ਬੇਅਦਬੀ ਦੀਆਂ ਘਟਨਾਵਾਂ ਪਿੱਛੇ ਕਾਂਗਰਸ ਦਾ ਹੱਥ: ਸੁਖਬੀਰ

ਅਕਾਲੀ ਦਲ ਪ੍ਰਧਾਨ ਨੇ ਕੈਪਟਨ ਨੂੰ ‘ਘੁਮੰਡੀ ਹਾਕਮ’ ਦੱਸਿਆ

ਚੰਡੀਗੜ੍ਹ– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਇਆ ਹੈ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਪੰਜਾਬ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਲਈ ਕਾਂਗਰਸ ਪਾਰਟੀ ਹੀ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਇਹ ਚੋਣਾਂ ਤੋਂ ਪਹਿਲਾਂ ਅਕਾਲੀ-ਭਾਜਪਾ ਸਰਕਾਰ ਨੂੰ ਬਦਨਾਮ ਕਰਨ ਲਈ ਰਚੀ ਗਈ ਇੱਕ ਡੂੰਘੀ ਸਾਜ਼ਿਸ਼ ਸੀ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਗੋਲੀ ਕਾਂਡ ਦੇ ਗਵਾਹ ਦੀ ਮੌਤ ਪਿੱਛੇ ਮੁੱਖ ਮੰਤਰੀ ਦੇ ਸਲਾਹਕਾਰ ਅਤੇ ਇੱਕ ਮੰਤਰੀ ਦਾ ਕਥਿਤ ਹੱਥ ਹੋਣ ਨੇ ਕਾਂਗਰਸ ਦੀ ਸਾਜ਼ਿਸ਼ ਨੂੰ ਬੇਪਰਦ ਕਰ ਦਿੱਤਾ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੀੜਤ ਪਰਿਵਾਰ ਵੱਲੋਂ ਸ਼ਰੇਆਮ ਦੋਸ਼ ਲਾਉਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਉੱਤੇ ਨਾ ਸਿਰਫ਼ ਚੁੱਪੀ ਧਾਰੀ ਹੋਈ ਹੈ, ਸਗੋਂ ਉਹ ਸ਼ਰੇਆਮ ਦੋਸ਼ੀ ਆਗੂਆਂ ਗੁਰਪ੍ਰੀਤ ਕਾਂਗੜ ਅਤੇ ਕਿੱਕੀ ਢਿੱਲੋਂ ਦੀ ਵੀ ਪੁਸ਼ਤਪਨਾਹੀ ਕਰ ਰਹੇ ਹਨ। ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਤਿੰਨ ਸਾਲਾਂ ਦੇ ਸਮੇਂ ਨੂੰ ਪੰਜਾਬ ਦਾ ਸਭ ਤੋਂ ਮਾੜਾ ਦੌਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸੱਤਾ ਦੇ ਨਸ਼ੇ ਵਿਚ ਚੂਰ ਇੱਕ ‘ਘੁਮੰਡੀ ਹਾਕਮ’ (ਕੈਪਟਨ) ਕੋਲੋਂ ਪੰਜਾਬ ਦੇ ਲੋਕਾਂ ਨੂੰ ਵਿਸ਼ਵਾਸਘਾਤ, ਲਾਪ੍ਰਵਾਹੀ ਅਤੇ ਅਣਗਹਿਲੀ ਤੋਂ ਇਲਾਵਾ ਕੁੱਝ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਇਸ ਹਾਕਮ ਨੇ ਪੰਜਾਬ ਨੂੰ ਰੱਜ ਕੇ ਜਲੀਲ ਕੀਤਾ ਅਤੇ ਆਮ ਲੋਕਾਂ ਨੂੰ ਮਿਲਣਾ ਵੀ ਆਪਣੀ ‘ਮਹਾਰਾਜਿਆਂ’ ਵਾਲੀ ਸ਼ਾਨ ਦੇ ਖ਼ਿਲਾਫ਼ ਸਮਝਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪਿਛਲੇ ਤਿੰਨ ਸਾਲਾਂ ਦੌਰਾਨ ਆਪਣੇ ਦਫ਼ਤਰ ਜਾਂ ਪੰਜਾਬ ਦੇ ਲੋਕਾਂ ’ਚ ਕਿੰਨੇ ਘੰਟੇ ਬਿਤਾਏ ਇਹ ਦੱਸ ਦੇਣ ਤਾਂ ਪੰਜਾਬੀਆਂ ਲਈ ਕੀਤੇ ਕੰਮਾਂ ਦਾ ਨਿਤਾਰਾ ਹੋ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਪੰਜਾਬ ਦੇ ਕਿਸਾਨਾਂ, ਨੌਜਵਾਨਾਂ, ਦਲਿਤਾਂ ਅਤੇ ਹੋਰ ਲੋਕਾਂ ਨਾਲ ਧੋਖਾ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਨੇ ਕਿਸਾਨਾਂ ਨਾਲ ਮੁਕੰਮਲ ਕਰਜ਼ਾ ਮੁਆਫ਼ੀ, ਕਿਸਾਨ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਅਤੇ 10 ਲੱਖ ਰੁਪਏ ਮੁਆਵਜ਼ਾ, ਨੌਜਵਾਨਾਂ ਨੂੰ ਘਰ-ਘਰ ਰੁਜ਼ਗਾਰ, 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਅਤੇ ਸਮਾਰਟ ਫੋਨ, ਦਲਿਤਾਂ ਨੂੰ 51 ਹਜ਼ਾਰ ਰੁਪਏ ਸ਼ਗਨ ਰਾਸ਼ੀ, ਮੁਫ਼ਤ ਘਰ ਅਤੇ ਪੋਸਟ ਮੈਟ੍ਰਿਕ ਵਜ਼ੀਫ਼ੇ, ਲੜਕੀਆਂ ਨੂੰ ਪੀਐੱਚਡੀ ਤੱਕ ਮੁਫ਼ਤ ਪੜ੍ਹਾਈ ਅਤੇ ਸੀਨੀਅਰ ਨਾਗਰਿਕਾਂ ਨੂੰ 2500 ਰੁਪਏ ਪੈਨਸ਼ਨ ਦੇਣ ਦੇ ਵਾਅਦੇ ਕੀਤੇ ਸਨ, ਜੋ ਨਹੀਂ ਪੁਗਾਏ।
ਉਨ੍ਹਾਂ ਕਿਹਾ ਕਿ ਤਿੰਨ ਸਾਲਾਂ ਵਿਚ ਬਿਜਲੀ ਦਰਾਂ 17 ਵਾਰ ਵਧਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਇਸ ਸਰਕਾਰ ਨੇ 4300 ਕਰੋੜ ਰੁਪਏ ਦਾ ਬਿਜਲੀ ਘੁਟਾਲਾ ਕੀਤਾ ਹੈ, ਜਿਸ ਤਹਿਤ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ 2700 ਕਰੋੜ ਰੁਪਏ ਅਤੇ ਇੱਕ ਕੋਲਾ ਕੰਪਨੀ ਨੂੰ 1602 ਕਰੋੜ ਰੁਪਏ ਦਾ ਲਾਭ ਪਹੁੰਚਾਉਣ ਲਈ ਅੰਦਰਖਾਤੇ ਸੌਦੇਬਾਜ਼ੀਆਂ ਕੀਤੀਆਂ ਗਈਆਂ ਹਨ। ਅਕਾਲੀ ਦਲ ਪ੍ਰਧਾਨ ਨੇ ਕਿਹਾ ਸੂਬੇ ਅੰਦਰ ਗੈਂਗਸਟਰ ਸੱਭਿਆਚਾਰ ਵਧਣ ਕਰਕੇ ਝਪਟਮਾਰੀ, ਅਗਵਾ ਅਤੇ ਸੁਪਾਰੀ ਕਤਲ ਦੀਆਂ ਘਟਨਾਵਾਂ ਵਿਚ ਭਾਰੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰ ਜੇਲ੍ਹਾਂ ਅੰਦਰ ਬੈਠੇ ਅਪਰਾਧ ਕਰ ਰਹੇ ਹਨ। ਕਰਮਚਾਰੀਆਂ ਨੂੰ 4 ਹਜ਼ਾਰ ਕਰੋੜ ਰੁਪਏ ਦੇ ਡੀਏ ਬਕਾਏ ਨਹੀਂ ਦਿੱਤੇ ਗਏ ਹਨ ਅਤੇ ਨਾਲ ਹੀ ਛੇਵੇਂ ਤਨਖਾਹ ਕਮਿਸ਼ਨ ਨੂੰ ਇੱਕ ਹੋਰ ਸਾਲ ਲਈ ਲਟਕਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਠੇਕੇ ਉੱਤੇ ਰੱਖੇ 27 ਹਜ਼ਾਰ ਕਾਮਿਆਂ ਨੂੰ ਰੈਗੂਲਰ ਕਰਨ ਤੋਂ ਇਨਕਾਰ ਕਰ ਰਹੀ ਹੈ।

Previous articleਗੋਗੋਈ ਨੂੰ ਰਾਜ ਸਭਾ ਵਿੱਚ ਵੇਖ ਹੈਰਾਨੀ ਹੋਈ: ਜਸਟਿਸ ਜੋਜ਼ੇਫ਼
Next articleਵਾਇਰਸ ਦੀ ਪ੍ਰਵਾਹ ਕੀਤੇ ਬਿਨਾਂ ਸ਼ਾਹੀਨ ਬਾਗ਼ ’ਚ ਡਟੇ ਹੋਏ ਨੇ ਸੈਂਕੜੇ ਲੋਕ