ਮਾਸਕ ਨਾ ਪਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ: ਕੈਪਟਨ

ਚੰਡੀਗੜ੍ਹ  (ਸਮਾਜਵੀਕਲੀ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਨਤਕ ਤੌਰ ’ਤੇ ਮਾਸਕ ਦੀ ਵਰਤੋਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨਾਲ ਹੀ ਪੁਲੀਸ ਨੂੰ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਚਲਾਨ ਕੱਟੇ ਜਾਣ।

ਸੂਬੇ ਵਿੱਚ ਕੋਵਿਡ-19 ਦੀ ਸਥਿਤੀ ਬਾਰੇ ਸਮੀਖਿਆ ਕਰਨ ਲਈ ਕੀਤੀ ਗਈ ਵੀਡੀਓ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਹਰ ਨਾਗਰਿਕ ਘਰ ਤੋਂ ਬਾਹਰ ਨਿਕਲਣ ਲੱਗਿਆਂ ਮਾਸਕ ਦੀ ਵਰਤੋਂ ਜ਼ਰੂਰ ਕਰੇ ਅਤੇ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

ਮਾਲ ਵਿਭਾਗ ਦੇ ਅਧਿਕਾਰੀ ਦੀ ਮੌਤ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਕੋਵਿਡ-19 ਖ਼ਿਲਾਫ਼ ਮੂਹਰਲੀ ਕਤਾਰ ਵਿੱਚ ਡਟੇ ਮੁਲਾਜ਼ਮਾਂ, ਜਿਨ੍ਹਾਂ ਵਿੱਚ ਸਿਹਤ, ਖੇਤੀਬਾੜੀ, ਪੁਲੀਸ ਤੇ ਮਾਲ ਵਿਭਾਗ ਦਾ ਸਟਾਫ਼ ਸ਼ਾਮਲ ਹੈ, ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਸਖ਼ਤ ਹਦਾਇਤਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਪੀਪੀਈ ਕਿੱਟਾਂ ਮੁਹੱਈਆ ਕਰਵਾਉਣ ਦੇ ਨਾਲ ਹੋਰ ਜ਼ਰੂਰੀ ਇਹਤਿਆਤੀ ਕਦਮ ਵੀ ਚੁੱਕੇ ਜਾਣ।

ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਦੱਸਿਆ ਕਿ ਸੂਬੇ ਵਿੱਚ ਅਜਿਹੇ ਉਪਕਰਨਾਂ ਦੀ ਕੋਈ ਕਮੀ ਨਹੀਂ ਹੈ ਅਤੇ ਫਰੰਟ ਲਾਈਨ ’ਤੇ ਕੰਮ ਕਰ ਰਹੇ ਸਾਰੇ ਸਰਕਾਰੀ ਕਰਮੀਆਂ ਤੇ ਸਟਾਫ਼ ਦਾ ਪੂਰਾ ਖ਼ਿਆਲ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 4.5 ਲੱਖ ਪੀ.ਪੀ.ਈ. ਕਿੱਟਾਂ ਦਾ ਆਰਡਰ ਦੇ ਦਿੱਤਾ ਗਿਆ ਹੈ, ਜਿਨ੍ਹਾਂ ਵਿੱਚੋਂ 26,500 ਮਿਲ ਗਈਆਂ ਹਨ ਅਤੇ 30,000 ਹੋਰ ਦੀ ਹੁਣ ਜਾਂ ਅਗਲੇ ਹਫ਼ਤੇ ਆਉਣ ਦੀ ਸੰਭਾਵਨਾ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮਾਸਕ ਤੇ ਦਸਤਾਨਿਆਂ ਦਾ ਸਟਾਕ ਪਿਆ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਰਕਾਰ ਦੀ ਤਰਜੀਹ ਜ਼ਿੰਦਗੀਆਂ ਬਚਾਉਣਾ ਹੈ। ਕੈਪਟਨ ਨੇ ਸਿਹਤ ਵਿਭਾਗ ਨੂੰ ਸੂਬੇ ਦੇ ਸਾਰੇ ਸੀਮਤ ਕੀਤੇ 24 ਜ਼ੋਨਾਂ ਵਿੱਚ ਰੈਪਿਡ ਟੈਸਟਿੰਗ ਦੀ ਮੁਹਿੰਮ ਵਿੱਢਣ ਲਈ ਕਿਹਾ। ਵਧੀਕ ਮੁੱਖ ਸਕੱਤਰ ਨੇ ਦੱਸਿਆ ਕਿ ਲੰਘੇ ਦਿਨੀਂ 1000 ਕਿੱਟਾਂ ਨਾਲ 527 ਰੈਪਿਡ ਟੈਸਟ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 7 ਪਾਜ਼ੇਟਿਵ ਪਾਏ ਗਏ।

