ਪੰਜਾਬ ਦਾ ਬਜਟ 8 ਮਾਰਚ ਨੂੰ ਪੇਸ਼ ਹੋਵੇਗਾ

ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਮੰਤਰੀ ਮੰਡਲ ਨੇ ਅੱਜ ਵਿਧਾਨ ਸਭਾ ਦਾ ਬਜਟ ਸੈਸ਼ਨ ਪਹਿਲੀ ਮਾਰਚ ਤੋਂ 10 ਮਾਰਚ ਤੱਕ ਸੱਦਣ ਸਮੇਤ ਕਈ ਹੋਰ ਅਹਿਮ ਫ਼ੈਸਲੇ ਲਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਤੈਅ ਹੋਇਆ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ 8 ਮਾਰਚ ਨੂੰ ਸੂਬੇ ਦਾ ਬਜਟ ਪੇਸ਼ ਕਰਨਗੇ।

ਹੋਰ ਫ਼ੈਸਲਿਆਂ ਵਿੱਚ ਮੌੜ ਬੰਬ ਧਮਾਕੇ ਦੇ ਪੀੜਤ ਪਰਿਵਾਰਾਂ ਨੂੰ ਚਾਰ ਸਾਲਾਂ ਬਾਅਦ ਨੌਕਰੀਆਂ ਦੇਣ, ਵੱਖ-ਵੱਖ ਵਿਭਾਗਾਂ ਲਈ 1875 ਅਸਾਮੀਆਂ ਦੀ ਸਿਰਜਣਾ ਕਰਨ, ਮੁਹਾਲੀ ਵਿੱਚ ਨਿੱਜੀ ਯੂਨੀਵਰਸਿਟੀ ਖੋਲ੍ਹਣ, ਇੰਡੀਅਨ ਪਾਰਟਨਰਸ਼ਿਪ ਐਕਟ, 1932 ਵਿਚ ਸੋਧ ਨੂੰ ਮਨਜ਼ੂਰੀ ਦੇਣ, ‘ਮਿਸ਼ਨ ਲਾਲ ਲਕੀਰ’ ਨੂੰ ਸਾਰੇ ਪਿੰਡਾਂ ਵਿੱਚ ਲਾਗੂ ਕਰਨ ਨੂੰ ਮਨਜ਼ੂਰੀ, ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਲੰਮੇ ਸਮੇਂ ਤੋਂ ਕਬਜ਼ੇ ਹੇਠਲੀਆਂ ਜ਼ਮੀਨਾਂ ਅਲਾਟ ਕਰਨ,   ਵਿੱਤੀ ਜਵਾਬਦੇਹੀ ਤੇ ਬਜਟ ਪ੍ਰਬੰਧਨ ਐਕਟ 2003 ਵਿੱਚ ਸੋਧ ਕਰਨ ਅਤੇ ਏਡੀਸੀ ਸ਼ਹਿਰੀ ਵਿਕਾਸ ਦੀਆਂ 22 ਨਵੀਆਂ ਅਸਾਮੀਆਂ ਕਾਇਮ ਕਰਨ ਨੂੰ ਵੀ ਪ੍ਰਵਾਨਗੀ ਆਦਿ ਸ਼ਾਮਲ ਹਨ।

ਪੰਜਾਬ ਸਰਕਾਰ ਨੇ 31 ਜਨਵਰੀ, 2017 ਨੂੰ ਮੌੜ ਮੰਡੀ ਬੰਬ ਧਮਾਕੇ ਵਿੱਚ ਮਾਰੇ ਗਏ ਚਾਰ ਨਾਬਾਲਗਾਂ ਜਪਸਿਮਰਨ ਸਿੰਘ, ਸੌਰਵ ਸਿੰਗਲਾ, ਅੰਕੁਸ਼, ਅਤੇ ਰਿਪਨਦੀਪ ਸਿੰਘ ਦੇ ਪਰਿਵਾਰਾਂ ਦੇ ਮੈਂਬਰ ਨੂੰ ਤਰਸ ਦੇ ਆਧਾਰ ’ਤੇ ਨੌਕਰੀ ਦੇਣ ਦਾ ਫ਼ੈਸਲਾ ਲਿਆ ਹੈ। ਵਜ਼ਾਰਤ ਵੱਲੋਂ ਕੀਤੇ ਗਏ ਫ਼ੈਸਲੇ ਨਾਲ 1875 ਨਵੀਆਂ ਅਸਾਮੀਆਂ ਦੀ ਸਿਰਜਣਾ ਹੋਵੇਗੀ ਜਦੋਂ ਕਿ ਸੰਦਰਭਹੀਣ ਤੇ ਗੈਰ-ਤਰਕਸੰਗਤ ਹੋ ਗਈਆਂ, ਮੌਜੂਦਾ 3720 ਅਸਾਮੀਆਂ ਦਾ ਸਮਰਪਣ ਕੀਤਾ ਜਾਵੇਗਾ।

