ਬਾਦਲ ਦੱਸਣ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ: ਜਾਖੜ

‘ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਕਿ ਜੇਕਰ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਚ ਗੋਲੀ ਚਲਾਉਣ ਦੇ ਹੁਕਮ ਨਹੀਂ ਦਿੱਤੇ ਤਾਂ ਬਾਦਲ ਨੂੰ ਦੱਸਣਾ ਚਾਹੀਦਾ ਹੈ ਕਿ ਪੁਲੀਸ ਨੇ ਕਿਸ ਦੇ ਕਹਿਣ ’ਤੇ ਗੋਲੀ ਚਲਾਈ ਤੇ ਤਤਕਾਲੀ ਮੁੱਖ ਮੰਤਰੀ ਨੇ ਗੋਲੀ ਚਲਾਉਣ ਦੇ ਹੁਕਮ ਦੇਣ ਵਾਲੇ ਖ਼ਿਲਾਫ਼ ਕੀ ਕਾਰਵਾਈ ਕੀਤੀ ਸੀ?
ਉਨ੍ਹਾਂ ਸਾਬਕਾ ਮੁੱਖ ਮੰਤਰੀ ਬਾਦਲ ਨੂੰ ਸਵਾਲ ਕਰਦਿਆਂ ਕਿਹਾ ਕਿ ਕੋਟਕਪੂਰਾ ਵਿਚ ਗੋਲੀ ਸਵੇਰੇ 6.47 ਵਜੇ ਚੱਲੀ ਸੀ ਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਅੁਨਸਾਰ ਗੋਲੀ ਚਲਾਉਣ ਅਤੇ ਭੀੜ ਨੂੰ ਖਦੇੜਨ ਪਿਛੋਂ ਪੁਲੀਸ ਵਾਲੇ ਪੂਰੀ ਖੁਸ਼ੀ ਦੇ ਰੌਂਅ ਵਿਚ ਸਨ ਤੇ ਇਹ ਸਥਿਤੀ ਤਾਂ ਹੀ ਪੈਦਾ ਹੋ ਸਕਦੀ ਹੈ ਜੇਕਰ ਸਰਕਾਰ ਨੇ ਉਨ੍ਹਾਂ ਦੀ ਇਸ ਕਾਰਵਾਈ ਨੂੰ ਥਾਪੜਾ ਦਿੱਤਾ ਹੋਵੇ। ਜੇਕਰ ਮੁੱਖ ਮੰਤਰੀ ਨੇ ਕੋਟਕਪੂਰਾ ਗੋਲੀ ਕਾਂਡ ਤੋਂ ਬਾਅਦ ਪੁਲੀਸ ਅਧਿਕਾਰੀਆਂ ਦੀ ਖਿਚਾਈ ਕੀਤੀ ਹੁੰਦੀ ਤਾਂ ਕਿਸੇ ਨੇ ਵੀ ਇਸ ਤੋਂ ਤਿੰਨ ਘੰਟਿਆਂ ਬਾਅਦ ਸਵੇਰੇ ਸਾਢੇ ਦਸ ਵਜੇ ਬਹਿਬਲ ਕਲਾਂ ਵਿਚ ਗੋਲੀ ਚਲਾਉਣ ਦੀ ਹਿੰਮਤ ਨਹੀਂ ਸੀ ਕਰਨੀ। ਸ੍ਰੀ ਜਾਖੜ ਨੇ ਆਖਿਆ ਕਿ ਜੇਕਰ ਬਾਦਲ ਨੇ ਗੋਲੀ ਚਲਾਉਣ ਦੇ ਹੁਕਮ ਨਹੀਂ ਦਿੱਤੇ ਤਾਂ ਕੀ ਤਤਕਾਲੀ ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਦਿੱਤੇ ਸਨ? ਉਨ੍ਹਾਂ ਇਸ ਮਾਮਲੇ ਵਿਚ ਅਦਾਕਾਰ ਅਕਸ਼ੈ ਕੁਮਾਰ ਨੂੰ ਘਸੀਟਣ ਦਾ ਵਿਰੋਧ ਕੀਤਾ।
