‘ਭਾਈ ਤਾਰੂ ਸਿੰਘ ਦੇ ਸ਼ਹੀਦੀ ਅਸਥਾਨ ’ਤੇ ਕਬਜ਼ੇ ਖ਼ਿਲਾਫ਼ ਭਾਰਤ ਸਰਕਾਰ ਕਾਰਵਾਈ ਕਰੇ’

ਅੰਮ੍ਰਿਤਸਰ (ਸਮਾਜ ਵੀਕਲੀ): ਲਾਹੌਰ ਵਿਚ ਭਾਈ ਤਾਰੂ ਸਿੰਘ ਦੇ ਸ਼ਹੀਦੀ ਅਸਥਾਨ ’ਤੇ ਕਬਜ਼ਾ ਕਰਨ ਦੇ ਮਾਮਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਰਕਾਰ ਨੂੰ ਕਬਜ਼ਾਧਾਰਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਆਖਿਆ ਹੈ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਬੰਧੀ ਵਿਦੇਸ਼ ਮੰਤਰਾਲੇ ਰਾਹੀਂ ਗੁਆਂਢੀ ਮੁਲਕ ਨਾਲ ਗੱਲਬਾਤ ਕਰੇ। ਕਈ ਹੋਰ ਸਿੱਖ ਜਥੇਬੰਦੀਆਂ ਨੇ ਵੀ ਨਾਜਾਇਜ਼ ਕਬਜ਼ੇ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਭਾਰਤ ਸਰਕਾਰ ਨੂੰ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ਵਿਚ ਸਿੱਖਾਂ ਦੇ ਕਈ ਇਤਿਹਾਸਕ ਗੁਰਦੁਆਰੇ ਹਨ, ਜਿਨ੍ਹਾਂ ਨਾਲ ਸਮੁੱਚੇ ਸਿੱਖਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇ ਨ੍ਹਾਂ ਵਿੱਚੋਂ ਹੀ ਇਕ ਭਾਈ ਤਾਰੂ ਸਿੰਘ ਦਾ ਸ਼ਹੀਦੀ ਅਸਥਾਨ ਵੀ ਹੈ, ਜਿਨ੍ਹਾਂ ਨੇ ਹੱਕ-ਸੱਚ ਲਈ ਕੁਰਬਾਨੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸ਼ਹੀਦੀ ਅਸਥਾਨ ’ਤੇ ਕੁਝ ਲੋਕਾਂ ਵਲੋਂ ਕਬਜ਼ਾ ਕਰਕੇ ਸਿੱਖ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ।

ਉਨ੍ਹਾਂ ਮਾਮਲੇ ਦੀ ਨਿਖੇਧੀ ਕਰਦਿਆਂ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਬਜ਼ਾਧਾਰਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਕਬਜ਼ਾ ਕਰਨ ਵਾਲੇ ਸੁਹੇਲ ਭੱਟ ਨਾਂ ਦੇ ਵਿਅਕਤੀ ਵਲੋਂ ਸਿੱਖਾਂ ਨੂੰ ਧਮਕੀਆਂ ਦਿੱਤੇ ਜਾਣ ਦੀ ਵੀ ਨਿੰਦਾ ਕੀਤੀ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਸਬੰਧੀ ਵਿਦੇਸ਼ ਮੰਤਰਾਲੇ ਰਾਹੀਂ ਪਾਕਿਸਤਾਨ ਨਾਲ ਗੱਲਬਾਤ ਕਰਕੇ ਮਸਲਾ ਹੱਲ ਕੀਤਾ ਜਾਵੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਵੀ ਟਵੀਟ ਕਰਕੇ ਇਸ ਮਾਮਲੇ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ ਅਤੇ ਭਾਰਤ ਸਰਕਾਰ ਨੂੰ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

Previous articleਕਾਰੋਬਾਰੀ ਦੇ ਪੁੱਤ ਨੇ ਫੇਸਬੁੱਕ ’ਤੇ ਖੋਲ੍ਹੀ ਡੀਐੱਮਸੀ ਦੀ ਪੋਲ
Next articleਅਦਾਕਾਰਾ ਕੁਮਕੁਮ ਦਾ ਦੇਹਾਂਤ