ਬਜਟ ਇਜਲਾਸ ਦੌਰਾਨ ਪ੍ਰਾਈਵੇਟ ਐਮਿਟੀ ਯੂਨੀਵਰਸਿਟੀ ਦੀ ਸਥਾਪਨਾ ਲਈ ਬਿੱਲ ਸਦਨ ਵਿੱਚ ਪੇਸ਼ ਕੀਤਾ ਜਾਵੇਗਾ। ਇਹ ਯੂਨੀਵਰਸਿਟੀ ਆਈਟੀ ਸਿਟੀ, ਮੁਹਾਲੀ ’ਚ ਇਸੇ ਸਾਲ ਕਾਰਜਸ਼ੀਲ ਹੋ ਜਾਵੇਗੀ। ਮੰਤਰੀ ਮੰਡਲ ਨੇ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਐਕਟ-2016 ਵਿੱਚ ਸੋਧ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਕੈਬਨਿਟ ਨੇ ਜੀਐੱਸਟੀ ਫਾਰਮੂਲੇ ਦਾ ਘੇਰਾ ਮੋਕਲਾ ਕਰਨ ਲਈ ਸਨਅਤੀ ਤੇ ਵਪਾਰ ਵਿਕਾਸ ਨੀਤੀ, 2017 ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ ਹੈ ਤਾਂ ਜੋ ਇਸ ਨੀਤੀ ਤਹਿਤ 17 ਅਕਤੂਬਰ, 2022 ਤੱਕ ਰਿਆਇਤਾਂ ਹਾਸਲ ਕੀਤੀਆਂ ਜਾ ਸਕਣ।

ਪੰਜਾਬ ਕੈਬਨਿਟ ਨੇ ਸੂਬੇ ਦੇ ਸਾਰੇ ਪਿੰਡਾਂ ਵਿਚ ਮਿਸ਼ਨ ਲਾਲ ਲਕੀਰ ਲਾਗੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮਿਸ਼ਨ ਤਹਿਤ ਸਵਾਮੀਤੱਵ ਸਕੀਮ ਅਧੀਨ ਭਾਰਤ ਸਰਕਾਰ ਦੇ ਸਹਿਯੋਗ ਨਾਲ ਰਾਜ ਦੇ ਪਿੰਡਾਂ ਵਿੱਚ ਲਾਲ ਲਕੀਰ ਵਿਚਲੀਆਂ ਜਾਇਦਾਦਾਂ ਦਾ ਰਿਕਾਰਡ ਤਿਆਰ ਕੀਤਾ ਜਾਵੇਗਾ।

ਮੰਤਰੀ ਮੰਡਲ ਨੇ ਅਣਅਧਿਕਾਰਤ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਕਬਜ਼ੇ ਵਾਲੀ ਜ਼ਮੀਨ ਦੀ ਅਲਾਟਮੈਂਟ ਕਰਨ ਲਈ ‘ਦਿ ਪੰਜਾਬ (ਬੇਜ਼ਮੀਨੇ, ਸੀਮਾਂਤ ਅਤੇ ਛੋਟੇ ਕਿਸਾਨਾਂ ਦੀ ਭਲਾਈ ਅਤੇ ਵਿਵਸਥਾ ਕਰਨਾ) ਅਲਾਟਮੈਂਟ ਆਫ਼ ਸਟੇਟ ਗਵਰਨਮੈਂਟ ਲੈਂਡ ਰੂਲਜ਼, 2021’ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

Previous articleਚੀਨ ਨੇ ਗਲਵਾਨ ਘਾਟੀ ’ਚ ਆਪਣੇ ਚਾਰ ਸੈਨਿਕਾਂ ਦੇ ਮਾਰੇ ਜਾਣ ਦੀ ਗੱਲ ਕਬੂਲੀ
Next articleIndia need to reject the ‘politics of ‘brand’