ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਗ੍ਰੰਥੀ ਭਾਈ ਹਰਜਿੰਦਰ ਸਿੰਘ ਨੇ ਅਰਦਾਸ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਫੁੱਲਾਂ ਨਾਲ ਸਜੀ ਸੁੰਦਰ ਬੱਸ ਵਿਚ ਸਜਾਈ ਸੁਨਹਿਰੀ ਪਾਲਕੀ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਸ਼ੋਭਿਤ ਕੀਤਾ। ਆਰੰਭਤਾ ਤੋਂ ਪਹਿਲਾਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਮੁੱਖ ਸਕੱਤਰ ਡਾ. ਰੂਪ ਸਿੰਘ, ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਸਰਵਨ ਸਿੰਘ ਕੁਲਾਰ ਤੇ ਭਾਈ ਮਹਿੰਦਰ ਸਿੰਘ ਨਿਸ਼ਕਾਮ ਸੇਵਾ ਜਥਾ ਬਰਮਿੰਘਮ ਵੱਲੋਂ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਭੇਟ ਕੀਤੇ ਗਏ। ਨਗਰ ਕੀਰਤਨ ਵਿਚ ਗਤਕਾ ਪਾਰਟੀਆਂ ਵੱਲੋਂ ਸਿੱਖ ਸ਼ਸਤਰ ਕਲਾ ਦੇ ਬਾਖੂਬੀ ਜੌਹਰ ਦਿਖਾਏ ਗਏ। ਨਗਰ ਕੀਰਤਨ ਦੇ ਸਾਰੇ ਰਸਤੇ ਥਾਂ-ਥਾਂ ’ਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ ਸਨ ਅਤੇ ਸਾਰੇ ਮਾਰਗ ਨੂੰ ਖੂਬਸੂਰਤ ਲੜੀਆਂ ਅਤੇ ਸਵਾਗਤੀ ਗੇਟਾਂ ਨਾਲ ਵੀ ਸਜਾਇਆ ਗਿਆ ਸੀ। ਨਗਰ ਕੀਰਤਨ ਦੌਰਾਨ ਫੁੱਲ ਪੱਤੀਆਂ ਦੀ ਵਰਖਾ ਵੀ ਖਿੱਚ ਦਾ ਕੇਂਦਰ ਰਹੀ। ਨਗਰ ਕੀਰਤਨ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜਣ ’ਤੇ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ।

Previous articleਪ੍ਰਕਾਸ਼ ਪੁਰਬ: ਦਮਦਮਾ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ
Next articleਕੀਥ ਵਾਜ਼ ਵੱਲੋਂ ਸੇਵਾਮੁਕਤੀ ਦਾ ਐਲਾਨ