ਪ੍ਰਕਾਸ਼ ਪੁਰਬ: ਦਮਦਮਾ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ

ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਆਲੌਕਿਕ ਨਗਰ ਕੀਰਤਨ ਸਜਾਇਆ ਗਿਆ। ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆ ਦੀ ਅਗਵਾਈ ਵਿੱਚ ਅੱਜ ਸਵੇਰੇ ਨਗਰ ਕੀਰਤਨ ਦੀ ਸ਼ੁਰੂਆਤ ਤਖ਼ਤ ਦਮਦਮਾ ਦੇ ਮੁੱਖ ਗ੍ਰੰਥੀ ਭਾਈ ਗੁਰਜੰਟ ਸਿੰਘ ਵੱਲੋਂ ਆਰੰਭਿਕ ਅਰਦਾਸ ਕਰਨ ਨਾਲ ਹੋਈ। ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਤੇ ਤਖ਼ਤ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ। ਨਗਰ ਕੀਰਤਨ ਅੱਗੇ ਜਿੱਥੇ ਫੌਜੀ ਬੈਂਡ ਅਤੇ ਯੂਨੀਵਰਸਲ ਪਬਲਿਕ ਸਕੂਲ ਦਾ ਬੈਂਡ ਮਨਮੋਹਕ ਧੁਨਾਂ ਬਿਖੇਰ ਰਿਹਾ ਸੀ, ਉੱਥੇ ਗਤਕਾ ਅਕੈਡਮੀ ਅਤੇ ਮਾਤਾ ਸਾਹਿਬ ਕੌਰ ਕਾਲਜ ਦੀਆਂ ਵਿਦਿਆਰਥਣਾਂ ਨੇ ਖਾਲਸਾਈ ਖੇਡ ਗੱਤਕੇ ਦੇ ਜੌਹਰ ਦਿਖਾਏ। ਨਗਰ ਕੀਰਤਨ ਦੇ ਰਸਤੇ ਵਿੱਚ ਸ਼ਰਧਾਵਾਨਾਂ ਵੱਲੋਂ ਥਾਂ ਥਾਂ ਵੱਖ ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ ਸਨ ਤੇ ਸਵਾਗਤੀ ਗੇਟ ਉਸਾਰੇ ਗਏ ਸਨ। ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀ ਕੌਮ ਨੂੰ ਗੁਰੂ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਉਣ ਦੀ ਅਪੀਲ ਕਰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਗ੍ਰਹਿਣ ਕਰਨ ਦੀ ਅਪੀਲ ਵੀ ਕੀਤੀ। ਹਲਕੇ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਵੀ ਸ਼ਹਿਰ ਵਿੱਚ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪੇ ਭੇਟ ਕੀਤੇ। ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਸਾਬਕਾ ਵਿਧਾਇਕ ਦਾ ਸਨਮਾਨ ਕੀਤਾ ਜਦ ਕਿ ਸ੍ਰੀ ਸਿੱਧੂ ਨੇ ਇਸ ਮੌਕੇ ਗੱਤਕੇ ਟੀਮ ਦਾ ਸਨਮਾਨ ਵੀ ਕੀਤਾ। ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਭਾਗਾਂ ਵਿੱਚੋਂ ਦੀ ਗੁਜ਼ਰਦਾ ਹੋਇਆ ਸ਼ਾਮਲ ਨੂੰ ਵਾਪਸ ਤਖ਼ਤ ਸਾਹਿਬ ਵਿਖੇ ਆ ਕੇ ਸਮਾਪਤੀ ਅਰਦਾਸ ਨਾਲ ਸਮਾਪਤ ਹੋਇਆ। ਨਗਰ ਕੀਰਤਨ ਵਿੱਚ ਸੰਤ ਸੇਵਕ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਦੇ ਮੁਖੀ ਬਾਬਾ ਛੋਟਾ ਸਿੰਘ, ਭਾਈ ਪਰਮਜੀਤ ਸਿੰਘ ਮੈਨੇਜਰ ਤਖ਼ਤ ਸਾਹਿਬ, ਨਗਰ ਪੰਚਾਇਤ ਪ੍ਰਧਾਨ ਗੁਰਪ੍ਰੀਤ ਸਿੰਘ ਮਾਨਸ਼ਾਹੀਆ, ਸਾਬਕਾ ਪ੍ਰਧਾਨ ਗੁਰਤਿੰਦਰ ਸਿੰਘ ਰਿੰਪੀ, ਸੀਨੀਅਰ ਕਾਂਗਰਸੀ ਆਗੂ ਜਗਜੀਤ ਸਿੰਘ ਸਿੱਧੂ, ਕੌਂਸਲਰ ਹਰਬੰਸ ਸਿੰਘ, ਅਕਾਲੀ ਆਗੂ ਸੁਖਬੀਰ ਸਿੰਘ ਚੱਠਾ, ਅਵਤਾਰ ਸਿੰਘ ਮੈਨੂੰਆਣਾ, ਬਾਬੂ ਸਿੰਘ ਮਾਨ ਆਦਿ ਸ਼ਖ਼ਸੀਅਤਾਂ ਸ਼ਾਮਲ ਸੀ।

Previous articleਲਤਾ ਮੰਗੇਸ਼ਕਰ ਆਈਸੀਯੂ ਵਿੱਚ ਦਾਖ਼ਲ
Next articleਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