ਬਹਿਬਲ ਕਾਂਡ: ਐੱਸਪੀ ਬਿਕਰਮਜੀਤ ਸਣੇ ਚਾਰ ਜਣਿਆਂ ਨੂੰ ਅਦਾਲਤ ’ਚ ਪੇਸ਼ ਹੋਣ ਦੇ ਹੁਕਮ

ਫ਼ਰੀਦਕੋਟ (ਸਮਾਜ ਵੀਕਲੀ) : ਬਹਿਬਲ ਗੋਲੀ ਕਾਂਡ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਗਏ ਐੱਸਪੀ ਬਿਕਰਮਜੀਤ ਸਿੰਘ ਤੇ ਥਾਣਾ ਬਾਜਾਖਾਨਾ ਦੇ ਸਾਬਕਾ ਐੱਸਐੱਚਓ ਅਮਰਜੀਤ ਸਿੰਘ ਕੁਲਾਰ ਸਮੇਤ ਚਾਰ ਵਿਅਕਤੀਆਂ ਨੂੰ ਸਥਾਨਕ ਇਲਾਕਾ ਮੈਜਿਸਟ੍ਰੇਟ ਸੁਰੇਸ਼ ਕੁਮਾਰ ਨੇ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਵਿਸ਼ੇਸ਼ ਜਾਂਚ ਟੀਮ ਨੇ ਬੀਤੀ 9 ਅਕਤੂਬਰ ਨੂੰ ਐੱਸਪੀ ਬਿਕਰਮਜੀਤ ਸਿੰਘ, ਬਾਜਾਖਾਨਾ ਦੇ ਤਤਕਾਲੀ ਐੱਸਐੱਚਓ ਅਮਰਜੀਤ ਸਿੰਘ ਕੁਲਾਰ, ਪੰਕਜ ਮੋਟਰਜ਼ ਦੇ ਮਾਲਕ ਪੰਕਜ ਬਾਂਸਲ ਅਤੇ ਸੁਹੇਲ ਸਿੰਘ ਬਰਾੜ ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਸੀ। ਚਲਾਨ ਪੇਸ਼ ਹੋਣ ਮਗਰੋਂ ਇਲਾਕਾ ਮੈਜਿਸਟ੍ਰੇਟ ਨੇ ਪੁਲੀਸ ਅਧਿਕਾਰੀਆਂ ਅਤੇ ਦੂਸਰੇ ਮੁਲਜ਼ਮਾਂ ਨੂੰ ਅਦਾਲਤ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ ਪਰ ਅੱਜ ਇਨ੍ਹਾਂ ਵਿੱਚੋਂ ਕੋਈ ਵੀ ਅਦਾਲਤ ਵਿੱਚ ਪੇਸ਼ ਨਹੀਂ ਹੋਇਆ।

ਹੁਣ ਅਦਾਲਤ ਨੇ 18 ਨਵੰਬਰ ਲਈ ਇਨ੍ਹਾਂ ਸਾਰੇ ਵਿਅਕਤੀਆਂ ਨੂੰ ਦੁਬਾਰਾ ਨੋਟਿਸ ਜਾਰੀ ਕਰਦਿਆਂ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਵਿਸ਼ੇਸ਼ ਜਾਂਚ ਟੀਮ ਇਸ ਮਾਮਲੇ ਵਿੱਚ  ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕਰ ਚੁੱਕੀ ਹੈ। ਵਿਸ਼ੇਸ਼ ਜਾਂਚ ਟੀਮ ਨੇ ਆਪਣੀ ਪੜਤਾਲ ਰਿਪੋਰਟ ਵਿੱਚ ਦਾਅਵਾ ਕੀਤਾ ਹੈ ਕਿ ਬਹਿਬਲ ਗੋਲੀ ਕਾਂਡ ਵਾਲੇ ਦਿਨ ਉਮਰਾਨੰਗਲ ਅਤੇ ਸੁਮੇਧ ਸੈਣੀ ਦਰਮਿਆਨ ਤਿੰਨ ਘੰਟਿਆਂ ਵਿੱਚ 22 ਵਾਰ ਫੋਨ ’ਤੇ ਗੱਲ ਹੋਈ ਸੀ।

Previous articleਕੇਂਦਰ ਨੇ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਖੇਤੀ ਕਾਨੂੰਨ ਲਿਆਂਦੇ: ਜਾਖੜ
Next articleਛੋਟਾ ਪਿੰਡ, ਵੱਡੀ ਪੈੜ: ਰਣਸੀਂਹ ਕਲਾਂ ਨੇ ਭੰਨੀ ਸਰਕਾਰ ਦੀ ਮੜ੍ਹਕ