’ਵਰਸਿਟੀ ਵੱਲੋਂ ਸੈਂਟਰ ਫਾਰ ਇੰਟਰਫੇਥ ਸਟੱਡੀਜ਼ ਸਥਾਪਤ ਕਰਨ ਦੀ ਤਿਆਰੀ

ਮੀਟਿੰਗ ਵਿਚ ਹਿੱਸਾ ਲੈਂਦੇ ਹੋਏ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਤੇ ਹੋਰ ਮੈਂਬਰ।

ਅੰਮ੍ਰਿਤਸਰ (ਸਮਾਜਵੀਕਲੀ) :  ਗੁਰੂ ਨਾਨਕ ਦੇਵ ’ਵਰਸਿਟੀ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਂਟਰ ਫਾਰ ਇੰਟਰਫੇਥ ਸਟੱਡੀਜ਼ ਦੀ ਸਥਾਪਨਾ ਲਈ ਤਿਆਰੀ ਕਰ ਲਈ ਹੈ ਅਤੇ ਇਸ ਸਬੰਧ ਵਿਚ ਰੂਪ ਰੇਖਾ ਨੂੰ ਅੰਤਿਮ ਛੋਹਾਂ ਦੇਣ ਲਈ ਮੁੱਖ ਮੰਤਰੀ ਨਾਲ ਆਨਲਾਈਨ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਅੱਜ ਯੂਨੀਵਰਸਿਟੀ ਵਿਚ ਸਿੰਡੀਕੇਟ ਦੀ ਮੀਟਿੰਗ ਦੌਰਾਨ ਪਹਿਲੀ ਜੁਲਾਈ ਤੋਂ ਸ਼ੁਰੂ ਹੋਣ ਵਾਲੀਆਂ ਆਖਰੀ ਸਮੈਸਟਰ ਦੀਆਂ ਪ੍ਰੀਖਿਆਵਾਂ ਦਾ ਫੈਸਲਾ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ’ਤੇ ਛੱਡ ਦਿੱਤਾ ਗਿਆ ਹੈ।

ਸਿੰਡੀਕੇਟ ਦੀ ਮੀਟਿੰਗ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ.ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ। ਮੀਟਿੰਗ ਮਗਰੋਂ ਵੇਰਵੇ ਜਾਰੀ ਕਰਦਿਆਂ ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੈਂਟਰ ਫਾਰ ਇੰਟਰਫੇਥ ਸਟੱਡੀਜ਼ 432 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਣਾ ਹੈ।

ਇਸ ਸਬੰਧ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਆਨਲਾਈਨ ਮੀਟਿੰਗ ਹੋਣ ਜਾ ਰਹੀ ਹੈ ਜਿਸ ਵਿਚ ਸੈਂਟਰ ਦੇ ਡਿਜ਼ਾਈਨ ਅਤੇ ਹੋਰ ਪਹਿਲੂਆਂ ਬਾਰੇ ਚਰਚਾ ਹੋਵੇਗੀ। ਸਿੰਡੀਕੇਟ ਦੀ ਮੀਟਿੰਗ ਵਿਚ ਇਸ ਸੈਂਟਰ ਦੇ ਸਿੱਖਿਆ, ਖੋਜ ਅਤੇ ਪ੍ਰਬੰਧਕੀ ਢਾਂਚੇ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਦੀ ਪ੍ਰਵਾਨਗੀ ਲਈ ਭੇਜ ਦਿੱਤਾ ਗਿਆ ਹੈ।

ਇਸ ਮੌਕੇ 13 ਪੀਐਚ ਡੀ ਥੀਸਿਜ਼ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਮੀਟਿੰਗ ਵਿਚ ਪਹਿਲੀ ਜੁਲਾਈ ਤੋਂ ਵੱਖ ਵੱਖ ਕੋਰਸਾਂ ਦੇ ਫਾਈਨਲ ਸਮੈਸਟਰਾਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਸਬੰਧੀ ਜਾਣਕਾਰੀ ਦਿੰਦਿਆਂ ਉਪ ਕੁਲਪਤੀ ਨੇ ਦੱਸਿਆ ਕਿ ਇਹ ਮਾਮਲਾ ਯੂਜੀਸੀ ’ਤੇ ਛੱਡ ਦਿੱਤਾ ਗਿਆ ਹੈ ਅਤੇ ਯੂਜੀਸੀ ਇਸ ਫੈਸਲੇ ’ਤੇ ਮੁੜ ਵਿਚਾਰ ਕਰ ਰਹੀ ਹੈ।

ਪ੍ਰੀਖਿਆਵਾ ਸਬੰਧੀ ਜੋ ਨਵੀਆਂ ਹਦਾਇਤਾਂ ਪ੍ਰਾਪਤ ਹੋਣਗੀਆਂ ਉਸ ਆਧਾਰ ’ਤੇ ਅਗਲਾ ਫੈਸਲਾ ਲਿਆ ਜਾਵੇਗਾ। ਨਵੀਆਂ ਕਲਾਸਾਂ ਦੇ ਦਾਖਲਿਆਂ ਬਾਰੇ ਫਿਲਹਾਲ ਰਜਿਸਟਰੇਸ਼ਨ ਜਾਰੀ ਹੈ ਜਦੋਂ ਨਤੀਜੇ ਆ ਜਾਣਗੇ ਤਾਂ ਨਵੇਂ ਦਾਖਲਿਆਂ ਦੇ ਫਾਰਮ ਭਰਵਾਏ ਜਾਣਗੇ। ਅੱਜ ਦੀ ਮੀਟਿੰਗ ਵਿਚ ਹੋਸਟਲਾਂ ਦੇ ਵਿਦਿਆਰਥੀਆਂ ਦੇ ਘੱਟ ਤੋਂ ਘੱਟ ਖਰਚੇ ਮੁਆਫ਼ ਕਰਨ ਦੀ ਪ੍ਰਵਾਨਗੀ ਦਿੱਤੀ ਗਈ।

Previous articleਕਾਂਗਰਸ ਰਾਜ ’ਚ ਮਾਫ਼ੀਆ ਅਕਾਲੀਆਂ ਤੋਂ ਵੀ ਵੱਧ ਸਰਗਰਮ: ਦੂਲੋ
Next articleਬਠਿੰਡਾ ਦਾ ਨੌਜਵਾਨ ਬਰਤਾਨਵੀ ਫੌਜ ਵੱਲੋਂ ਨਾਟੋ ਦਸਤੇ ’ਚ ਸ਼ਾਮਲ