ਉਨ੍ਹਾਂ ਦੱਸਿਆ ਕਿ ਇਹ ਟੈਸਟ ਜਲੰਧਰ ਅਤੇ ਐੱਸ.ਏ.ਐੱਸ. ਨਗਰ ਵਿੱਚ ਕੀਤੇ ਜਾ ਰਹੇ ਹਨ। ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਲਈ ਇਨ੍ਹਾਂ ਨੂੰ ਆਰ.ਟੀ.-ਪੀ.ਸੀ.ਆਰ. ਟੈਸਟਿੰਗ ਲਈ ਭੇਜਿਆ ਜਾ ਰਿਹਾ ਹੈ, ਜਿਨ੍ਹਾਂ ਵਿੱਚੋਂ ਮੁਹਾਲੀ ਤੋਂ ਇਕ ਕੇਸ ਟੈਸਟ ਨੈਗੇਟਿਵ ਆਇਆ ਹੈ ਜਦਕਿ ਬਾਕੀਆਂ ਦੀ ਉਡੀਕ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਕੋਲ 1900 ਆਕਸੀਜ਼ਨ ਸਿਲੰਡਰ ਮੌਜੂਦ ਹਨ ਜਦਕਿ 1200 ਹੋਰ ਦਾ ਵੱਖ-ਵੱਖ ਏਜੰਸੀਆਂ ਕੋਲੋਂ ਪ੍ਰਬੰਧ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ 2000 ਹੋਰ ਸਿਲੰਡਰਾਂ ਨੂੰ ਖ਼ਰੀਦਣ ਦੀ ਤਜਵੀਜ਼ ਹੈ। ਇਸ ਲਈ ਕੌਮੀ ਸਿਹਤ ਮਿਸ਼ਨ ਨੂੰ ਤਜਵੀਜ਼ ਭੇਜ ਦਿੱਤੀ ਗਈ ਹੈ। ਸਿਹਤ ਸਕੱਤਰ ਅਨੁਰਾਗ ਅਗਰਵਾਲ ਨੇ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਵੈਂਟੀਲੇਟਰਾਂ ਦੀ ਗਿਣਤੀ 102 ਤੋਂ ਵਧਾ ਕੇ 220 ਕਰ ਦਿੱਤੀ ਗਈ ਹੈ।

ਟੈਸਟਿੰਗ ਸਮਰੱਥਾ ’ਚ ਵਾਧਾ ਕਰਨ ਲਈ ਕਈ ਪੱਖਾਂ ਤੋਂ ਕੋਸ਼ਿਸ਼ਾਂ: ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਕਿਹਾ ਕਿ ਸੂਬੇ ਨੂੰ ਤਾਲਾਬੰਦੀ ਤੋਂ ਬਾਹਰ ਕੱਢਣ ਲਈ ਰਣਨੀਤੀ ਤਿਆਰ ਕਰਨ ਵਾਸਤੇ ਬਣਾਈ ਗਈ 20 ਮੈਂਬਰੀ ਮਾਹਿਰਾਂ ਦੀ ਕਮੇਟੀ ਨੇ ਦੋ ਮੀਟਿੰਗਾਂ ਕੀਤੀਆਂ ਹਨ। ਕਮੇਟੀ ਇੱਕ ਹਫ਼ਤੇ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ।

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਆਮ ਓ.ਪੀ.ਡੀ. ਨੇ ਬਹੁਤੇ ਹਸਪਤਾਲਾਂ ਵਿੱਚ ਕੋਵਿਡ ਦੇ ਮਰੀਜ਼ਾਂ ਦੀ ਦੇਖਭਾਲ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫਰੀਦਕੋਟ ਦੇ ਉਪ ਕੁਲਪਤੀ ਡਾ. ਰਾਜ ਬਹਾਦਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਸੋਮਵਾਰ ਤੱਕ ਸੂਬੇ ਦੀ ਟੈਸਟਿੰਗ ਸਮਰੱਥਾ ਨੂੰ ਹੋਰ ਵਧਾਉਣ ਲਈ ਇੱਕ ਹੋਰ ਲੈਬ ਫਰੀਦਕੋਟ ਵਿੱਚ ਜਾਂਚ ਸ਼ੁਰੂ ਕਰੇਗੀ।

ਪੀ.ਜੀ.ਆਈ. ਚੰਡੀਗੜ੍ਹ 40 ਦੀ ਬਜਾਏ ਪੰਜਾਬ ਤੋਂ ਰੋਜ਼ਾਨਾ 60 ਨਮੂਨੇ ਲੈਣ ਲਈ ਸਹਿਮਤ ਹੋ ਗਿਆ ਹੈ। ਪੂਲ ਟੈਸਟਿੰਗ ਦੀ ਰਣਨੀਤੀ ਵੀ ਤਿਆਰ ਕੀਤੀ ਗਈ ਹੈ।

Previous articleUS dollar falls as risk appetite increases
Next articleਅਰਥਚਾਰੇ ਨੂੰ ਹੁਲਾਰਾ ਦੇਣ ਲਈ ਆਰਬੀਆਈ ਨੇ ਚੁੱਕੇ ਕਦਮ