ਪੰਜਾਬ ’ਚ 16 ਨਵੰਬਰ ਤੋਂ ਖੁੱਲ੍ਹਣਗੇ ਕਾਲਜ ਤੇ ’ਵਰਸਿਟੀਆਂ

ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਸਰਕਾਰ ਵੱਲੋਂ ਰਾਜ ਭਰ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ 16 ਨਵੰਬਰ ਤੋਂ ਮੁੜ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਪੰਜਾਬ ’ਚ ਕਰੀਬ ਅੱਠ ਮਹੀਨਿਆਂ ਦੇ ਵਕਫ਼ੇ ਮਗਰੋਂ ਉੱਚ ਵਿਦਿਅਕ ਅਦਾਰੇ ਖੁੱਲ੍ਹ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 13 ਮਾਰਚ ਨੂੰ ਕੋਵਿਡ ਦੇ ਮੱਦੇਨਜ਼ਰ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਮੁੱਢਲੇ ਪੜਾਅ ’ਤੇ 31 ਮਾਰਚ ਤੱਕ ਬੰਦ ਰੱਖਣ ਦਾ ਫ਼ੈਸਲਾ ਲਿਆ ਸੀ। ਕੋਵਿਡ ਮਹਾਮਾਰੀ ਸੰਕਟ ਡੂੰਘਾ ਹੋਣ ਕਰਕੇ ਮਿਆਦ ’ਚ ਸਮੇਂ-ਸਮੇਂ ’ਤੇ ਵਾਧਾ ਕੀਤਾ ਜਾਂਦਾ ਰਿਹਾ।

ਪੰਜਾਬ ਸਰਕਾਰ ਨੇ 16 ਨਵੰਬਰ ਤੋਂ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ ਵਿੱਚ ਪੈਂਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਮੁੜ ਖੋਲ੍ਹਣ ਲਈ ਹਰੀ ਝੰਡੀ ਦੇ ਦਿੱਤੀ ਹੈ ਜਦੋਂਕਿ ਸਕੂਲ ਪਹਿਲਾਂ ਹੀ ਖੋਲ੍ਹੇ ਜਾ ਚੁੱਕੇ ਹਨ। ਦੱਸਣਯੋਗ ਹੈ ਕਿ ਵਿਦਿਆਰਥੀ ਯੂਨੀਅਨਾਂ ਨੇ ਐਲਾਨ ਕੀਤੇ ਸਨ ਕਿ ਜੇਕਰ ਸਰਕਾਰ ਨੇ ਕਾਲਜ ਨਾ ਖੋਲ੍ਹੇ ਤਾਂ ਉਹ ਕਾਲਜਾਂ ਦੇ ਮੁੱਖ ਗੇਟਾਂ ਅੱਗੇ ਅਣਮਿਥੇ ਸਮੇਂ ਲਈ ਧਰਨੇ ਦੇਣਗੇ। ਅੱਜ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਚੇਰੀ ਸਿੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਤਕਨੀਕੀ ਸੰਸਥਾਵਾਂ ਸਮੇਤ ਸੂਬੇ ਦੇ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ 16 ਨਵੰਬਰ ਤੋਂ ਮੁੜ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ।

ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਧੀਨ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਦੀਆਂ ਜਮਾਤਾਂ 9 ਨਵੰਬਰ ਤੋਂ ਸ਼ੁਰੂ ਹੋਣਗੀਆਂ। ਇਨ੍ਹਾਂ ਸਾਰੀਆਂ ਸੰਸਥਾਵਾਂ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਕੇਂਦਰ ਸਰਕਾਰ ਦੇ ਸਬੰਧਿਤ ਮੰਤਰਾਲੇ ਦੀ ਸਲਾਹ ਨਾਲ ਆਪਣੇ ਸਬੰਧਿਤ ਪ੍ਰਬੰਧਕੀ ਵਿਭਾਗਾਂ ਵਲੋਂ ਤਿਆਰ ਕੀਤੀਆਂ ਸੁਰੱਖਿਆ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਹੋਵੇਗੀ।

Previous articleਕਿਸਾਨਾਂ ਦਾ ਸਾਥ ਦੇਣ ‘ਆਪ’ ਦੇ ਆਗੂ: ਕੇਜਰੀਵਾਲ
Next articleਮੇਰੀ ਆਖ਼ਰੀ ਵਿਧਾਨ ਸਭਾ ਚੋਣ: ਨਿਤੀਸ਼