ਲਾਂਘੇ ਬਾਰੇ ਲੋਕਾਂ ਨੂੰ ਡਰਾਉਣਾ ਚਾਹੁੰਦੇ ਨੇ ਕੈਪਟਨ: ਸੁਖਬੀਰ

ਕੌਮਾਂਤਰੀ ਪੱਧਰ ’ਤੇ ਮਨਾਏ ਜਾ ਰਹੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਜਾਣ ਵਾਲੇ ਸਮਾਗਮ ਦੀ ਸ਼ੁਰੂਆਤ ਭੰਗੜੇ ਤੋਂ ਕਰਨ ’ਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਸਖ਼ਤ ਇਤਰਾਜ਼ ਜ਼ਾਹਿਰ ਕੀਤਾ ਹੈ।
ਬੁੱਧਵਾਰ ਨੂੰ ਫ਼ਿਰੋਜ਼ਪੁਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਖਿਆ ਕਿ ਇਸ ਸਮਾਗਮ ਦੀ ਸ਼ੁਰੂਆਤ ਗੁਰਬਾਣੀ ਕੀਰਤਨ ਤੋਂ ਹੋਣੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਇਹ ਕੋਈ ਸੱਭਿਆਚਾਰਕ ਪ੍ਰੋਗਰਾਮ ਨਹੀਂ ਹੋ ਰਿਹਾ, ਜਿਸ ਦੀ ਸ਼ੁਰੂਆਤ ਭੰਗੜੇ ਤੋਂ ਕੀਤੀ ਜਾਵੇ। ਉਨ੍ਹਾਂ ਇਹ ਵੀ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਨੂੰ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐਸਆਈ ਦੀ ਸਾਜ਼ਿਸ਼ ਹੋਣ ਦੀ ਗੱਲ ਕਰ ਰਹੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਜਿਹਾ ਬਿਆਨ ਦੇ ਕੇ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਆਪਣੀ ਮਨਸ਼ਾ ਸਾਫ਼ ਕਰਨ ਦੀ ਸਲਾਹ ਦਿੱਤੀ ਹੈ। ਸੁਖਬੀਰ ਬਾਦਲ ਨੇ ਕਰਤਾਰਪੁਰ ਲਾਂਘਾ ਖੁੱਲ੍ਹਣ ਦਾ ਸਿਹਰਾ ਕਿਸੇ ਨੂੰ ਨਾ ਦਿੰਦਿਆਂ ਇਸ ਨੂੰ ਅਕਾਲ ਪੁਰਖ਼ ਦੀ ਕਿਰਪਾ ਦੱਸਿਆ ਹੈ। ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਦੇ ਨਿਵਾਸ ਤੇ ਸੁਖਬੀਰ ਬਾਦਲ ਨੇ ਆਪਣੇ ਵਰਕਰਾਂ ਨੂੰ ਵੀ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਆਪਣੇ ਵਰਕਰਾਂ ਨੂੰ ਕੈਪਟਨ ਸਰਕਾਰ ਦੀਆਂ ਗਲਤ ਨੀਤੀਆਂ ਦਾ ਡਟ ਕੇ ਮੁਕਾਬਲਾ ਕਰਨ ਲਈ ਲਾਮਬੰਦ ਹੋਣ ਦਾ ਸੱਦਾ ਦਿੱਤਾ। ਕੈਪਟਨ ਸਰਾਕਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸੁਖਬੀਰ ਬਾਦਲ ਨੇ ਆਖਿਆ ਕਿ ਸੱਤਾ ਸੰਭਾਲਣ ਤੋਂ ਬਾਅਦ ਕੈਪਟਨ ਸਰਕਾਰ ਨੇ ਨਵੇਂ ਵਿਕਾਸ ਕਾਰਜਾਂ ਨੂੰ ਸ਼ੁਰੂ ਕਰਵਾਉਣ ਦੀ ਬਜਾਏ ਪਹਿਲਾਂ ਤੋਂ ਚੱਲ ਰਹੇ ਕੰਮ ਵੀ ਬੰਦ ਕਰਵਾ ਦਿੱਤੇ ਹਨ। ਸੁਖਬੀਰ ਬਾਦਲ ਨੇ ਆਪਣੇ ਅਖ਼ਤਿਆਰੀ ਕੋਟੇ ਦੇ ਫ਼ੰਡ ਵਿਚੋਂ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਦੇ ਵਿਕਾਸ ਕਰਵਾਉਣ ਦੀ ਗੱਲ ਆਖੀ। ਸੁਖਬੀਰ ਬਾਦਲ ਨੇ ਕਿਹਾ ਕਿ ਫ਼ਿਰੋਜ਼ਪੁਰ ਤੋਂ ਹਰਦੁਆਰ ਵਾਸਤੇ ਨਵੀਂ ਰੇਲ ਚਲਾਉਣ ਦੀ ਮੰਗ ਨੂੰ ਛੇਤੀ ਪੂਰਾ ਕਰਵਾਉਣ ਵਾਸਤੇ ਉਹ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਅੱਜ ਇਥੇ ਛਾਉਣੀ ਸਥਿਤ ਸਰਕਾਰੀ ਸਹਾਇਤਾ ਪ੍ਰਾਪਤ ਮਨੋਹਰ ਲਾਲ ਸਕੂਲ ਦੀ ਸੌਵੀਂ ਵਰ੍ਹੇਗੰਢ ਪੂਰੀ ਹੋਣ ਦੇ ਮੌਕੇ ’ਤੇ ਸਮਾਗਮ ਵਿਚ ਸ਼ਿਰਕਤ ਕੀਤੀ। ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੱਤਵੀਂ ਜਮਾਤ ਤੋਂ ਲੈ ਕੇ ਦਸਵੀਂ ਤੱਕ ਇਸ ਸਕੂਲ ਵਿਚ ਪੜ੍ਹ ਚੁੱਕੇ ਹਨ। ਸੁਖਬੀਰ ਬਾਦਲ ਨੇ ਇਸ ਮੌਕੇ ਸਕੂਲ ਨੂੰ ਗਿਆਰਾਂ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।

Previous articleਸਿੱਖ ਕਤਲੇਆਮ: ਸੱਜਣ ਕੁਮਾਰ ਦੀ ਸਿਹਤ ਸਬੰਧੀ ਅਰਜ਼ੀ ਸੁਪਰੀਮ ਕੋਰਟ ਵੱਲੋਂ ਸਵੀਕਾਰ
Next articleIndian-American 1st Muslim woman in Virginia Senate