ਪੰਜਾਬ: ਇੱਕ ਹੋਰ ਵਿਅਕਤੀ ਦੀ ਮੌਤ

ਚੰਡੀਗੜ੍ਹ  (ਸਮਾਜਵੀਕਲੀ) – ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਤਰ੍ਹਾਂ ਨਾਲ ਇਸ ਖ਼ਤਰਨਾਕ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 14 ਤੱਕ ਪਹੁੰਚ ਗਈ ਹੈ। ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਵਿਅਕਤੀ ਨੇ ਅੱਜ ਅੰਮ੍ਰਿਤਸਰ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ।

ਸੂਬੇ ਵਿੱਚ ਵਾਇਰਸ ਦੀ ਲਾਗ ਨਾਲ ਮਰਨ ਵਾਲੇ ਵਿਅਕਤੀਆਂ ਦਾ ਅਨੁਪਾਤ ਦੇਖਿਆ ਜਾਵੇ ਤਾਂ ਕੌਮੀ ਔਸਤ ਨਾਲੋਂ ਜ਼ਿਆਦਾ ਹੈ। ਸੂਬੇ ਵਿੱਚ ਕੁੱਲ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ 198 ਹੈ ਤੇ ਅੱਜ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਜਲੰਧਰ ਵਿੱਚ ਅੱਜ 6 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਸ ਜ਼ਿਲ੍ਹੇ ਵਿੱਚ ਕੁੱਲ ਮਰੀਜ਼ਾਂ ਦੀ ਗਿਣਤੀ 31 ਤੱਕ ਪਹੁੰਚ ਗਈ ਹੈ। ਪਟਿਆਲਾ ਵਿੱਚ ਇਕ ਨਵਾਂ ਕੇਸ ਸਾਹਮਣੇ ਆਉਣ ਤੋਂ ਬਾਅਦ ਕੁੱਲ ਗਿਣਤੀ 7 ਹੋ ਗਈ ਹੈ।

ਇਸੇ ਤਰ੍ਹਾਂ ਪਠਾਨਕੋਟ ਵਿੱਚ ਵੀ ਦੋ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੁੱਲ ਗਿਣਤੀ 24 ਹੋ ਗਈ ਹੈ। ਸੂਬੇ ਵਿੱਚ ਇਸ ਬਿਮਾਰੀ ’ਤੇ ਜਿੱਤ ਹਾਸਲ ਕਰਨ ਵਾਲਿਆਂ ਦੀ ਗਿਣਤੀ 29 ਹੋ ਗਈ ਹੈ। ਕੇਂਦਰ ਸਰਕਾਰ ਦੀਆਂ ਨਵੀਆਂ ਹਦਾਇਤਾਂ ਮੁਤਾਬਕ ਮੁਹਾਲੀ, ਨਵਾਂਸ਼ਹਿਰ, ਜਲੰਧਰ ਅਤੇ ਪਠਾਨਕੋਟ ਨੂੰ ‘ਹੌਟਸਪੌਟ’ ਐਲਾਨ ਦਿੱਤਾ ਗਿਆ ਹੈ। ਇਨ੍ਹਾਂ ਸ਼ਹਿਰਾਂ ਵਿੱਚ ਜ਼ਿਆਦਾ ਚੌਕਸੀ ਵਰਤੀ ਜਾ ਰਹੀ ਹੈ।

ਪੰਜਾਬ ਵਿੱਚ ਵਾਇਰਸ ਦੀ ਲਾਗ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਸੂਬੇ ਵਿੱਚ 7 ਅਪਰੈਲ ਨੂੰ 99 ਮਾਮਲੇ ਸਾਹਮਣੇ ਆਏ ਸਨ ਤੇ ਅੱਜ 16 ਅਪਰੈਲ ਨੂੰ ਦਸ ਦਿਨਾਂ ਦੇ ਅੰਦਰ ਹੀ ਇਹ ਗਿਣਤੀ ਵਧ ਕੇ 197 ਤੱਕ ਪਹੁੰਚ ਗਈ ਹੈ। ਮਹੱਤਵਪੂਰਨ ਤੱਥ ਇਹ ਹੈ ਕਿ 99 ਤੱਕ ਦਾ ਅੰਕੜਾ ਪਹੁੰਚਣ ਲਈ ਇੱਕ ਮਹੀਨੇ ਤੋਂ ਵੀ ਜ਼ਿਆਦਾ ਦਾ ਸਮਾਂ ਲੱਗਿਆ ਸੀ। ਸੂਬੇ ਵਿੱਚ ਪਿਛਲੇ ਦਿਨਾਂ ਤੋਂ ਵਾਇਰਸ ਦੀ ਲਾਗ ਵਾਲੇ ਮਰੀਜ਼ਾਂ ਦੀ ਗਿਣਤੀ ’ਚ ਰੋਜ਼ਾਨਾ ਵਾਧਾ ਹੋ ਰਿਹਾ ਹੈ।

