ਮੁਲਤਾਨੀ ਕੇਸ: ਸੈਕਟਰ-17 ਥਾਣੇ ਦੇ ਤਤਕਾਲੀ ਐੱਸਐੱਚਓ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

ਐਸ.ਏ.ਐਸ. ਨਗਰ (ਮੁਹਾਲੀ) (ਸਮਾਜ ਵੀਕਲੀ) : ਮੁਹਾਲੀ ਦੇ ਵਸਨੀਕ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤ-ਭਰੀ ਹਾਲਤ ’ਚ ਲਾਪਤਾ ਕਰਨ ਦੇ ਮਾਮਲੇ ਵਿੱਚ ਮੁਹਾਲੀ ਅਦਾਲਤ ਨੇ ਅੱਜ ਚੰਡੀਗੜ੍ਹ ਦੇ ਸੈਕਟਰ-17 ਥਾਣਾ ਦੇ ਤਤਕਾਲੀ ਐੱਸਐੱਚਓ ਕੇ.ਆਈ.ਪੀ. ਸਿੰਘ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਪੀੜਤ ਪਰਿਵਾਰ ਸ਼ੁਰੂ ਤੋਂ ਹੀ ਮੰਗ ਕਰਦਾ ਆ ਰਿਹਾ ਸੀ ਕਿ ਜਿਸ ਥਾਣੇ ਵਿੱਚ ਮੁਲਤਾਨੀ ਨੂੰ ਨਾਜਾਇਜ਼ ਹਿਰਾਸਤ ਵਿੱਚ ਰੱਖ ਕੇ ਤਸ਼ੱਦਦ ਢਾਹਿਆ ਗਿਆ, ਉਥੋਂ ਦੇ ਤਤਕਾਲੀ ਐੱਸਐੱਚਓ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

ਉੱਧਰ, ਉਕਤ ਮਾਮਲੇ ਵਿੱਚ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਮੁਹਾਲੀ ਦੇ ਮਟੌਰ ਥਾਣੇ ਵਿੱਚ 302, 364 ਸਮੇਤ ਹੋਰਨਾਂ ਸਖ਼ਤ ਧਰਾਵਾਂ ਤਹਿਤ ਦਰਜ ਕੇਸ ਤਹਿਤ ਜਾਰੀ ਗ੍ਰਿਫ਼ਤਾਰੀ ਵਾਰੰਟ ਵਾਪਸ ਲੈਣ ਦੇ ਮਾਮਲੇ ਦੀ ਸੁਣਵਾਈ ਅੱਗੇ ਟਲ ਗਈ ਹੈ। ਸੈਣੀ ਨੇ ਆਪਣੇ ਵਕੀਲ ਰਾਹੀਂ ਮੁਹਾਲੀ ਅਦਾਲਤ ’ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ਜਦੋਂ ਸੁਪਰੀਮ ਕੋਰਟ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾਈ ਗਈ ਹੈ ਤਾਂ ਉਨ੍ਹਾਂ ਖ਼ਿਲਾਫ਼ ਕੁਝ ਦਿਨ ਪਹਿਲਾਂ ਜਾਰੀ ਹੋਏ ਗ੍ਰਿਫ਼ਤਾਰੀ ਵਾਰੰਟ ਵਾਪਸ ਲਏ ਜਾਣ।

ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਮੰਗ ਕੀਤੀ ਸੀ ਕਿ 29 ਸਾਲ ਪਹਿਲਾਂ 11 ਦਸੰਬਰ 1991 ਨੂੰ ਸਾਬਕਾ ਸਿਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ ਇੱਥੋਂ ਦੇ ਫੇਜ਼-7 ਸਥਿਤ ਘਰੋਂ ਚੁੱਕ ਕੇ ਸੈਕਟਰ-17 ਦੇ ਥਾਣੇ ਵਿੱਚ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਗਿਆ। ਜਿੱਥੇ ਉਸ ’ਤੇ ਕੀਤੇ ਤਸ਼ੱਦਦ ਕਾਰਨ ਉਸ ਦੀ ਮੌਤ ਹੋ ਗਈ। ਪਰ ਸਬੰਧਤ ਥਾਣੇ ਦੇ ਤਤਕਾਲੀ ਐੱਸਐੱਚਓ ਖ਼ਿਲਾਫ਼ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਜਦੋਂ ਸਾਬਕਾ ਡੀਜੀਪੀ ਖ਼ਿਲਾਫ਼ ਧਾਰਾ 302 ਦੇ ਜੁਰਮ ਦਾ ਵਾਧਾ ਕਰਨ ਸਮੇਂ ਪੀੜਤ ਪਰਿਵਾਰ ਦੀ ਸ਼ਿਕਾਇਤ ’ਤੇ ਤਤਕਾਲੀ ਥਾਣਾ ਮੁਖੀ ਨੂੰ ਵੀ ਨਾਮਜ਼ਦ ਕੀਤਾ ਗਿਆ ਪਰ ਉਹ ਹੁਣ ਤੱਕ ਕਾਨੂੰਨੀ ਕਾਰਵਾਈ ਤੋਂ ਬਚਦਾ ਆ ਰਿਹਾ ਸੀ।

Previous articleRouhani meets Abdullah, pledges support for Afghan peace
Next articleਨਗਰ ਕੀਰਤਨ ਬਾਰੇ ਜ਼ਮੀਨੀ ਹਕੀਕਤਾਂ ਦੇ ਆਧਾਰ ’ਤੇ ਲਿਆ ਜਾਵੇ ਫ਼ੈਸਲਾ: ਸੁਪਰੀਮ ਕੋਰਟ