ਪੰਜਾਬ ਬਜਟ: ਸਰਕਾਰੀ ਬੱਸਾਂ ’ਚ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ

ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਇਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕੀਤਾ। ਵਿੱਤੀ ਸਾਲ 2021-22 ਲਈ ਪੇਸ਼ ਬਜਟ ਤੋਂ ਆਮ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਹਨ। ਉਂਜ ਬਜਟ ਅਜਿਹੇੇ ਮੌਕੇ ਪੇਸ਼ ਕੀਤਾ ਜਾ ਰਿਹਾ ਹੈ ਜਦੋਂ ਪੰਜਾਬ ਸੋਸ਼ਲ ਸੈਕਟਰ ’ਚ ਪ੍ਰਤੀ ਵਿਅਕਤੀ ਖਰਚੇ ਦੀ ਕਸੌਟੀ ’ਤੇ ਸਭ ਤੋਂ ਹੇਠਲੇ ਪ੍ਰਮੁੱਖ ਰਾਜਾਂ ਤੋਂ ਚੌਥੇ ਸਥਾਨ ’ਤੇ ਹੈ। ਅਗਲੇ ਸਾਲ ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ’ਚ ਰੱਖਦਿਆਂ ਬਜਟ ਵਿੱਚ ਔਰਤਾਂ ਨੂੰ ਸਰਕਾਰੀ ਬੱਸਾਂ ’ਚ ਮੁਫ਼ਤ ਸਫ਼ਰ ਦੀ ਸਹੂਲਤ, ਬੁਢਾਪਾ ਪੈਨਸ਼ਨ ’ਚ ਵਾਧਾ ਅਤੇ ਕਪੂਰਥਲਾ ਤੇ ਹੁਸ਼ਿਆਰਪੁਰ ’ਚ ਹਸਪਤਾਲ ਖੋਲ੍ਹਣ ਜਿਹੇ ਕਈ ਐਲਾਨ ਕੀਤੇ ਗਏ ਹਨ।

ਬਜਟ ਵਿਚ ਕਿਸਾਨੀ ਕਰਜ਼ਿਆਂ ’ਤੇ ਲੀਕ ਤੇ ਮੁਫ਼ਤ ਬਿਜਲੀ ਸਹੂਲਤ ਲਈ ਸਬਸਿਡੀ ਜਾਰੀ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਵਿੱਤ ਮੰਤਰੀ ਵੱਲੋਂ ਪੇਸ਼ ਬਜਟ ਵਿੱਚ ਕਿਸਾਨੀ ਕਰਜ਼ਿਆਂ ’ਤੇ ਲੀਕ ਮਾਰਨ ਤੇ ਮੁਫ਼ਤ ਬਿਜਲੀ ਲਈ ਸਬਸਿਡੀ ਦੀ ਵਿਵਸਥਾ ਕੀਤੀ ਗਈ ਹੈ। 1.13 ਲੱਖ ਕਿਸਾਨਾਂ ਦੇ 1186 ਕਰੋੜ ਰੁਪਏ ਦੇ ਕਰਜ਼ਿਆਂ ਤੇ ਬੇਜ਼ਮੀਨੇ ਕਿਸਾਨਾਂ ਦੇ 526 ਕਰੋੜ ਰੁਪਏ ਦੇ ਕਰਜ਼ਿਆਂ ਨੂੰ ਮੁਆਫ਼ ਕੀਤਾ ਜਾਵੇਗਾ। ਕਿਸਾਨਾਂ ਨੂੰ ਮੁਫ਼ਤ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਬਜਟ ਵਿੱਚ 7180 ਕਰੋੜ ਰੁਪਏ ਰੱਖੇ ਗਏ ਹਨ। ਪੰਜਾਬ ਇਨੋਵੇਸ਼ਨ ਫੰਡ ਲਈ 150 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ।

ਬਜਟ ਵਿੱਚ ਪੇਸ਼ ਹੋਰਨਾਂ ਤਜਵੀਜ਼ਾਂ ਮੁਤਾਬਕ ਸਾਰੇ ਜ਼ਿਲ੍ਹਿਆਂ ਵਿੱਚ ਇੰਡਸਟਰੀ ਤੇ ਇਨਵੈਸਟਮੈਂਟ ਪ੍ਰਮੋਸ਼ਨ ਦਫ਼ਤਰਾਂ ਲਈ ਜ਼ਿਲ੍ਹਾ ਬਿਊਰੋ ਹੋਣਗੇ। ਪਹਿਲੇ ਪੜਾਅ ਤਹਿਤ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਮੁੁਹਾਲੀ, ਪਟਿਆਲਾ ਤੇ ਬਠਿੰਡਾ ਨੂੰ ਕਵਰ ਕੀਤਾ ਜਾਵੇਗਾ। ਕਪੂਰਥਲਾ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ ਬਾਬਾ ਸਾਹਿਬ ਅੰਬੇਦਕਰ ਮਿਊਜ਼ੀਅਮ ਤਿਆਰ ਕੀਤਾ ਜਾਵੇਗਾ।

Previous articleਜੱਗ ਜਣਨੀਏ
Next articleਬਜਟ ਇਜਲਾਸ ਲਈ ਅਕਾਲੀ ਵਿਧਾਇਕਾਂ ਦੀ ਮੁਅੱਤਲੀ ਦਾ ਫੈਸਲਾ ਵਾਪਸ ਲਿਆ