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਜਿੱਥੇ ਵੀ ਇਕੱਠੇ ਮਾਮਲੇ ਸਾਹਮਣੇ ਆਉਂਦੇ ਹਨ, ਉਥੇ ਆਸ-ਪਾਸ ਦੇ 3 ਕਿਲੋਮੀਟਰ ਦੇ ਦਾਇਰੇ ਵਿਚਲੇ ਖੇਤਰ ਨੂੰ ਕੰਟੇਨਮੈਂਟ ਪਲਾਨ ਅਧੀਨ ਲਿਆਂਦਾ ਜਾਂਦਾ ਹੈ। ਇਲਾਕੇ ਨੂੰ ਸੀਲ ਕਰ ਦਿੱਤਾ ਜਾਂਦਾ ਹੈ ਅਤੇ ਕਿਸੇ ਨੂੰ ਵੀ ਉਕਤ ਖੇਤਰ ਵਿੱਚ ਆਉਣ-ਜਾਣ ਦੀ ਆਗਿਆ ਨਹੀਂ ਦਿੱਤੀ ਜਾਂਦੀ।

ਉਨ੍ਹਾਂ ਦੱਸਿਆ ਕਿ ਸ਼ਨਾਖ਼ਤ ਕੀਤੇ 9 ਜ਼ਿਲ੍ਹਿਆਂ ਦੇ 24 ਅਤਿ-ਸੰਵੇਦਨਸ਼ੀਲ ਇਲਾਕਿਆਂ ਵਿੱਚ ਉਪਰੋਕਤ ਪਲਾਨ ਲਾਗੂ ਕੀਤਾ ਜਾ ਰਿਹਾ ਹੈ ਜਦਕਿ ਜ਼ਿਲ੍ਹਾ ਐੱਸਏਐੱਸ ਨਗਰ ਅਤੇ ਜਲੰਧਰ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ ਕਿਉਂ ਕਿ ਇੱਥੇ ਹੁਣ ਤੱਕ ਕਰੋਨਾ ਦੇ ਸਭ ਤੋਂ ਵੱਧ ਮਾਮਲੇ ਰਿਪੋਰਟ ਕੀਤੇ ਗਏ ਹਨ।

ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਟੈਸਟਿੰਗ ਦੇ ਅਮਲ ਵਿੱਚ ਹੋਰ ਤੇਜ਼ੀ ਲਿਆਉਣ ਲਈ 1000 ਰੈਪਿਡ ਟੈਸਟ ਕਿੱਟਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੌਤ ਦਰ ਨੂੰ ਕਾਬੂ ਕਰਨ ਲਈ ਮਾਹਿਰਾਂ ਦੀ ਇੱਕ ਕਮੇਟੀ ਬਣਾਈ ਗਈ ਹੈ, ਜੋ ਮਰੀਜ਼ਾਂ ਦਾ ਇਲਾਜ ਕਰ ਰਹੇ ਡਾਕਟਰਾਂ ਨੂੰ ਪ੍ਰਬੰਧਾਂ ਸਬੰਧੀ ਫੈਸਲੇ ਲੈਣ ਵਿੱਚ ਸਹਿਯੋਗ ਦੇਵੇਗੀ।

ਸ੍ਰੀ ਸਿੱਧੂ ਨੇ ਦੱਸਿਆ ਕਿ ਇੱਥੇ ਕੋਵਿਡ-19 ਦੇ 186 ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ ਜਦਕਿ 5193 ਵਿਅਕਤੀਆਂ ਦੇ ਟੈਸਟ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ 4404 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ ਅਤੇ 29 ਵਿਅਕਤੀ ਪੂਰੀ ਤਰ੍ਹਾਂ ਸਿਹਤਯਾਬ ਹੋਏ ਹਨ। ਕਰੋਨਾ ਦੇ ਜ਼ਿਆਦਾਤਰ ਮਾਮਲੇ ਵਿਦੇਸ਼ੀ ਯਾਤਰਾ ਨਾਲ ਸਬੰਧਤ ਹਨ ਜਾਂ ਇਨ੍ਹਾਂ ਦੇ ਸੰਪਰਕ ਵਿੱਚ ਆਏ ਹੋਏ ਵਿਅਕਤੀ ਹਨ।

ਉਨ੍ਹਾਂ ਕਿਹਾ ਕਿ ਸ਼ੱਕੀ ਮਰੀਜ਼ਾਂ ਦੀ ਪਛਾਣ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਪ੍ਰਭਾਵਿਤ ਇਲਾਕਿਆਂ ਵਿੱਚ ਨਿਰੰਤਰ ਘਰ-ਘਰ ਜਾ ਕੇ ਸਕਰੀਨਿੰਗ ਕਰ ਰਹੀਆਂ ਹਨ। ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰੀ ਤੇ ਪ੍ਰਾਈਵੇਟ ਸਿਹਤ ਕੇਂਦਰਾਂ ਵਿੱਚ 5186 ਆਈਸੋਲੇਸ਼ਨ ਬਿਸਤਰਿਆਂ, 480 ਵੈਂਟੀਲੇਟਰ ਤੇ 1100 ਆਈਸੀਯੂ ਬਿਸਤਰਿਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਗੰਭੀਰ ਮਰੀਜ਼ਾਂ ਨੂੰ 3 ਸਰਕਾਰੀ ਅਤੇ 2 ਪ੍ਰਾਈਵੇਟ ਮੈਡੀਕਲ ਕਾਲਜਾਂ ਵਿੱਚ ਭੇਜਿਆ ਜਾਵੇਗਾ।

Previous articleRamadan prayers at home in Karnataka amid lockdown
Next articleਮਹਾਮਾਰੀ ਨੂੰ ਲੌਕਡਾਊਨ ਨਹੀਂ ਟੈਸਟਿੰਗ ਠੱਲ੍ਹ ਪਾਏਗੀ: ਰਾਹੁਲ