ਪ੍ਰਧਾਨ ਮੰਤਰੀ ਫੌਰੀ ਨਵੇਂ ਖੇਤੀ ਕਾਨੂੰਨ ਰੱਦ ਕਰਨ: ਕੈਪਟਨ

ਚੰਡੀਗੜ੍ਹ (ਸਮਾਜ ਵੀਕਲੀ):  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਨਵੇਂ ਖੇਤੀ ਕਾਨੂੰਨ ਫ਼ੌਰੀ ਰੱਦ ਕੀਤੇ ਜਾਣ ਕਿਉਂਕਿ ਕਿਸਾਨੀ ਦੀਆਂ ਮੰਗਾਂ ਜਾਇਜ਼ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਤਾਂ ਪ੍ਰਧਾਨ ਮੰਤਰੀ ਨੂੰ ਆਪਣਾ ਰੁਖ਼ ਬਿਲਕੁਲ ਸਪੱਸ਼ਟ ਕਰ ਦਿੱਤਾ ਹੈ ਅਤੇ ਹੁਣ ਕੇਂਦਰ ਸਰਕਾਰ ਕਿਸਾਨਾਂ ਦੀ ਆਵਾਜ਼ ਸੁਣੇ। ਮੁੱਖ ਮੰਤਰੀ ਨੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਨਕਸਲੀ ਤੇ ਦਹਿਸ਼ਤਗਰਦ ਕਹਿਣ ਵਾਲਿਆਂ ਨੂੰ ਲੰਬੇ ਹੱਥੀਂ ਲੈਂਦਿਆਂ ਕਿਹਾ ਕਿ ਅਜਿਹਾ ਕਹਿਣਾ ਗਲਤ ਤੇ ਗੈਰ-ਜ਼ਿੰਮੇਵਾਰ ਵਤੀਰਾ ਹੈ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ, ਕੇਂਦਰੀ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲਾ ਪਹਿਲਾ ਸੂਬਾ ਹੈ ਅਤੇ ਇੱਥੋਂ ਤੱਕ ਕਿ ਸੂਬੇ ਵੱਲੋਂ ਸੋਧ ਬਿੱਲ ਵੀ ਪਾਸ ਕੀਤੇ ਗਏ ਹਨ ਤਾਂ ਜੋ ਕੇਂਦਰੀ ਬਿੱਲਾਂ ਦੇ ਖੇਤੀਬਾੜੀ ਖੇਤਰ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਦਾ ਅਸਰ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਇਸ ਮੁੱਦੇ ’ਤੇ ਗੁੰਮਰਾਹਕੁਨ ਪ੍ਰਚਾਰ ਕਰਨ ਲਈ ਆਮ ਆਦਮੀ ਪਾਰਟੀ ਨੂੰ ਵੀ ਕਰਾਰੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਪੰਜਾਬ ਵਿਧਾਨ ਸਭਾ ’ਚ ਪਾਸ ਕੀਤੇ ਗਏ ਖੇਤੀ ਸੋਧ ਬਿੱਲ ਮਨਜ਼ੂਰੀ ਲਈ ਰਾਸ਼ਟਰਪਤੀ ਕੋਲ ਭੇਜਣੇ ਚਾਹੀਦੇ ਸਨ ਪਰ ਉਨ੍ਹਾਂ ਅਜਿਹਾ ਨਹੀਂ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਮਦਦ ਲਈ ਦੋ ਹੈਲਪ ਲਾਈਨਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਕਿਸੇ ਵੀ ਸੰਕਟ ਮੌਕੇ ਕਿਸਾਨ ਇਨ੍ਹਾਂ ਨੰਬਰਾਂ ’ਤੇ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਨਵੇਂ ਕਾਨੂੰਨਾਂ ਨਾਲ ਆਪਣੇ ਕਿਸਾਨਾਂ ਦੀ ਜ਼ਿੰਦਗੀ ਬਰਬਾਦ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਬਾਕਾਇਦਾ ਗੱਲਬਾਤ ਅਤੇ ਸਲਾਹ-ਮਸ਼ਵਰਾ ਕਰ ਕੇ ਨਵੇਂ ਕਾਨੂੰਨ ਲਿਆਂਦੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸੰਵਿਧਾਨ ਵਿੱਚ ਕਈ ਵਾਰ ਸੋਧ ਕੀਤੀ ਜਾ ਚੁੱਕੀ ਹੈ ਅਤੇ ਹਾਲ ਹੀ ਵਿਚ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਮੁੜ ਸੋਧ ਕੀਤੀ ਜਾ ਸਕਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਛੇ-ਸੱਤ ਮੀਟਿੰਗਾਂ ਤੋਂ ਬਾਅਦ ਹੁਣ ਸਮਾਂ ਆ ਗਿਆ ਹੈ ਕਿ ਕਿਸਾਨਾਂ ਨਾਲ ਇਹ ਮਸਲਾ ਸੁਲਝਾ ਲਿਆ ਜਾਵੇ ਤਾਂ ਜੋ ਠੰਢ ਤੇ ਮੀਂਹ ਦੇ ਮੌਸਮ ਦੀ ਮਾਰ ਝੱਲ ਰਹੇ ਕਿਸਾਨ ਵਾਪਸ ਜਾ ਕੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਅ ਸਕਣ।

Previous articleਤੋਮਰ ਨੇ ਜਥੇਬੰਦੀਆਂ ਤੋਂ ਸਹਿਯੋਗ ਮਿਲਣ ਦਾ ਭਰੋਸਾ ਜਤਾਇਆ
Next articleUS reports nearly 2.13 mn child Covid-19 cases