ਮੁਲਤਾਨੀ ਕੇਸ: ਸੁਪਰੀਮ ਕੋਰਟ ਵੱਲੋਂ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ’ਤੇ ਆਰਜ਼ੀ ਰੋਕ

ਐਸ.ਏ.ਐਸ. ਨਗਰ (ਮੁਹਾਲੀ) (ਸਮਾਜ ਵੀਕਲੀ) : ਦੇਸ਼ ਦੀ ਸਰਵਉੱਚ ਅਦਾਲਤ ਨੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤ-ਭਰੀ ਹਾਲਤ ਵਿਚ ਲਾਪਤਾ ਕਰਨ ਦੇ ਮਾਮਲੇ ਵਿਚ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਰਾਹਤ ਦਿੰਦਿਆਂ ਉਸ ਦੀ ਗ੍ਰਿਫ਼ਤਾਰੀ ’ਤੇ ਫ਼ਿਲਹਾਲ ਆਰਜ਼ੀ ਰੋਕ ਲਗਾ ਦਿੱਤੀ ਹੈ। ਸੈਣੀ ਨੂੰ ਵੀ ਪੁਲੀਸ ਜਾਂਚ ਵਿਚ ਸਹਿਯੋਗ ਦੇਣ ਦੇ ਆਦੇਸ਼ ਦਿੱਤੇ ਗਏ ਹਨ।

ਸੂਬਾ ਸਰਕਾਰ ਨੂੰ ਤਿੰਨ ਹਫ਼ਤਿਆਂ ਅੰਦਰ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ। ਸਰਕਾਰੀ ਵਕੀਲ ਅਨੁਸਾਰ ਸਰਕਾਰ ਦੀ ਲਿਖਤੀ ਸਟੇਟਮੈਂਟ ਮਗਰੋਂ ਚੌਥੇ ਹਫ਼ਤੇ ਬਚਾਅ ਪੱਖ ਆਪਣਾ ਜਵਾਬ ਦੇਵੇਗਾ। ਸੁਪਰੀਮ ਕੋਰਟ ਵਿਚ ਅਗਲੀ ਸੁਣਵਾਈ 27 ਅਕਤੂਬਰ ਨੂੰ ਹੋਵੇਗੀ।

ਸੁਪਰੀਮ ਕੋਰਟ ਦੇ ਜੱਜ ਜਸਟਿਸ ਅਸ਼ੋਕ ਭੂਸ਼ਣ, ਜਸਟਿਸ ਆਰ ਸੁਭਾਸ਼ ਰੈੱਡੀ ਅਤੇ ਜਸਟਿਸ ਐਮ.ਆਰ. ਸ਼ਾਹ ’ਤੇ ਆਧਾਰਿਤ ਵਿਸ਼ੇਸ਼ ਬੈਂਚ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਕੀਤੀ। ਸੈਣੀ ਨੇ ਹਾਈ ਕੋਰਟ ਦੇ ਉਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਸੀ, ਜਿਸ ਰਾਹੀਂ ਬੀਤੀ 7 ਸਤੰਬਰ ਨੂੰ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਸਾਬਕਾ ਡੀਜੀਪੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮੁੱਢੋਂ ਰੱਦ ਕਰ ਦਿੱਤੀ ਸੀ।

Previous articleNew policies for rocket, launch vehicle, space exploration on anvil
Next articleਪਾਵਨ ਸਰੂਪ ਮਾਮਲਾ: ਨਿਹੰਗਾਂ ਤੇ ਸ਼੍ਰੋਮਣੀ ਕਮੇਟੀ ਟਾਸਕ ਫੋਰਸ ਵਿਚਾਲੇ ਝੜਪ