ਹਨ। ਅੱਜ ਸਾਰਾ ਦਿਨ ਡਿਪਟੀ ਕਮਿਸ਼ਨਰ ਐੱਮਕੇ ਅਰਵਿੰਦ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਡਾ. ਰਿਚਾ ਅਤੇ ਐੱਸਪੀਐੱਚ ਗੁਰਮੇਲ ਸਿੰਘ ਧਾਲੀਵਾਲ ਸਣੇ ਹੋਰ ਅਫਸਰਾਂ ਨੇ ਖੇਤਾਂ ਦਾ ਦੌਰਾ ਕਰਕੇ ਜਿਸ ਜ਼ਮੀਨ ਵਿੱਚ ਅੱਗ ਲੱਗੀ ਹੋਈ ਸੀ, ਦੇ ਮਾਲਕਾਂ ਦੀ ਸ਼ਨਾਖਤ ਕਰਕੇ ਮੁਕੱਦਮੇ ਦਰਜ ਕਰਨ ਦੇ ਹੁਕਮ ਦਿੱਤੇ। ਇਸ ਤੋਂ ਬਾਅਦ ਪੁਲੀਸ ਨੇ 32 ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤੇ ਤੇ ਦੋ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਦੀ ਭਿਣਕ ਪੈਂਦੇ ਹੀ ਕਿਸਾਨਾਂ ਨੇ ਥਾਣਾ ਸਦਰ ਅੱਗੇ ਧਰਨਾ ਲਾ ਦਿੱਤਾ। ਉਹ ਕਿਸਾਨਾਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਅਤੇ ਗ੍ਰਿਫ਼ਤਾਰ ਕਿਸਾਨਾਂ ਨੂੰ ਛੱੱਡਣ ਦੀ ਮੰਗ ਕਰ ਰਹੇ ਸਨ। ਖ਼ਬਰ ਲਿਖੇ ਜਾਣ ਤਕ ਕਿਸਾਨਾਂ ਦਾ ਥਾਣੇ ਅੱਗੇ ਧਰਨਾ ਜਾਰੀ ਸੀ।
ਲੰਬੀ(ਪੱਤਰ ਪ੍ਰੇਰਕ): ਇਸੇ ਦੌਰਾਨ ਥਾਣਾ ਲੰਬੀ ਅਤੇ ਕਬਰਵਾਲਾ ’ਚ ਛੇ ਮੁਕੱਦਮੇ ਦਰਜ ਕੀਤੇ ਗਏ। ਫੁੱਲੂਖੇੜਾ ਅਤੇ ਘੁਮਿਆਰਾ ਦੇ ਦੋ ਕਿਸਾਨਾਂ ’ਤੇ ਪਰਾਲੀ ਸਾੜਨ ਖਿਲਾਫ਼ ਕੇਸ ਦਰਜ ਕੀਤਾ ਗਿਆ।
ਟੱਲੇਵਾਲ (ਪੱਤਰ ਪ੍ਰੇਰਕ): ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਬਰਨਾਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਸਖਤ ਰੁੱਖ ਅਪਣਾਇਆ ਹੈ। ਹੁਣ ਤੱਕ ਅੱਗ ਲਗਾਉਣ ਵਾਲੇ 135 ਕਿਸਾਨਾਂ ਦੇ ਚਲਾਨ ਕੀਤੇ ਗਏ ਹਨ। ਇਸ ਤੋਂ ਇਲਾਵਾ 4 ਕਿਸਾਨਾਂ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਹੁਣ ਤੱਕ ਕਿਸਾਨਾਂ ਨੂੰ 2.75 ਲੱਖ ਰੁਪਏ ਦੇ ਜੁਰਮਾਨੇ ਕੀਤੇ ਜਾ ਚੁੱਕੇ ਹਨ। ਪਰਾਲੀ ਦੇ ਧੂੰਏ ਦੇ ਖ਼ਿਲਾਫ਼ ਕੋਈ ਸਖ਼ਤ ਕਦਮ ਤੋਂ ਗੁਰੇਜ਼ ਕਰਦੇ ਆ ਰਹੇ ਪ੍ਰਸ਼ਾਸਨਿਕ ਅਧਿਕਾਰੀ ਹੁਣ ਅਜਿਹੇ ਕਿਸਾਨਾਂ ਖਿਲਾਫ਼ ਸਖ਼ਤੀ ‘ਤੇ ਉਤਰ ਆਏ ਹਨ। ਪਿਛਲੇ ਦਿਨਾਂ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਕਾਰਨ ਅਸਮਾਨ ’ਚ ਧੁਆਂਖੀ ਧੁੰਦ ਛਾਈ ਹੋਈ ਸੀ, ਜਿਸ ਕਾਰਨ ਸੜਕ ਹਾਦਸੇ ਵਾਪਰੇ ਰਹੇ ਹਨ। ਪ੍ਰਸ਼ਾਸਨ ਦੀ ਇਸ ਕਾਰਵਾਈ ਖ਼ਿਲਾਫ਼ ਕਿਸਾਨ ਯੂਨੀਅਨ ਨੇ ਸੰਘਰਸ਼ ਦੀ ਚੇਤਾਵਨੀ ਦਿੱਤੀ ਹੈ। ਡਿਪਟੀ ਕਮਿਸ਼ਨਰ ਤੇਜ਼ ਪ੍ਰਤਾਪ ਸਿੰਘ ਫ਼ੂਲਕਾ ਨੇ ਕਿਹਾ ਕਿ ਬਰਨਾਲਾ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੇ ਕੁੱਲ 273 ਮਾਮਲੇ ਸਾਹਮਣੇ ਆਏ ਹਨ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਨੇ 135 ਕਿਸਾਨਾਂ ਦੇ ਚਲਾਨ ਕੀਤੇ ਹਨ। ਇਸੇ ਦੌਰਾਨ ਪੁਲੀਸ ਨੇ ਅਧਿਕਾਰੀਆਂ ਦਾ ਘਿਰਾਓ ਕਰਨ ਦੇ ਮਾਮਲੇ ਵਿੱਚ ਤਿੰਨ ਕਿਸਾਨ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੇ ਅੰਮ੍ਰਿਤਪਾਲ ਗਰਗ ਦੇ ਬਿਆਨਾਂ ’ਤੇ ਕਿਸਾਨ ਯੂਨੀਅਨ ਆਗੂ ਦਰਸ਼ਨ ਸਿੰਘ, ਸੁਖਦੇਵ ਸਿੰਘ ਭੋਤਨਾ ਅਤੇ ਸੰਦੀਪ ਸਿੰਘ ਨੂੰ ਕੇਸ ਵਿੱਚ ਨਾਮਜ਼ਦ ਕੀਤਾ ਹੈ। ਉਧਰ ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਸਰਕਾਰ ’ਤੇ ਧੱਕੇਸ਼ਾਹੀ ਦਾ ਦੋਸ਼ ਲਾਇਆ।
ਮਾਨਸਾ(ਪੱਤਰ ਪ੍ਰੇਰਕ): ਵਾਤਾਵਰਣ ਅਤੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਅਤੇ ਝੋਨੇ ਦੇ ਸੀਜ਼ਨ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਿਸਾਨਾਂ ਨੂੰ ਜ਼ੀਰੋ ਬਰਨਿੰਗ ਦਾ ਸੱਦਾ ਦਿੱਤਾ ਗਿਆ ਹੈ। ਇਸ ਤਹਿਤ ਸਮੂਹ ਐਸ.ਡੀ.ਐਮਜ਼. ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਅਨੁਸਾਰ ਪਰਾਲੀ ਨੂੰ ਸਾੜਨੋਂ ਰੋਕਣ ਲਈ ਪੁਲੀਸ ਅਤੇ ਸਿਵਲ ਅਧਿਕਾਰੀਆਂ ਦੀਆਂ 26 ਟੀਮਾਂ ਬਣਾਈਆਂ ਗਈਆਂ ਹਨ। ਹੁਣ ਤਕ ਜ਼ਿਲ੍ਹੇ ਵਿਚੋਂ ਕੁੱਲ 5 ਲੱਖ 10 ਹਜ਼ਾਰ ਰੁਪਏ ਦਾ ਜੁਰਮਾਨਾ ਵਸੂਲਿਆ ਗਿਆ ਹੈ ਤੇ 37 ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ ਅਤੇ 14 ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਨਥਾਣਾ(ਪੱਤਰ ਪ੍ਰੇਰਕ): ਸਥਾਨਕ ਪੁਲੀਸ ਨੇ ਪਰਾਲੀ ਨੂੰ ਅੱਗ ਲਾਉਣ ਦੇ ਸਬੰਧ ਵਿੱਚ ਪਿੰਡ ਪੂਹਲੀ ਦੇ ਕਿਸਾਨ ਚਮਕੌਰ ਸਿੰਘ ਖਿਲਾਫ ਪ੍ਰਦੂਸ਼ਨ ਐਕਟ ਅਤੇ ਧਾਰਾ 188 ਅਧੀਨ ਕੇਸ ਦਰਜ ਕਰਕੇ ਉਸ ਉਸ ਨੂੰ ਗ੍ਰਿਫਤਾਰ ਬਾਅਦ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਨਥਾਣਾ ਪੂਹਲੀ ਰੋਡ ’ਤੇ ਪੈਟਰੋਲ ਪੰਪ ਦੇ ਨੇੜੇ ਚਮਕੌਰ ਸਿੰਘ ਨੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਈ ਹੋਈ ਸੀ। ਸ਼ਿਕਾਇਤਾਂ ਮਿਲਣ ਉਪਰੰਤ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਤੇ ਪੁਲੀਸ ਨੂੰ ਕਾਰਵਾਈ ਲਈ ਕਿਹਾ। ਇਸੇ ਤਰ੍ਹਾਂ ਪੁਲੀਸ ਨੇ ਲਹਿਰਾਖਾਨਾ ਦੇ ਗੁਰਦੇਵ ਸਿੰਘ ਪੁੱਤਰ ਗੁਰਦਿਆਲ ਸਿੰਘ ਖਿਲਾਫ ਵੀ ਕੇਸ ਦਰਜ ਕੀਤਾ ਹੈ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਪਿੰਡ ਕਲਿਆਣ ਸੁੱਖਾ ਵਿੱਚ ਮੀਟਿੰਗ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖਿਲਾਫ ਕੇਸ ਦਰਜ ਕੀਤੇ ਜਾਣ ਦੀ ਸਖ਼ਤ ਨਿਖੇਧੀ ਕੀਤੀ। ਯੂਨੀਅਨ ਦੇ ਨਥਾਣਾ ਬਲਾਕ ਪ੍ਰਧਾਨ ਜਵਾਹਰ ਸਿੰਘ, ਗੁਰਮੇਲ ਸਿੰਘ ਲਹਿਰਾ, ਅੰਗਰੇਜ ਸਿੰਘ ਅਤੇ ਬਿੱਕਰ ਸਿੰਘ ਨੇ ਕਿਹਾ ਕਿ ਕਿਸਾਨ ਬੀਤੇ ਕਈ ਸਾਲਾਂ ਤੋਂ ਮੰਗ ਕਰ ਰਹੇ ਹਨ ਕਿ ਪੰਜ ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਨੂੰ ਪਰਾਲੀ ਦੇ ਖਾਤਮੇ ਲਈ ਮਸ਼ੀਨਰੀ ਮੁਫਤ ਦਿੱਤੀ ਜਾਵੇ ਸਰਕਾਰ ਨੇ ਕਿਸਾਨਾਂ ਦੀ ਮੰਗ ਮੰਨਣ ਦੀ ਥਾਂ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਮੁਕੱਦਮੇ ਦਰਜ ਕਰ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਇਕੱਠੇ ਹੋਏ ਦੋ ਦਰਜਨ ਕਿਸਾਨ ਆਗੂਆਂ ਨੇ ਕੁਝ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਐਲਾਨ ਕੀਤਾ ਤੇ ਅਧਿਕਾਰੀਆਂ ਦੇ ਘਿਰਾਓ ਦੀ ਚਿਤਾਵਨੀ ਦਿੱਤੀ।
ਹੰਡਿਆਇਆ(ਪੱਤਰ ਪ੍ਰੇਰਕ): ਖੇਤੀਬਾੜੀ ਅਧਿਕਾਰੀਆਂ ਨੂੰ ਧਮਕੀਆਂ ਦੇਣ ਤੇ ਉਨ੍ਹਾਂ ਦੇ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਪੁਲੀਸ ਨੇ ਇਕ ਕਿਸਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Previous articleਚੰਡੀਗੜ੍ਹ ਦਾ ਟਾਟਾ ‘ਕੈਮਲੌਟ’ ਹਾਊਸਿੰਗ ਪ੍ਰਾਜੈਕਟ ਰੱਦ
Next articleਅਯੁੱਧਿਆ: ਆਰਐੱਸਐੱਸ ਤੇ ਭਾਜਪਾ ਵੱਲੋਂ ਮੁਸਲਿਮ ਸ਼ਖ਼ਸੀਅਤਾਂ ਨਾਲ ਮੀਟਿੰਗ