ਭਾਜਪਾ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ

* ਰਾਜਪਾਲ ਨੇ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕੀਤੀ* ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ

 

ਚੰਡੀਗੜ੍ਹ (ਸਮਾਜ ਵੀਕਲੀ) : ਭਾਰਤੀ ਜਨਤਾ ਪਾਰਟੀ ਨੇ ਫਾਜ਼ਿਲਕਾ ਤੋਂ ਪਾਰਟੀ ਵਿਧਾਇਕ ਅਰੁਣ ਨਾਰੰਗ ’ਤੇ ਹੋਏ ਹਮਲੇ ਦੇ ਰੋਸ ਵਜੋਂ ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ। ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਦੋ ਹੋਰ ਭਾਜਪਾ ਆਗੂਆਂ ਨੇ ਇਸ ਮੌਕੇ ਕੱਪੜੇ ਲਾਹ ਕੇ ਰੋਹ ਪ੍ਰਗਟਾਇਆ। ਚੰਡੀਗੜ੍ਹ ਪੁਲੀਸ ਮੌਕੇ ਸਿਰ ਇਨ੍ਹਾਂ ਆਗੂਆਂ ਨੂੰ ਰੋਕਣ ’ਚ ਅਸਫਲ ਰਹੀ ਜਿਸ ਕਾਰਨ ਇਹ ਆਗੂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪਹੁੰਚ ਗਏ।

ਉਸ ਮਗਰੋਂ ਪੁਲੀਸ ਨੇ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਤੋਂ ਪਹਿਲਾਂ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਅਗਵਾਈ ਵਿੱਚ ਭਾਜਪਾ ਆਗੂਆਂ ਦਾ ਵਫ਼ਦ ਰਾਜਪਾਲ ਨੂੰ ਵੀ ਮਿਲਿਆ। ਰਾਜਪਾਲ ਨੇ ਅਰੁਣ ਨਾਰੰਗ ’ਤੇ ਹੋਏ ਹਮਲੇ ਦੀ ਰਿਪੋਰਟ ਪੰਜਾਬ ਸਰਕਾਰ ਤੋਂ ਤਲਬ ਕਰ ਲਈ ਹੈ। ਰਾਜਪਾਲ ਵੀਪੀ ਸਿੰਘ ਬਦਨੌਰ ਨੇ ਇਸ ਮਾਮਲੇ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲ ਵੀ ਕੀਤੀ ਹੈ।

ਭਾਜਪਾ ਦੇ ਵਫਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਦਿਆਂ ਇਸ ਘਟਨਾ ਪਿੱਛੇ ਕਾਂਗਰਸ ਦਾ ਹੱਥ ਦੱਸਿਆ। ਭਾਜਪਾ ਆਗੂਆਂ ਨੇ ਕਿਹਾ ਕਿ ਭਾਜਪਾ ਵਿਧਾਇਕ ’ਤੇ ਹੋਇਆ ਹਿੰਸਕ ਹਮਲਾ ਸੱਤਾਧਾਰੀ ਪਾਰਟੀ ਦੀ ਸ਼ਹਿ ਨਾਲ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਾਂਗਰਸ ਸਰਕਾਰ ਨੂੰ ਬਰਖਾਸਤ ਕਰਨ ਅਤੇ ਰਾਜ ’ਚ ਅਮਨ-ਕਾਨੂੰਨ ਦੀ ਸਥਿਤੀ ਬਹਾਲ ਕਰਨ ਦੀ ਮੰਗ ਕੀਤੀ। ਉੱਧਰ ਰਾਜਪਾਲ ਨੇ ਭਾਜਪਾ ਵਿਧਾਇਕ ’ਤੇ ਹੋਏ ਹਮਲੇ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਅਥਾਰਟੀਆਂ ਕਿਸੇ ’ਤੇ ਵੀ ਅਜਿਹੇ ਹਮਲਿਆਂ ਦੀ ਆਗਿਆ ਨਹੀਂ ਦੇ ਸਕਦੀਆਂ। ਰਾਜਪਾਲ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਦੁਬਾਰਾ ਨਹੀਂ ਹੋਣੀਆਂ ਚਾਹੀਦੀਆਂ ਅਤੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Previous articleਤਿੰਨੋਂ ਖੇਤੀ ਕਾਨੂੰਨ ਅਮਲ ’ਚ ਲਿਆਂਦੇ ਬਗੈਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨੀ ਮੁਸ਼ਕਲ: ਨੀਤੀ ਆਯੋਗ
Next articleਖੇਤੀ ਦਾ ਆਧੁਨਿਕੀਕਰਨ ਸਮੇਂ ਦੀ ਲੋੜ: ਮੋਦੀ