ਲਾਂਘਾ ਖੁੱਲ੍ਹਣ ਮੌਕੇ ਸਰਬ ਪਾਰਟੀ ਵਫ਼ਦ ਦੀ ਅਗਵਾਈ ਕਰਨਗੇ ਕੈਪਟਨ

ਕੌਮਾਂਤਰੀ ਸਰਹੱਦ ਪਾਰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 9 ਨਵੰਬਰ ਨੂੰ ਲਾਂਘਾ ਖੁੱਲ੍ਹਣ ਵਾਲੇ ਦਿਨ ਸਰਬ ਪਾਰਟੀ ਵਫ਼ਦ ਦੀ ਅਗਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਇਸ ਬਾਰੇ ਜਾਣਕਾਰੀ ਅੱਜ ਇੱਥੇ ਮੁੱਖ ਮੰਤਰੀ ਵੱਲੋਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਮੌਕੇ ਦਿੱਤੀ ਗਈ। ਇਸ ਵਫ਼ਦ ਵਿਚ ਮੁੱਖ ਮੰਤਰੀ ਦੇ ਨਾਲ ਪੰਜਾਬ ਦੇ ਸਾਰੇ 117 ਵਿਧਾਇਕ, ਸੂਬੇ ਦੇ ਸਾਰੇ ਲੋਕ ਸਭਾ ਤੇ ਰਾਜ ਸਭਾ ਮੈਂਬਰ, ਸ਼੍ਰੋਮਣੀ ਕਮੇਟੀ ਮੈਂਬਰ, ਸੰਤ ਸਮਾਜ ਦੇ ਨੁਮਾਇੰਦੇ ਅਤੇ ਸੂਬੇ ਦੀਆਂ ਸਾਰੀਆਂ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਡੇਰਾ ਬਾਬਾ ਨਾਨਕ ਤੋਂ ਲਾਂਘੇ ਵੱਲ, ਪੁਰਾਣੇ ਗੁਰਦੁਆਰਾ ਸਾਹਿਬ ਵੱਲ ਨੂੰ ਜਾਣ ਵਾਲੇ ਮਾਰਗ ਦਾ ਨਾਂ ਕੁਲਦੀਪ ਸਿੰਘ ਵਡਾਲਾ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਵਿੱਤ ਮੰਤਰੀ ਨੂੰ ਕਿਹਾ ਕਿ ਸਮਾਗਮਾਂ ਨਾਲ ਸਬੰਧਤ ਸਾਰੇ ਪ੍ਰਾਜੈਕਟਾਂ ਲਈ ਲੋੜੀਂਦੇ ਫੰਡ ਜਾਰੀ ਕੀਤੇ ਜਾਣ। ਵਿੱਤ ਕਮਿਸ਼ਨਰ (ਮਾਲ) ਨੂੰ ਭਲਕ ਤੱਕ ਬਜਟ ਨਿਸ਼ਚਿਤ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਮੁੱਖ ਸਕੱਤਰ ਨੂੰ ਵੀ ਹਦਾਇਤ ਕੀਤੀ ਕਿ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ ਤੇ ਬਟਾਲਾ ਵਿਚ ਹੋਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਨੂੰ ਅੰਤਿਮ ਰੂਪ ਦੇ ਕੇ ਪਹਿਲੀ ਅਕਤੂਬਰ ਤੋਂ ਪਹਿਲਾਂ ਜਨਤਕ ਕਰ ਦਿੱਤਾ ਜਾਵੇ। ਪ੍ਰਕਾਸ਼ ਪੁਰਬ ਸਮਾਗਮਾਂ ਬਾਰੇ ਆਡੀਓ-ਵਿਜ਼ੁਅਲ ਮੁਹਿੰਮ ਵਿੱਢਣ, ਸੂਚਨਾ ਹੈਂਡਬੁੱਕ ਤਿਆਰ ਕਰਨ ਬਾਰੇ ਵੀ ਕਿਹਾ ਗਿਆ ਹੈ। ਸਥਾਨਕ ਸਰਕਾਰਾਂ ਦੇ ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਭਾਰਤ ਸਰਕਾਰ ਵੱਲੋਂ ਡੇਰਾ ਬਾਬਾ ਨਾਨਕ ਲਈ 271 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਮੀਟਿੰਗ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਹੋਰ ਅਧਿਕਾਰੀ ਹਾਜ਼ਰ ਸਨ।

Previous articleਪਾਕਿਸਤਾਨ ’71 ਯਾਦ ਰੱਖੇ: ਰਾਜਨਾਥ ਸਿੰਘ
Next articleਜ਼ਿਮਨੀ ਚੋਣਾਂ: ‘ਆਪ’ ਨੇ ਚਾਰ ਨਵੇਂ ਚਿਹਰੇ ਚੋਣ ਮੈਦਾਨ ’ਚ ਉਤਾਰੇ