ਮੁਲਤਾਨੀ ਕੇਸ: ਹਾਈਕੋਰਟ ਤੋਂ ਨਾ ਮਿਲੀ ਸੈਣੀ ਨੂੰ ਰਾਹਤ

ਐਸ.ਏ.ਐਸ. ਨਗਰ (ਮੁਹਾਲੀ) (ਸਮਾਜ ਵੀਕਲੀ) : ਮੁਹਾਲੀ ਦੇ ਵਸਨੀਕ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤ-ਭਰੀ ਹਾਲਤ ਵਿਚ ਲਾਪਤਾ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੈਣੀ ਦੀ ਅਗਾਊਂ ਜ਼ਮਾਨਤ ਅਤੇ ਮੁਹਾਲੀ ਦੇ ਮਟੌਰ ਥਾਣੇ ਵਿਚ ਦਰਜ ਅਪਰਾਧਕ ਕੇਸ ਦੀ ਜਾਂਚ ਸੀਬੀਆਈ ਜਾਂ ਪੰਜਾਬ ਤੋਂ ਬਾਹਰ ਕਿਸੇ ਹੋਰ ਏਜੰਸੀ ਤੋਂ ਕਰਵਾਉਣ ਦੀ ਮੰਗ ਨੂੰ ਖਾਰਜ ਕਰਦਿਆਂ ਦੋਵੇਂ ਅਰਜ਼ੀਆਂ ਮੁੱਢੋਂ ਰੱਦ ਕਰ ਦਿੱਤੀਆਂ ਹਨ।

ਜ਼ਮਾਨਤ ਰੱਦ ਹੋਣ ਮਗਰੋਂ ਪੁਲੀਸ ਨੇ ਸੈਣੀ ਦੀ ਭਾਲ ਤੇਜ਼ ਕਰ ਦਿੱਤੀ ਹੈ ਤੇ ਕਿਸੇ ਵੀ ਸਮੇਂ ਉਸ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ। ਸੈਣੀ ਨੇ ਪਿਛਲੇ ਦਿਨੀਂ ਧਾਰਾ 302 ਵਿਚ ਅਗਾਊਂ ਜ਼ਮਾਨਤ ਲੈਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ ਸੀ। ਜਸਟਿਸ ਫਤਹਿਦੀਪ ਸਿੰਘ ਦੇ ਸਿੰਗਲ ਬੈਂਚ ਨੇ ਅੱਜ ਸੈਣੀ ਦੀ ਜ਼ਮਾਨਤ ਅਰਜ਼ੀ ਅਤੇ ਪੰਜਾਬ ਪੁਲੀਸ ਤੋਂ ਜਾਂਚ ਵਾਪਸ ਲੈਣ ਲਈ ਦਾਇਰ ਅਰਜ਼ੀ ਨੂੰ ਰੱਦ ਕਰਨ ਦਾ ਫ਼ੈਸਲਾ ਸੁਣਾਇਆ।

ਸੈਣੀ ਨੇ ਆਪਣੀ ਪਟੀਸ਼ਨ ਵਿਚ ਦਲੀਲ ਦਿੱਤੀ ਸੀ ਕਿ ਇਹ ਮਾਮਲਾ 29 ਸਾਲ ਪੁਰਾਣਾ ਹੈ ਅਤੇ ਹੁਣ ਉਸ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਅਤੇ ਬਦਨਾਮ ਕੀਤਾ ਜਾ ਰਿਹਾ ਹੈ। ਉਸ ਖ਼ਿਲਾਫ਼ ਦਰਜ ਕੇਸ ਸਿਆਸਤ ਤੋਂ ਪ੍ਰੇਰਿਤ ਹੈ। ਉਧਰ, ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ ਅਤੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਸੈਣੀ ਖ਼ਿਲਾਫ਼ ਗੰਭੀਰ ਦੋਸ਼ ਹਨ। ਲਿਹਾਜ਼ਾ ਕਿਸੇ ਵੀ ਸੂਰਤ ਵਿਚ ਉਸ ਨੂੰ ਜ਼ਮਾਨਤ ਨਾ ਦਿੱਤੀ ਜਾਵੇ। ਸ੍ਰੀ ਨਰੂਲਾ ਨੇ ਕਿਹਾ ਕਿ ਸੈਣੀ ਨੂੰ ਹਿਰਾਸਤ ਵਿਚ ਲੈ ਕੇ ਪੁੱਛ-ਪੜਤਾਲ ਕਰਨੀ ਬਣਦੀ ਹੈ ਕਿਉਂਕਿ ਕੇਸ ਦਰਜ ਹੋਣ ਮਗਰੋਂ ਉਸ ਨੇ ਪੁਲੀਸ ਨੂੰ ਜਾਂਚ ਵਿਚ ਕੋਈ ਸਹਿਯੋਗ ਨਹੀਂ ਦਿੱਤਾ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਨੌਜਵਾਨ ਦੀ ਪੁਲੀਸ ਹਿਰਾਸਤ ਵਿਚ ਮੌਤ ਹੋਣ ਸਬੰਧੀ ਸਰਕਾਰ ਕੋਲ ਪੁਖ਼ਤਾ ਸਬੂਤ ਹਨ।

Previous articleਭਾਰਤੀ ਚੌਕੀ ਘੇਰਨ ਆਏ ਚੀਨੀ ਸੈਨਿਕ ਖਦੇੜੇ
Next articleਅਰੁਣਾਚਲ ਤੋਂ ਲਾਪਤਾ ਪੰਜ ਨੌਜਵਾਨ ਲੱਭੇ