ਮੁਲਤਾਨੀ ਅਗਵਾ ਕੇਸ: ਸੈਸ਼ਨ ਜੱਜ ਛੁੱਟੀ ’ਤੇ; ਸੁਣਵਾਈ 24 ਤੱਕ ਟਲੀ

ਐੱਸਏਐੱਸ ਨਗਰ (ਮੁਹਾਲੀ) (ਸਮਾਜਵੀਕਲੀ) : ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਹੋਰ ਸੇਵਾਮੁਕਤ ਪੁਲੀਸ ਅਫ਼ਸਰਾਂ ਖ਼ਿਲਾਫ਼ ਦਰਜ ਅਪਰਾਧਿਕ ਮਾਮਲੇ ਦੀ ਸੁਣਵਾਈ 24 ਜੁਲਾਈ ਤੱਕ ਅੱਗੇ ਟਲ ਗਈ ਹੈ।

ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐੱਸ ਰਾਏ ਅੱਜ ਛੁੱਟੀ ’ਤੇ ਸਨ, ਜਿਸ ਕਾਰਨ ਅੱਗੇ ਤਰੀਕ ਪੈ ਗਈ। ਪੰਜਾਬ ਸਰਕਾਰ ਵੱਲੋਂ ਸੈਣੀ ਕੇਸ ਦੀ ਪੈਰਵੀ ਲਈ ਨਿਯੁਕਤ ਵਿਸ਼ੇਸ਼ ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ, ਜ਼ਿਲ੍ਹਾ ਅਟਾਰਨੀ ਸੰਜੀਵ ਬੱਤਰਾ, ਉਪ ਜ਼ਿਲ੍ਹਾ ਅਟਾਰਨੀ ਮਨਜੀਤ ਸਿੰਘ ਅਤੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਕੁਝ ਦਿਨ ਪਹਿਲਾਂ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਸੈਣੀ ਖ਼ਿਲਾਫ਼ ਦਰਜ ਕੇਸ ਨਾਲ ਸਬੰਧਤ ਸਾਰੇ ਮਾਮਲੇ ਇੱਕੋ ਅਦਾਲਤ ਵਿੱਚ ਤਬਦੀਲ ਕੀਤੇ ਜਾਣ ਦੀ ਮੰਗ ਕੀਤੀ ਸੀ।

ਜਿਸ ਕਾਰਨ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਨਿਕਾ ਗੋਇਲ ਨੇ ਇਹ ਕੇਸ ਜ਼ਿਲ੍ਹਾ ਤੇ ਸੈਸ਼ਨ ਜੱਜ ਕੋਲ ਭੇਜ ਦਿੱਤਾ ਸੀ। ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਅਤੇ ਪੀੜਤ ਪਰਿਵਾਰ ਦੀ ਅਪੀਲ ’ਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਸੈਣੀ ਮਾਮਲੇ ਦੀ ਸੁਣਵਾਈ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਵਿੱਚ ਤਬਦੀਲ ਕਰ ਦਿੱਤੀ ਸੀ।

ਉਧਰ, ਸਾਬਕਾ ਡੀਜੀਪੀ ਸੁਮੇਧ ਸੈਣੀ ਮਾਮਲੇ ਵਿੱਚ ਨਾਮਜ਼ਦ ਯੂਟੀ ਪੁਲੀਸ ਦੇ ਦੋ ਸੇਵਾਮੁਕਤ ਇੰਸਪੈਕਟਰਾਂ ਅਨੋਖ ਸਿੰਘ ਅਤੇ ਜਗੀਰ ਸਿੰਘ ਨੂੰ ਪੱਕੀ ਜ਼ਮਾਨਤ ਦੇਣ ਦੀ ਸੁਣਵਾਈ ਵੀ 24 ਜੁਲਾਈ ਤੱਕ ਟਲ ਗਈ ਹੈ। ਇਹ ਦੋਵੇਂ ਸਾਬਕਾ ਅਧਿਕਾਰੀ ਚੰਡੀਗੜ੍ਹ ਵਿੱਚ ਸੈਣੀ ਨਾਲ ਤਾਇਨਾਤ ਰਹੇ ਹਨ। ਮੁਲਜ਼ਮਾਂ ਨੇ ਆਪਣੇ ਵਕੀਲ ਰਾਹੀਂ ਸਾਂਝੀ ਅਰਜ਼ੀ ਦਾਇਰ ਕਰਕੇ ਪੱਕੀ ਜ਼ਮਾਨਤ ਦੇਣ ਦੀ ਗੁਹਾਰ ਲਗਾਈ ਗਈ ਹੈ।

Previous articleਅਮਰਨਾਥ ਯਾਤਰਾ ਰੱਦ
Next articleਰਾਜਸਥਾਨ: ਹਾਈ ਕੋਰਟ ਵੱਲੋਂ ਬਾਗ਼ੀਆਂ ਦੀ ਪਟੀਸ਼ਨ ’ਤੇ ਫ਼ੈਸਲਾ ਸ਼ੁੱਕਰਵਾਰ ਨੂੰ