ਉਨ੍ਹਾਂ ਕਿਹਾ ਕਿ ਬਾਦਲ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਪੁਲੀਸ ਸਾਹਮਣੇ ਇਕ ਗਵਾਹ ਵਜੋਂ ਪੇਸ਼ ਕੀਤਾ ਗਿਆ ਹੈ, ਪਰ ਹਕੀਕਤ ਇਸ ਦੇ ਉਲਟ ਹੈ। ਸੂਬੇ ਦੇ ਲੋਕ ਮੰਨ ਚੁੱਕੇ ਹਨ ਕਿ ਇਸ ਮਾਮਲੇ ਵਿਚ ਤਤਕਾਲੀ ਮੁੱਖ ਮੰਤਰੀ ਹੀ ਮੁਲਜ਼ਮ ਹਨ। ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕਿਹਾ ਹੈ ਕਿ ਉਹ ਇਹ ਦੱਸਣ ਕਿ ਸਿਰਸਾ ਡੇਰੇ ਦੇ ਮੁਖੀ ਗਰਮੀਤ ਰਾਮ ਰਹੀਮ ਨੂੰ ਦਿੱਤੀ ਗਈ ਮੁਆਫ਼ੀ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਉਸ ਦੇ ਸਹਿਯੋਗੀਆਂ ਨੂੰ ਉਨ੍ਹਾਂ ਨੇ ਆਪਣੀ ਸਰਕਾਰੀ ਰਿਹਾਇਸ਼ ਉੱਤੇ ਕਿਸ ਮਕਸਦ ਲਈ ਤਲਬ ਕੀਤਾ ਸੀ। ਉਨ੍ਹਾਂ ਕਿਹਾ, ‘‘ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੇ ਬਿਰਤਾਂਤ ਦੀ ਇਹ ਸਭ ਤੋਂ ਮਹੱਤਵਪੂਰਨ ਕੜੀ ਹੈ। ਇਸ ਨਾਜ਼ੁਕ ਮਾਮਲੇ ਸਬੰਧੀ ਸਚਾਈ ਪ੍ਰਕਾਸ਼ ਸਿੰਘ ਬਾਦਲ ਨੂੰ ਖੁਦ ਦੱਸਣੀ ਚਾਹੀਦੀ ਹੈ।’’ ਉਨ੍ਹਾਂ ਕਿਹਾ ਕਿ ਸ੍ਰੀ ਬਾਦਲ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਪਹਿਲੀ ਜੂਨ 2015 ਨੂੰ ਪਿੰਡ ਜਵਾਹਰ ਸਿੰਘ ਵਾਲਾ ਵਿਚੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਲੱਭਣ ਲਈ ਸਰਕਾਰ ਵੱਲੋਂ ਸਿਰਤੋੜ ਯਤਨ ਕਿਉਂ ਨਹੀਂ ਕੀਤੇ ਗਏ। ਪੰਚਾਇਤ ਮੰਤਰੀ ਨੇ ਦੋਸ਼ ਲਾਇਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਚੋਰੀ ਹੋਣ ਦੀ ਘਟਨਾ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ ਅਤੇ ਸਾਜ਼ਿਸ਼ ਤਹਿਤ ਬਾਦਲਾਂ ਵੱਲੋਂ ਡੇਰਾ ਮੁਖੀ ਨੂੰ ਮੁਆਫੀ ਦੁਆਈ ਗਈ ਸੀ।

Previous articleModi attends swearing-in ceremony of new Maldives President
Next articleਦੀਪਿਕਾ-ਰਣਵੀਰ ਵਿਆਹ ਮੌਕੇ ਮਰਿਆਦਾ ਦੀ ਉਲੰਘਣਾ ਤੋਂ ਸਿੱਖਾਂ ’ਚ ਰੋਸ