ਪ੍ਰੋ. ਵਰਵਰਾ ਰਾਓ ਨੂੰ ਰਿਹਾਅ ਕਰਨ ਦੀ ਮੰਗ

ਚੰਡੀਗੜ੍ਹ (ਸਮਾਜਵੀਕਲੀ) :  ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋ. ਏ.ਕੇ. ਮਲੇਰੀ, ਜਨਰਲ ਸਕੱਤਰ ਪ੍ਰੋ. ਜਗਮੋਹਣ ਸਿੰਘ ਅਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਅਤੇ ਪ੍ਰਗਤੀਸ਼ੀਲ ਲੇਖਕ ਸਭਾ ਦੇ ਆਗੂਆਂ ਡਾ. ਤੇਜਵੰਤ ਸਿੰਘ ਗਿੱਲ, ਪ੍ਰੋ. ਸੁਰਜੀਤ ਜੱਜ, ਡਾ. ਗੁਰਮੇਲ ਸਿੰਘ ਅਤੇ ਡਾ. ਸਰਬਜੀਤ ਸਿੰਘ  ਨੇ ਜੇਲ੍ਹ ਵਿੱਚ ਬੰਦ ਇਨਕਲਾਬੀ ਕਵੀ ਪ੍ਰੋ. ਵਰਵਰਾ ਰਾਓ ਦੀ ਵਿਗੜ ਰਹੀ ਸਿਹਤ ’ਤੇ ਚਿੰਤਾ ਜ਼ਾਹਿਰ ਕਰਦਿਆਂ ਤੁਰੰਤ ਉਨ੍ਹਾਂ ਦੀ ਰਿਹਾਈ ਦੀ ਮੰਗ ਕੀਤੀ ਹੈ।

ਇੱਕ ਬਿਆਨ ਰਾਹੀਂ ਸਭਾ ਦੇ ਆਗੂਆਂ ਨੇ ਕਿਹਾ ਕਿ ਜੇ ਜੇਲ੍ਹ ਵਿਚ ਇਨਕਲਾਬੀ ਕਵੀ ਦਾ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਇਸ ਲਈ ਸਿੱਧੇ ਤੌਰ ’ਤੇ ਹੁਕਮਰਾਨ ਜ਼ਿੰਮੇਵਾਰ ਹੋਣਗੇ। ਸਭਾ ਦੇ ਆਗੂਆਂ ਨੇ ਕਿਹਾ ਕਿ 28 ਮਈ ਨੂੰ ਵੀ ਪ੍ਰੋ. ਰਾਓ ਜੇਲ੍ਹ ਵਿਚ ਬੇਹੋਸ਼ ਹੋ ਗਏ ਸਨ। ਇਸ ਦਾ ਭੇਤ ਖੁੱਲ੍ਹ ਜਾਣ ’ਤੇ ਜੇਲ੍ਹ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਾਉਣਾ ਪਿਆ ਸੀ। ਫਿਰ ਵੀ ਨਾ ਇਲਾਜ ਲਈ ਜ਼ਮਾਨਤ ਦਿੱਤੀ ਗਈ ਅਤੇ ਨਾ ਹੀ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਦੇ ਖ਼ਤਰੇ ਕਾਰਨ ਪ੍ਰੋ. ਰਾਓ ਅਤੇ ਨਾਲ ਜੇਲ੍ਹ ’ਚ ਬੰਦ 11 ਲੋਕ-ਪੱਖੀ ਬੁੱਧੀਜੀਵੀਆਂ ਅਤੇ ਕਾਰਕੁਨਾਂ ਨੂੰ ਵਧੇਰੇ ਉਮਰ ਅਤੇ ਗੰਭੀਰ ਬਿਮਾਰੀਆਂ ਦੇ ਮੱਦੇਨਜ਼ਰ ਤੁਰੰਤ ਜ਼ਮਾਨਤ ’ਤੇ ਰਿਹਾਅ ਕਰਨ ਦੀ ਜ਼ਰੂਰਤ ਹੈ। ਆਗੂਆਂ ਨੇ ਮੰਗ ਕੀਤੀ ਕਿ ਪ੍ਰੋ. ਵਰਵਰਾ ਰਾਓ, ਪ੍ਰੋ. ਸਾਈਬਾਬਾ ਸਣੇ ਸਾਰੇ ਰਾਜਨੀਤਕ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਜ਼ੁਬਾਨਬੰਦੀ ਦੇ ਫਾਸ਼ੀਵਾਦੀ ਮਨੋਰਥ ਨਾਲ ਦਰਜ ਭੀਮਾ-ਕੋਰੇਗਾਓਂ ਅਤੇ ਹੋਰ ਝੂਠੇ ਮੁਕੱਦਮੇ ਤੁਰੰਤ ਵਾਪਸ ਲਏ ਜਾਣ ਅਤੇ ਅਣਐਲਾਨੀ ਐਮਰਜੈਂਸੀ ਬੰਦ ਕੀਤੀ ਜਾਵੇ।

Previous articleਵਰਵਰਾ ਰਾਓ ਦੀ ਹਾਲਤ ਚਿੰਤਾਜਨਕ
Next articleਕੈਪਟਨ ਵੱਲੋਂ ਕਰੋਨਾ ਫੈਲਣ ਤੋਂ ਰੋਕਣ ਲਈ ਮੁੜ ਸਖ਼ਤੀ ਦੇ ਸੰਕੇਤ