ਪਾਕਿ ਨਾ ਜਾ ਸਕਿਆ ਸਿੱਖ ਜੱਥਾ

ਸ਼ਹੀਦੀ ਦਿਹਾੜਾ ਮਨਾਉਣ ਲਈ ਜਾ ਰਹੇ ਸ਼ਰਧਾਲੂ ਅਟਾਰੀ ਸਟੇਸ਼ਨ ’ਤੇ ਰੋਕੇ

ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 16 ਜੂਨ ਨੂੰ ਗੁਰਦੁਆਰਾ ਡੇਹਰਾ ਸਾਹਿਬ, ਲਾਹੌਰ (ਪਾਕਿਸਤਾਨ) ਵਿਖੇ ਮਨਾਉਣ ਲਈ ਅੱਜ ਅਟਾਰੀ ਰੇਲਵੇ ਸਟੇਸ਼ਨ ਤੋਂ ਵਿਸ਼ੇਸ਼ ਰੇਲਗੱਡੀ ਰਾਹੀਂ ਪਾਕਿਸਤਾਨ ਜਾਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਭਾਰਤ ਸਰਕਾਰ ਵੱਲੋਂ ਮਨਜ਼ੂਰੀ ਨਾ ਦਿੱਤੇ ਜਾਣ ਕਾਰਨ ਨਿਰਾਸ਼ ਹੋ ਕੇ ਪਰਤਣਾ ਪਿਆ। ਇਸ ਮੌਕੇ ਸਿੱਖ ਸ਼ਰਧਾਲੂਆਂ ਨੇ ਭਾਰਤ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਵਾ ਕਰਦਿਆਂ ਨਾਅਰੇਬਾਜ਼ੀ ਕੀਤੀ। ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਫ਼ਿਰੋਜ਼ਪੁਰ ਦੇ ਆਗੂ ਜਗਦੇਵ ਸਿੰਘ ਨੇ ਦੱਸਿਆ ਕਿ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਡੇਹਰਾ ਸਾਹਿਬ, ਲਾਹੌਰ ਵਿਖੇ ਮਨਾਉਣ ਅਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਪਾਕਿਸਤਾਨ ਦੂਤਘਰ ਵੱਲੋਂ ਵੱਖ-ਵੱਖ ਸੰਗਠਨਾਂ ਦੇ ਕਰੀਬ 135 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਦੇ ਜਥੇ ਨੇ ਅੱਜ ਅਟਾਰੀ ਰੇਲਵੇ ਸਟੇਸ਼ਨ ਤੋਂ ਵਿਸ਼ੇਸ਼ ਰੇਲਗੱਡੀ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਣਾ ਸੀ ਪਰ ਭਾਰਤ ਸਰਕਾਰ ਵੱਲੋਂ ਰੇਲਵੇ ਨੂੰ ਪ੍ਰਵਾਨਗੀ ਨਾ ਦਿੱਤੇ ਜਾਣ ਕਾਰਨ ਜਥਾ ਨਹੀਂ ਭੇਜਿਆ ਗਿਆ। ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਭੁੱਲਰ ਨੇ ਭਾਰਤੀ ਸਿੱਖ ਜਥੇ ਨੂੰ ਪਾਕਿਸਤਾਨ ਜਾਣ ਦੀ ਪ੍ਰਵਾਨਗੀ ਨਾ ਦੇਣ ’ਤੇ ਭਾਰਤ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਨਹੀਂ ਹੋਇਆ ਹੈ। ਇਸ ਤੋਂ ਪਹਿਲਾਂ ਵੀ ਦੋ ਵਾਰ ਭਾਰਤ ਸਰਕਾਰ ਵਲੋਂ ਜਥੇ ਨੂੰ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਪਾਕਿਸਤਾਨ ਜਾਣ ਤੋਂ ਰੋਕਿਆ ਜਾ ਚੁੱਕਿਆ ਹੈ। ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਡੱਬਵਾਲੀ ਜ਼ਿਲ੍ਹਾ ਸਿਰਸਾ (ਹਰਿਆਣਾ) ਦੇ ਗੁਰਬਚਨ ਸਿੰਘ ਨੇ ਕਿਹਾ ਕਿ ਜੇਕਰ ਪਾਕਿਸਤਾਨ ਦੇ ਦੂਤਘਰ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਗੁਰਧਾਮਾਂ ਦੇ ਦਰਸ਼ਨਾਂ ਲਈ ਵੀਜ਼ੇ ਦਿੱਤੇ ਗਏ ਸਨ ਤਾਂ ਭਾਰਤ ਸਰਕਾਰ ਵੱਲੋਂ ਜਥੇ ਨੂੰ ਪਾਕਿਸਤਾਨ ਜਾਣ ਦੀ ਪ੍ਰਵਾਨਗੀ ਵੀ ਦੇਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਸ਼ਰਧਾ ਤੇ ਉਤਸ਼ਾਹ ਨਾਲ ਘਰਾਂ ਤੋਂ ਗੁਰਧਾਮਾਂ ਦੀ ਯਾਤਰਾ ਲਈ ਰੇਲਵੇ ਸਟੇਸ਼ਨ ਪਹੁੰਚੇ ਜਥੇ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਸਿੱਖ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ। ਸਿੱਖ ਜਥੇ ਵਿੱਚ ਜੈਪੁਰ, ਮੁੰਬਈ, ਦੇਹਰਾਦੂਨ, ਹਰਿਆਣਾ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸ਼ਰਧਾਲੂ ਸ਼ਾਮਲ ਸਨ। ਪਰਮਜੀਤ ਸਿੰਘ ਜੱਜੇਆਣੀ ਨੇ ਕਿਹਾ ਕਿ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ (ਪਾਕਿਸਤਾਨ) ਵਿਖੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ 16 ਜੂਨ ਨੂੰ ਮਨਾਉਣ ਲਈ ਜਾ ਰਹੇ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਅਟਾਰੀ ਰੇਲਵੇ ਸਟੇਸ਼ਨ ’ਤੇ ਇਸ ਕਰਕੇ ਰੋਕਿਆ ਗਿਆ ਹੈ ਕਿਉਂਕਿ ਸ਼੍ਰੋਮਣੀ ਕਮੇਟੀ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਪਹਿਲਾਂ ਹੀ ਸ਼ਹੀਦੀ ਦਿਹਾੜਾ ਮਨਾ ਚੁੱਕੀ ਹੈ।

Previous articleਮੁੱਖ ਮੰਤਰੀ ਦਾ ਦਿੱਲੀ ਦੌਰਾ ਰੱਦ; ਸਿੱਧੂ ਦੀ ਉਡੀਕ ਹੋਈ ਲੰਮੀ
Next articleਅਤਿਵਾਦੀਆਂ ਦੇ ਸਰਪ੍ਰਸਤ ਜਵਾਬਦੇਹ ਹੋਣ: ਮੋਦੀ